Home National ਪੰਜਾਬ ਪੁਲਿਸ ਤੇ ਜਾਂਚ ਏਜੰਸੀਆਂ ਲਈ ਵੱਡੀ ਕਾਮਯਾਬੀ ਦੀ ਉਮੀਦ, NIA ਦੀ...

ਪੰਜਾਬ ਪੁਲਿਸ ਤੇ ਜਾਂਚ ਏਜੰਸੀਆਂ ਲਈ ਵੱਡੀ ਕਾਮਯਾਬੀ ਦੀ ਉਮੀਦ, NIA ਦੀ ਨਵੀਂ ਯੋਜਨਾ

0

ਚੰਡੀਗੜ੍ਹ: ਪੰਜਾਬ ਵਿੱਚ ਵਿਦੇਸ਼ਾਂ ਤੋਂ ਚਲਾਏ ਜਾ ਰਹੇ ਅੱਤਵਾਦੀ ਅਤੇ ਗੈਂਗਸਟਰ ਨੈੱਟਵਰਕਾਂ ਖ਼ਿਲਾਫ਼ ਕਾਰਵਾਈ ਤੇਜ਼ ਕਰਨ ਲਈ ਕੌਮੀ ਜਾਂਚ ਏਜੰਸੀ (NIA) ਨਵੀਂ ਰਣਨੀਤੀ ‘ਤੇ ਕੰਮ ਕਰ ਰਹੀ ਹੈ। ਇਸ ਤਹਿਤ ਵਿਦੇਸ਼ਾਂ ਵਿੱਚ ਰਹਿ ਰਹੇ ਲੋੜੀਂਦੇ ਮੁਲਜ਼ਮਾਂ ਹੈਪੀ ਪਾਸੀਆ ਅਤੇ ਹਰਦੀਪ ਸਿੰਘ ਡੱਲਾ ਨੂੰ ਭਾਰਤ ਲਿਆਉਣ ਲਈ ਹਵਾਲਗੀ ਦੀ ਬਜਾਏ ਡਿਪੋਰਟੇਸ਼ਨ ਦੇ ਵਿਕਲਪ ‘ਤੇ ਵਿਚਾਰ ਕੀਤਾ ਜਾ ਰਿਹਾ ਹੈ।

ਜਾਣਕਾਰੀ ਦੇ ਅਨੁਸਾਰ, ਐੱਨ.ਆਈ.ਏ. ਦੇ ਸੂਤਰਾਂ ਦਾ ਕਹਿਣਾ ਹੈ ਕਿ ਦੋਵੇਂ ਮੁਲਜ਼ਮ ਭਾਰਤੀ ਨਾਗਰਿਕ ਹਨ। ਇਸ ਲਈ ਸਬੰਧਤ ਦੇਸ਼ਾਂ ਦੀਆਂ ਸਰਕਾਰਾਂ ਨਾਲ ਡਿਪੋਰਟੇਸ਼ਨ ਦੀ ਸੰਭਾਵਨਾ ਤਲਾਸ਼ੀ ਜਾ ਰਹੀ ਹੈ। ਏਜੰਸੀ ਦਾ ਮੰਨਣਾ ਹੈ ਕਿ ਹਵਾਲਗੀ ਦੇ ਮੁਕਾਬਲੇ ਡਿਪੋਰਟੇਸ਼ਨ ਦੀ ਪ੍ਰਕਿਰਿਆ ਘੱਟ ਸਮਾਂ ਲੈ ਸਕਦੀ ਹੈ। ਹਾਲਾਂਕਿ ਇਸ ਸਬੰਧੀ ਅੰਤਿਮ ਫ਼ੈਸਲਾ ਅਮਰੀਕਾ ਅਤੇ ਕੈਨੇਡਾ ਦੇ ਕਾਨੂੰਨਾਂ ਅਤੇ ਉੱਥੋਂ ਦੀਆਂ ਸਰਕਾਰਾਂ ਦੀ ਸਹਿਮਤੀ ‘ਤੇ ਨਿਰਭਰ ਕਰੇਗਾ।

ਹਵਾਲਗੀ ਦੀ ਪ੍ਰਕਿਰਿਆ ਵਿੱਚ ਸਬੰਧਤ ਦੇਸ਼ ਦੀਆਂ ਅਦਾਲਤਾਂ ਵਿੱਚ ਕਾਨੂੰਨੀ ਕਾਰਵਾਈ ਕਰਨੀ ਪੈਂਦੀ ਹੈ। ਇਸ ਦੌਰਾਨ ਲੋੜੀਂਦੇ ਦਸਤਾਵੇਜ਼ ਪੇਸ਼ ਕਰਨੇ ਪੈਂਦੇ ਹਨ ਅਤੇ ਮੁਲਜ਼ਮ ਨੂੰ ਆਪਣਾ ਪੱਖ ਰੱਖਣ ਦਾ ਮੌਕਾ ਵੀ ਮਿਲਦਾ ਹੈ। ਕਈ ਵਾਰ ਮਨੁੱਖੀ ਅਧਿਕਾਰਾਂ ਅਤੇ ਆਪਣੀ ਜਾਨ ਨੂੰ ਖ਼ਤਰੇ ਵਰਗੇ ਆਧਾਰਾਂ ‘ਤੇ ਕਾਨੂੰਨੀ ਇਤਰਾਜ਼ ਕੀਤੇ ਜਾਂਦੇ ਹਨ, ਜਿਸ ਕਾਰਨ ਹਵਾਲਗੀ ਵਿੱਚ ਲੰਮਾ ਸਮਾਂ ਲੱਗ ਸਕਦਾ ਹੈ।

ਇਸ ਦੇ ਉਲਟ ਡਿਪੋਰਟੇਸ਼ਨ ਦਾ ਫ਼ੈਸਲਾ ਸਬੰਧਤ ਦੇਸ਼ ਦੀ ਸਰਕਾਰ ਆਪਣੇ ਕਾਨੂੰਨਾਂ ਅਨੁਸਾਰ ਲੈਂਦੀ ਹੈ। ਜੇਕਰ ਉੱਥੋਂ ਦੀ ਸਰਕਾਰ ਕਿਸੇ ਵਿਅਕਤੀ ਨੂੰ ਉਸ ਦੇ ਮੂਲ ਦੇਸ਼ ਵਾਪਸ ਭੇਜਣ ਲਈ ਸਹਿਮਤ ਹੋ ਜਾਂਦੀ ਹੈ ਤਾਂ ਪ੍ਰਕਿਰਿਆ ਮੁਕਾਬਲਤਨ ਜਲਦੀ ਪੂਰੀ ਹੋ ਸਕਦੀ ਹੈ।

ਹੈਪੀ ਪਾਸੀਆ ਨੂੰ ਅਪ੍ਰੈਲ 2025 ਵਿੱਚ ਅਮਰੀਕਾ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਜਾਂਚ ਏਜੰਸੀਆਂ ਮੁਤਾਬਕ, ਪੰਜਾਬ ਵਿੱਚ ਹੋਏ ਘੱਟੋ-ਘੱਟ 16 ਅੱਤਵਾਦੀ ਹਮਲਿਆਂ ਵਿੱਚ ਉਸ ਦਾ ਨਾਂ ਸਾਹਮਣੇ ਆਇਆ ਹੈ। ਉਸ ‘ਤੇ ਪੁਲਿਸ ਥਾਣਿਆਂ ਅਤੇ ਹੋਰ ਥਾਵਾਂ ‘ਤੇ ਗ੍ਰਨੇਡ ਹਮਲਿਆਂ ਦੀ ਸਾਜ਼ਿਸ਼ ਰਚਣ ਦੇ ਦੋਸ਼ ਹਨ।

ਏਜੰਸੀਆਂ ਨੂੰ ਉਸ ਦੇ ਪਾਕਿਸਤਾਨ ਦੀ ਖੁਫੀਆ ਏਜੰਸੀ ISI ਅਤੇ ਪਾਬੰਦੀਸ਼ੁਦਾ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (BKI) ਨਾਲ ਸੰਪਰਕ ਹੋਣ ਦਾ ਵੀ ਸ਼ੱਕ ਹੈ। ਜਾਂਚਕਰਤਾਵਾਂ ਦਾ ਮੰਨਣਾ ਹੈ ਕਿ ਉਹ ਵਿਦੇਸ਼ ਵਿੱਚ ਬੈਠ ਕੇ ਪੰਜਾਬ ਵਿੱਚ ਆਪਣੇ ਸੰਪਰਕਾਂ ਰਾਹੀਂ ਹਮਲਿਆਂ ਦੀਆਂ ਸਾਜ਼ਿਸ਼ਾਂ ਨੂੰ ਅੰਜਾਮ ਦਿਵਾਉਂਦਾ ਰਿਹਾ ਹੈ। ਉਸ ਨੂੰ ਭਾਰਤ ਲਿਆ ਕੇ ਪੁੱਛਗਿੱਛ ਕਰਨ ਨਾਲ ਨੈੱਟਵਰਕ ਦੀ ਫੰਡਿੰਗ ਅਤੇ ਸਥਾਨਕ ਸੰਪਰਕਾਂ ਬਾਰੇ ਜਾਣਕਾਰੀ ਮਿਲਣ ਦੀ ਉਮੀਦ ਹੈ।

ਹਰਦੀਪ ਸਿੰਘ ਡੱਲਾ ਮੋਗਾ ਜ਼ਿਲ੍ਹੇ ਦੇ ਪਿੰਡ ਡੱਲਾ ਦਾ ਰਹਿਣ ਵਾਲਾ ਹੈ। ਜਾਣਕਾਰੀ ਮੁਤਾਬਕ, ਸਾਲ 2020 ਵਿੱਚ ਸਟੱਡੀ ਵੀਜ਼ੇ ‘ਤੇ ਕੈਨੇਡਾ ਜਾਣ ਤੋਂ ਬਾਅਦ ਉਸ ਨੇ ਉੱਥੋਂ ਆਪਣਾ ਨੈੱਟਵਰਕ ਚਲਾਉਣਾ ਸ਼ੁਰੂ ਕੀਤਾ। ਹਰਦੀਪ ਸਿੰਘ ਨਿੱਝਰ ਦੀ ਹੱਤਿਆ ਤੋਂ ਬਾਅਦ ਡੱਲਾ ਵੱਲੋਂ ਪਾਬੰਦੀਸ਼ੁਦਾ ਖਾਲਿਸਤਾਨ ਟਾਈਗਰ ਫੋਰਸ (KTF) ਦੀ ਕਮਾਨ ਸੰਭਾਲਣ ਦੀ ਗੱਲ ਵੀ ਸਾਹਮਣੇ ਆਈ ਸੀ।

ਐੱਨਆਈਏ ਮੁਤਾਬਕ, ਡੱਲਾ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਰੀ ਸ਼ਹਿਰ ਵਿੱਚ ਆਪਣੇ ਪਰਿਵਾਰ ਨਾਲ ਰਹਿ ਰਿਹਾ ਹੈ। ਉਸ ਦਾ ਨਾਂ ਪੰਜਾਬ ਵਿੱਚ ਅੱਤਵਾਦੀ ਗਤੀਵਿਧੀਆਂ ਅਤੇ ਗੈਂਗਸਟਰ ਨੈੱਟਵਰਕ ਨਾਲ ਜੁੜੇ ਕਈ ਮਾਮਲਿਆਂ ਵਿੱਚ ਆਉਂਦਾ ਰਿਹਾ ਹੈ। ਜਾਂਚ ਏਜੰਸੀਆਂ ਅਨੁਸਾਰ, ਉਹ ਵਿਦੇਸ਼ ਤੋਂ ਆਪਣੇ ਸਾਥੀਆਂ ਰਾਹੀਂ ਪੰਜਾਬ ਵਿੱਚ ਅਪਰਾਧਿਕ ਅਤੇ ਅੱਤਵਾਦੀ ਗਤੀਵਿਧੀਆਂ ਚਲਾਉਂਦਾ ਰਿਹਾ ਹੈ।

ਪੰਜਾਬ ਦੇ ਗੈਂਗਸਟਰ ਨੈੱਟਵਰਕਾਂ ਖ਼ਿਲਾਫ਼ ਕੌਮਾਂਤਰੀ ਪੱਧਰ ‘ਤੇ ਵੀ ਕਾਰਵਾਈ ਦੀਆਂ ਕੋਸ਼ਿਸ਼ਾਂ ਜਾਰੀ ਹਨ। ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ ਪ੍ਰਮੁੱਖ ਸਾਜ਼ਿਸ਼ਕਾਰਾਂ ਵਿੱਚ ਸ਼ਾਮਲ ਗੋਲਡੀ ਬਰਾੜ ਦਾ ਨਾਂ ਕੈਨੇਡਾ ਦੇ 25 ਸਭ ਤੋਂ ਵੱਧ ਲੋੜੀਂਦੇ ਭਗੌੜਿਆਂ ਦੀ ਸੂਚੀ ਵਿੱਚ ਪਹਿਲੇ ਨੰਬਰ ‘ਤੇ ਦੱਸਿਆ ਗਿਆ ਹੈ। ਉਸ ਦੀ ਗ੍ਰਿਫ਼ਤਾਰੀ ਸਬੰਧੀ ਜਾਣਕਾਰੀ ਦੇਣ ਵਾਲੇ ਲਈ 2.50 ਲੱਖ ਡਾਲਰ ਦੇ ਇਨਾਮ ਦਾ ਐਲਾਨ ਵੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਅਮਰੀਕੀ ਜਾਂਚ ਏਜੰਸੀ FBI ਨੇ ਵੀ ਉਸ ਨੂੰ ਆਪਣੇ 10 ਸਭ ਤੋਂ ਵੱਧ ਲੋੜੀਂਦੇ ਭਗੌੜਿਆਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਹੋਇਆ ਹੈ।

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਡੱਲਾ ਅਤੇ ਪਾਸੀਆ ਵਰਗੇ ਵਿਦੇਸ਼ਾਂ ਵਿੱਚ ਰਹਿ ਰਹੇ ਲੋੜੀਂਦੇ ਮੁਲਜ਼ਮਾਂ ਨੂੰ ਭਾਰਤ ਲਿਆਉਣ ਦੀ ਸੰਭਾਵਿਤ ਸਫ਼ਲਤਾ ਸੁਰੱਖਿਆ ਦੇ ਲਿਹਾਜ਼ ਨਾਲ ਅਹਿਮ ਮੰਨੀ ਜਾ ਰਹੀ ਹੈ। ਇਸ ਨਾਲ ਵਿਦੇਸ਼ਾਂ ਤੋਂ ਚਲਾਏ ਜਾ ਰਹੇ ਨੈੱਟਵਰਕਾਂ, ਹਮਲਿਆਂ ਦੀਆਂ ਸਾਜ਼ਿਸ਼ਾਂ ਅਤੇ ਪੰਜਾਬ ਵਿੱਚ ਉਨ੍ਹਾਂ ਦੇ ਸਥਾਨਕ ਸੰਪਰਕਾਂ ਬਾਰੇ ਹੋਰ ਜਾਣਕਾਰੀ ਮਿਲ ਸਕਦੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version