ਫ਼ਿਰੋਜ਼ਪੁਰ: ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ‘ਚ ਗ੍ਰਿਫ਼ਤਾਰ ਸਾਬਕਾ ਵਿਧਾਇਕ ਸਤਕਾਰ ਕੌਰ (MLA Satkar Kaur) ਅਤੇ ਉਨ੍ਹਾਂ ਦੇ ਪਤੀ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਹਾਈ ਕੋਰਟ ਨੇ ਫ਼ਿਰੋਜ਼ਪੁਰ ਦਿਹਾਤੀ ਦੀ ਸਾਬਕਾ ਵਿਧਾਇਕ ਸਤਕਾਰ ਕੌਰ ਅਤੇ ਉਨ੍ਹਾਂ ਦੇ ਪਤੀ ਜਸਮੇਲ ਸਿੰਘ ਲਾਡੀ ਗਹਿਰੀ ਨੂੰ ਰਾਹਤ ਦਿੰਦਿਆਂ ਜ਼ਮਾਨਤ ‘ਤੇ ਫ਼ੈਸਲਾ ਸੁਣਾ ਦਿੱਤਾ ਹੈ । ਦੱਸ ਦੇਈਏ ਕਿ ਸਤਕਾਰ ਕੌਰ ਸਾਬਕਾ ਕਾਂਗਰਸ ਵਿਧਾਇਕ ਹਨ ਅਤੇ ਉਨ੍ਹਾਂ ਦੇ ਪਤੀ ਭਾਜਪਾ ਵਿੱਚ ਹਨ ।
ਜ਼ਿਕਰਯੋਗ ਹੈ ਕਿ ਫ਼ਿਰੋਜ਼ਪੁਰ ਦਿਹਾਤੀ ਵਿਧਾਨ ਸਭਾ ਹਲਕੇ ਦੀ ਸਾਬਕਾ ਵਿਧਾਇਕ ਸਤਕਾਰ ਕੌਰ ਅਤੇ ਉਨ੍ਹਾਂ ਦੇ ਪਤੀ ਜਸਮੇਲ ਸਿੰਘ ਲਾਡੀ ਗਹਿਰੀ ਨੂੰ ਵਿਜੀਲੈਂਸ ਨੇ 18 ਸਤੰਬਰ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਸੀ । ਦੱਸ ਦੇਈਏ ਕਿ ਇਸ ਤੋਂ ਪਹਿਲਾਂ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਅਦਾਲਤ ਨੇ ਖਾਰਜ ਕਰ ਦਿੱਤੀ ਸੀ । ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਨੂੰ ਮਾਨਸਾ ਜੇਲ੍ਹ ਵਿੱਚ ਰੱਖਿਆ ਗਿਆ ਸੀ । ਵਿਜੀਲੈਂਸ ਦੀ ਜਾਂਚ ਦੌਰਾਨ ਉਹ 2.84 ਕਰੋੜ ਰੁਪਏ ਦਾ ਹਿਸਾਬ ਕਿਤਾਬ ਨਹੀਂ ਦੇ ਸਕੇ ਅਤੇ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਗ੍ਰਿਫਤਾਰ ਕਰਕੇ ਮਾਨਸਾ ਜੇਲ੍ਹ ਭੇਜ ਦਿੱਤਾ ਗਿਆ ਸੀ ।
