ਕਿਸਾਨ ਆਗੂਆਂ ਨੇ ਅੱਜ ਚੰਡੀਗੜ੍ਹ ਵਿੱਚ ਸੱਦੀ ਮੀਟਿੰਗ

0
146

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਵੱਲੋਂ ਸ਼ੰਭੂ ਬਾਰਡਰ ਖੋਲ੍ਹਣ ਲਈ ਦਿੱਤੇ ਗਏ ਹਫ਼ਤੇ ਦਾ ਅੱਜ ਆਖਰੀ ਦਿਨ ਹੈ। ਇਸ ਤੋਂ ਪਹਿਲਾਂ ਪਿਛਲੇ ਹਫ਼ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਖ਼ਤ ਫ਼ੈਸਲਾ ਦਿੰਦਿਆਂ ਹਰਿਆਣਾ ਸਰਕਾਰ ਨੂੰ ਇੱਕ ਹਫ਼ਤੇ ਅੰਦਰ ਸਰਹੱਦ ਖੋਲ੍ਹਣ ਅਤੇ ਨਾਕਾਬੰਦੀ ਹਟਾਉਣ ਦੇ ਹੁਕਮ ਦਿੱਤੇ ਸਨ। ਕਿਸਾਨ ਆਗੂਆਂ ਨੇ ਅਗਲੀ ਰਣਨੀਤੀ ਉਲੀਕਣ ਲਈ ਅੱਜ ਚੰਡੀਗੜ੍ਹ ਵਿੱਚ ਮੀਟਿੰਗ ਸੱਦੀ ਹੈ। ਪੰਜਾਬ ਤੋਂ ਕਿਸਾਨਾਂ ਦਾ ਇੱਕ ਜੱਥਾ ਟਰਾਲੀਆਂ ਵਿੱਚ ਛੇ ਮਹੀਨੇ ਦਾ ਰਾਸ਼ਨ ਲੈ ਕੇ ਅੱਜ ਸ਼ੰਭੂ ਅਤੇ ਖਨੌਰੀ ਬਾਰਡਰ ਪਹੁੰਚੇਗਾ। ਹਰਿਆਣਾ ਪੁਲਿਸ ਨੇ ਬਿਨਾਂ ਇਜਾਜ਼ਤ ਦੇ ਇਕੱਠ, ਮੀਟਿੰਗਾਂ ਅਤੇ ਪ੍ਰਦਰਸ਼ਨਾਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਬਾਰਡਰ ਅਜੇ ਤੱਕ ਨਹੀਂ ਖੁੱਲ੍ਹਿਆ ਹੈ ਅਤੇ ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ‘ਤੇ ਲਗਾਏ ਗਏ 8 ਲੇਅਰ ਬੈਰੀਕੇਡਿੰਗ ਨੂੰ ਹਰਿਆਣਾ ਸਰਕਾਰ ਨਹੀਂ ਅਜੇ ਨਹੀਂ ਹਟਾਏਗੀ।

ਹਰਿਆਣਾ ਸਰਕਾਰ ਨੇ ਪਹਿਲਾਂ ਹੀ ਕਦਮ ਚੁੱਕੇ ਹਨ। ਹਰਿਆਣਾ ਸਰਕਾਰ ਸੁਪਰੀਮ ਕੋਰਟ ਦੇ ਫ਼ੈਸਲੇ ਦੀ ਉਡੀਕ ਕਰ ਰਹੀ ਹੈ। ਹਾਲਾਂਕਿ 10 ਜੁਲਾਈ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 7 ਦਿਨਾਂ ਦੇ ਅੰਦਰ ਬਾਰਡਰ ਖੋਲ੍ਹਣ ਦੇ ਹੁਕਮ ਦਿੱਤੇ ਸਨ। ਅੱਜ ਇਸ ਦਾ ਆਖਰੀ ਦਿਨ ਹੈ। ਕਿਸਾਨ ਆਗੂਆਂ ਨੇ ਅੱਜ ਚੰਡੀਗੜ੍ਹ ਵਿੱਚ ਮੀਟਿੰਗ ਸੱਦ ਲਈ ਹੈ। ਇਸ ਤੋਂ ਬਾਅਦ ਮੀਟਿੰਗ ਬਾਰੇ ਜਾਣਕਾਰੀ ਦੇਣ ਲਈ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ। ਇਸ ਵਿੱਚ ਉਹ ਦਿੱਲੀ ਮਾਰਚ ਨੂੰ ਲੈ ਕੇ ਐਲਾਨ ਕਰ ਸਕਦੇ ਹਨ।
ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਤੋਂ ਕਿਸਾਨਾਂ ਦੇ ਜਥੇ ਜੀਂਦ ਨੇੜੇ ਖਨੌਰੀ ਸਰਹੱਦ ਅਤੇ ਅੰਬਾਲਾ ਨੇੜੇ ਸ਼ੰਭੂ ਸਰਹੱਦ’ਤੇ ਪੁੱਜਣਗੇ। ਇਨ੍ਹਾਂ ਟਰੈਕਟਰ-ਟਰਾਲੀਆਂ ਵਿੱਚ 6 ਮਹੀਨਿਆਂ ਦਾ ਰਾਸ਼ਨ ਹੈ।

ਸੋਮਵਾਰ ਨੂੰ ਸ਼ੰਭੂ ਬਾਰਡਰ ਪੁੱਜੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਕਿਸਾਨ ਆਗੂ ਨਵਦੀਪ ਦੀ ਰਿਹਾਈ ਦੀ ਮੰਗ ਨੂੰ ਲੈ ਕੇ 17 ਅਤੇ 18 ਜੁਲਾਈ ਨੂੰ ਅੰਬਾਲਾ ਦੇ ਐਸ.ਪੀ ਦਫ਼ਤਰ ਦਾ ਘਿਰਾਓ ਕਰਨ ਤੋਂ ਬਾਅਦ 22 ਜੁਲਾਈ ਨਵੀਂ ਦਿੱਲੀ ਦੇ ਕਾਂਸਟੀਚਿਊਸ਼ਨ ਕਲੱਬ ਵਿਖੇ ਇੱਕ ਵਿਸ਼ਾਲ ਕਾਨਫਰੰਸ ਕੀਤੀ ਜਾਵੇਗੀ।

ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਹਰਿਆਣਾ ਪੁਲਿਸ ਵੀ ਕਾਰਵਾਈ ਕਰ ਰਹੀ ਹੈ। ਧਾਰਾ 144 (ਨਵੇਂ ਐਕਟ ਤਹਿਤ 163ਬੀ ਐਨ.ਐਸ.ਐਸ.) ਲਾਗੂ ਕਰ ਦਿੱਤੀ ਗਈ ਹੈ। ਕਿਸਾਨ ਅੰਦੋਲਨ ਦੌਰਾਨ ਦਰਜ ਹੋਏ ਕੇਸਾਂ ਵਿੱਚ ਘੇਰਾਬੰਦੀ ਵਿੱਚ ਸ਼ਾਮਲ ਲੋਕਾਂ ਦੀ ਫੋਟੋਆਂ ਅਤੇ ਵੀਡੀਓ ਰਾਹੀਂ ਪਛਾਣ ਕੀਤੀ ਜਾਵੇਗੀ ਅਤੇ ਕੁਝ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ। ਹਰਿਆਣਾ ਪੁਲਿਸ ਐਕਟ 2007 ਦੀ ਧਾਰਾ 69 ਤਹਿਤ ਪ੍ਰਦਰਸ਼ਨ ‘ਤੇ ਪਾਬੰਦੀ ਹੋਵੇਗੀ।

LEAVE A REPLY

Please enter your comment!
Please enter your name here