ਚੰਡੀਗੜ੍ਹ : ਪੰਜਾਬ ਵਿੱਚ ਇੱਕ ਵਾਰ ਫਿਰ ਮੌਨਸੂਨ ਦੀਆਂ ਗਤੀਵਿਧੀਆਂ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ, ਰਾਜ ਦੇ ਮੌਸਮ ਵਿੱਚ ਇੱਕ ਵੱਡਾ ਬਦਲਾਅ ਦੇਖਿਆ ਜਾ ਸਕਦਾ ਹੈ। ਮੌਸਮ ਵਿਭਾਗ ਨੇ ਅੱਜ ਵੀ ਕਈ ਥਾਈਂ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਸੰਗਰੂਰ , ਪਟਿਆਲਾ, ਮੋਹਾਲੀ, ਫ਼ਤਹਿਗੜ੍ਹ ਸਾਹਿਬ, ਚੰਡੀਗੜ੍ਹ, ਰੂਪਨਗਰ ਲਈ ਅਲਰਟ ਜਾਰੀ ਕੀਤਾ ਹੈ। ਇਥੇ ਮੀਂਹ ਪੈਣ ਦੇ ਨਾਲ-ਨਾਲ ਠੰਢੀਆਂ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ।
ਬੀਤੇ ਦਿਨ, ਰਾਜ ਦੇ ਕਈ ਹਿੱਸਿਆਂ ਵਿੱਚ ਹਲਕਾ ਮੀਂਹ ਪੈ ਰਿਹਾ ਹੈ, ਜਿਸ ਨਾਲ ਵਾਯੂਮੰਡਲ ਵਿੱਚ ਨਮੀ ਵਧੀ ਅਤੇ ਤਾਪਮਾਨ ਵਿੱਚ ਥੋੜ੍ਹਾ ਵਾਧਾ ਦੇਖਿਆ ਗਿਆ। ਔਸਤ ਵੱਧ ਤੋਂ ਵੱਧ ਤਾਪਮਾਨ 1.8 ਡਿਗਰੀ ਸੈਲਸੀਅਸ ਵਧਿਆ, ਪਰ ਇਹ ਅਜੇ ਵੀ ਆਮ ਨਾਲੋਂ 1.7 ਡਿਗਰੀ ਘੱਟ ਹੈ। ਭਾਖੜਾ ਡੈਮ ਖੇਤਰ (ਰੂਪਨਗਰ) ਵਿੱਚ ਸਭ ਤੋਂ ਵੱਧ ਤਾਪਮਾਨ 34.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।










