ਅੰਮ੍ਰਿਤਸਰ: ਸ਼ਹਿਰ ਵਿੱਚ ਤਾਰਾਂ ਵਾਲੇ ਪੁਲ ਨੇੜੇ ਸਥਿਤ ਇੱਕ ਦਰਗਾਹ ’ਤੇ ਮੱਥਾ ਟੇਕਣ ਪਹੁੰਚੇ ਦੋ ਨੌਜਵਾਨਾਂ ’ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਵਿੱਚ ਦੋਵੇਂ ਨੌਜਵਾਨ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਦੋਵੇਂ ਜ਼ਖ਼ਮੀ ਕੋਟਲੀ ਸੇਖਾਂ ਪਿੰਡ ਦੇ ਵਸਨੀਕ ਦੱਸੇ ਜਾ ਰਹੇ ਹਨ।
ਮਿਲੀ ਜਾਣਕਾਰੀ ਅਨੁਸਾਰ ਕੋਟਲੀ ਸੇਖਾਂ ਦੇ ਰਹਿਣ ਵਾਲੇ ਸ਼ਰਨਜੀਤ ਸਿੰਘ ਅਤੇ ਆਕਾਸ਼ਦੀਪ ਸਿੰਘ ਮੋਟਰਸਾਈਕਲ ’ਤੇ ਸਵਾਰ ਹੋ ਕੇ ਤਾਰਾਂ ਵਾਲੇ ਪੁਲ ਨੇੜੇ ਬਾਬਾ ਜੀ ਦੀ ਦਰਗਾਹ ’ਤੇ ਮੱਥਾ ਟੇਕਣ ਆਏ ਸਨ। ਇਸ ਦੌਰਾਨ ਉੱਥੇ ਪਹਿਲਾਂ ਤੋਂ ਮੌਜੂਦ ਛੇ ਵਿਅਕਤੀਆਂ ਨਾਲ ਉਨ੍ਹਾਂ ਦੀ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ।
ਦੋਸ਼ ਹੈ ਕਿ ਵਿਵਾਦ ਵਧਣ ਤੋਂ ਬਾਅਦ ਉਕਤ ਵਿਅਕਤੀਆਂ ਨੇ ਪਿਸਤੌਲ ਨਾਲ ਫਾਇਰਿੰਗ ਕਰ ਦਿੱਤੀ। ਗੋਲੀਆਂ ਲੱਗਣ ਕਾਰਨ ਦੋਵੇਂ ਨੌਜਵਾਨ ਜ਼ਖ਼ਮੀ ਹੋ ਗਏ। ਇੱਕ ਜ਼ਖ਼ਮੀ ਨੇ ਦੱਸਿਆ ਕਿ ਹਮਲਾਵਰਾਂ ਨੇ ਪਹਿਲਾਂ ਉਨ੍ਹਾਂ ਦੇ ਮੋਟਰਸਾਈਕਲ ਦੀ ਚਾਬੀ ਕੱਢ ਲਈ ਅਤੇ ਇਸ ਤੋਂ ਬਾਅਦ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਉਸ ਦੇ ਮੋਢੇ ’ਤੇ ਵੀ ਗੋਲੀ ਲੱਗੀ ਹੈ। ਜ਼ਖ਼ਮੀ ਨੌਜਵਾਨ ਨੇ ਕਿਹਾ ਕਿ ਉਹ ਇਸ ਮਾਮਲੇ ਵਿੱਚ ਇਨਸਾਫ਼ ਚਾਹੁੰਦੇ ਹਨ।
ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਏਸੀਪੀ ਰਵਿੰਦਰਪਾਲ ਸਿੰਘ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚੇ। ਪੁਲਿਸ ਨੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਉਣ ਤੋਂ ਬਾਅਦ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਏਸੀਪੀ ਰਵਿੰਦਰਪਾਲ ਸਿੰਘ ਅਨੁਸਾਰ ਦੋਵੇਂ ਧਿਰਾਂ ਪਹਿਲਾਂ ਤੋਂ ਇੱਕ-ਦੂਜੇ ਨੂੰ ਜਾਣਦੀਆਂ ਹਨ ਅਤੇ ਕਰੀਬ ਤਿੰਨ ਤੋਂ ਚਾਰ ਸਾਲ ਪਹਿਲਾਂ ਵੀ ਉਨ੍ਹਾਂ ਵਿਚਕਾਰ ਝਗੜਾ ਹੋ ਚੁੱਕਾ ਹੈ। ਪੁਲਿਸ ਦੀ ਮੁੱਢਲੀ ਜਾਂਚ ਵਿੱਚ ਇਹ ਘਟਨਾ ਗੈਂਗਵਾਰ ਦੀ ਬਜਾਏ ਪੁਰਾਣੀ ਆਪਸੀ ਰੰਜਿਸ਼ ਨਾਲ ਜੁੜੀ ਹੋਈ ਜਾਪਦੀ ਹੈ। ਫਿਲਹਾਲ ਪੁਲਿਸ ਵੱਲੋਂ ਹਮਲਾਵਰਾਂ ਦੀ ਪਛਾਣ ਕਰਨ ਅਤੇ ਫਾਇਰਿੰਗ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।






