Home Punjab ਜਲਾਲਾਬਾਦ ਹਲਕੇ ’ਚ ਮਾਮੂਜੋਇਆ ਟੋਲ ਪਲਾਜ਼ਾ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ, 23...

ਜਲਾਲਾਬਾਦ ਹਲਕੇ ’ਚ ਮਾਮੂਜੋਇਆ ਟੋਲ ਪਲਾਜ਼ਾ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ, 23 ਸਾਲਾ ਨੌਜਵਾਨ ਹੋਈ ਮੌਤ

0

ਜਲਾਲਾਬਾਦ: ਜਲਾਲਾਬਾਦ ਹਲਕੇ ਵਿੱਚ ਮਾਮੂਜੋਇਆ ਟੋਲ ਪਲਾਜ਼ਾ ਨੇੜੇ ਬੀਤੀ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ 23 ਸਾਲਾ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਕਾਰ ਵਿੱਚ ਸਵਾਰ ਉਸ ਦੇ ਪੰਜ ਹੋਰ ਸਾਥੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਮ੍ਰਿਤਕ ਦੀ ਪਛਾਣ ਜਸਕਰਨ ਸਿੰਘ ਸੋਢੀ ਵਾਸੀ ਪਿੰਡ ਦਿਲਾਰਾਮ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਇਸ ਘਟਨਾ ਤੋਂ ਬਾਅਦ ਪਰਿਵਾਰ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ, ਕਾਰ ਵਿੱਚ ਕੁੱਲ ਛੇ ਵਿਅਕਤੀ ਸਵਾਰ ਸਨ। ਬੀਤੀ ਰਾਤ ਜਦੋਂ ਉਹ ਮਾਮੂਜੋਇਆ ਟੋਲ ਪਲਾਜ਼ਾ ਨੇੜੇ ਪਹੁੰਚੇ ਤਾਂ ਉਨ੍ਹਾਂ ਦੀ ਕਾਰ ਪੁਲਿਸ ਵੱਲੋਂ ਬੈਰੀਕੇਡ ਕੋਲ ਰੋਕੀ ਗਈ ਟਰਾਲੀ ਨਾਲ ਜਾ ਟਕਰਾਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਵਿੱਚ ਸਵਾਰ ਨੌਜਵਾਨਾਂ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਜਸਕਰਨ ਸਿੰਘ ਸੋਢੀ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਹਾਦਸੇ ਤੋਂ ਬਾਅਦ ਜ਼ਖ਼ਮੀ ਹੋਏ ਪੰਜਾਂ ਵਿਅਕਤੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਕੁਝ ਨੂੰ ਬਠਿੰਡਾ ਸਮੇਤ ਹੋਰ ਹਸਪਤਾਲਾਂ ਵਿੱਚ ਰੈਫਰ ਕੀਤਾ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਸੜਕ ‘ਤੇ ਲਗਾਏ ਗਏ ਬੈਰੀਕੇਡਾਂ ‘ਤੇ ਨਾ ਤਾਂ ਕੋਈ ਰਿਫਲੈਕਟਰ ਲੱਗੇ ਹੋਏ ਸਨ ਅਤੇ ਨਾ ਹੀ ਚੇਤਾਵਨੀ ਦੇਣ ਲਈ ਲਾਈਟਾਂ ਦਾ ਪ੍ਰਬੰਧ ਸੀ। ਲੋਕਾਂ ਦਾ ਮੰਨਣਾ ਹੈ ਕਿ ਹਨੇਰੇ ਕਾਰਨ ਕਾਰ ਚਾਲਕ ਨੂੰ ਸਾਹਮਣੇ ਖੜ੍ਹੀ ਟਰਾਲੀ ਦਾ ਸਮੇਂ ਸਿਰ ਪਤਾ ਨਹੀਂ ਲੱਗਿਆ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਹਾਲਾਂਕਿ, ਹਾਦਸੇ ਦੇ ਅਸਲ ਕਾਰਨਾਂ ਦੀ ਪੁਸ਼ਟੀ ਜਾਂਚ ਤੋਂ ਬਾਅਦ ਹੀ ਹੋ ਸਕੇਗੀ।

ਇਸ ਹਾਦਸੇ ਤੋਂ ਬਾਅਦ ਇਲਾਕਾ ਵਾਸੀਆਂ ਵਿੱਚ ਰੋਸ ਵੀ ਦੇਖਣ ਨੂੰ ਮਿਲ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਇਸ ਹਾਈਵੇਅ ‘ਤੇ ਪਹਿਲਾਂ ਵੀ ਕਈ ਸੜਕ ਹਾਦਸੇ ਵਾਪਰ ਚੁੱਕੇ ਹਨ ਅਤੇ ਕਈ ਕੀਮਤੀ ਜਾਨਾਂ ਜਾ ਚੁੱਕੀਆਂ ਹਨ। ਇਲਾਕਾ ਵਾਸੀ ਲੰਬੇ ਸਮੇਂ ਤੋਂ ਇਸ ਸੜਕ ਨੂੰ ਚਹੁੰ-ਮਾਰਗੀ (ਫੋਰ-ਲੇਨ) ਬਣਾਉਣ ਦੀ ਮੰਗ ਕਰ ਰਹੇ ਹਨ।

ਲੋਕਾਂ ਨੇ ਪ੍ਰਸ਼ਾਸਨ ਤੋਂ ਬੈਰੀਕੇਡਾਂ ‘ਤੇ ਰਿਫਲੈਕਟਰ ਅਤੇ ਚੇਤਾਵਨੀ ਲਾਈਟਾਂ ਲਗਾਉਣ ਦੇ ਨਾਲ-ਨਾਲ ਹਾਈਵੇਅ ਦੀ ਸੁਰੱਖਿਆ ਵਿਵਸਥਾ ਸੁਧਾਰਨ ਦੀ ਮੰਗ ਕੀਤੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version