Home Rajasthan ਰਾਜਸਥਾਨ ਦੇ ਜੈਪੁਰ ’ਚ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਜ਼ੋਰਦਾਰ...

ਰਾਜਸਥਾਨ ਦੇ ਜੈਪੁਰ ’ਚ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਜ਼ੋਰਦਾਰ ਟੱਕਰ, 3 ਭੈਣ-ਭਰਾਵਾਂ ਦੀ ਹੋਈ ਮੌਤ

0

ਜੈਪੁਰ : ਰਾਜਸਥਾਨ ਦੇ ਜੈਪੁਰ ਵਿੱਚ ਇੱਕ ਭਿਆਨਕ ਸੜਕ ਹਾਦਸੇ ਨੇ ਵਿਆਹ ਦੀਆਂ ਖ਼ੁਸ਼ੀਆਂ ਨੂੰ ਮਾਤਮ ਵਿੱਚ ਬਦਲ ਦਿੱਤਾ। ਇੱਥੇ ਇੱਕ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਦਰਦਨਾਕ ਹਾਦਸੇ ਵਿੱਚ ਤਿੰਨ ਭੈਣ-ਭਰਾਵਾਂ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਮੁਟਿਆਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ।

ਜਾਣਕਾਰੀ ਅਨੁਸਾਰ ਇਹ ਹਾਦਸਾ ਦੂਦੂ-ਮਾਲਪੁਰਾ ਸਟੇਟ ਹਾਈਵੇਅ ‘ਤੇ ਮੰਗਲਵਾੜਾ ਅਤੇ ਸੇਵਾ ਪਿੰਡ ਵਿਚਕਾਰ ਦੇਰ ਰਾਤ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਬਾਈਕ ਸਵਾਰ ਚਾਰੋਂ ਵਿਅਕਤੀ ਦੂਦੂ ਦੇ ਪਿੰਡ ਮੁੰਗੀਤਾਲਾ ਵਿੱਚ ਇੱਕ ਵਿਆਹ ਸਮਾਗਮ ਦੌਰਾਨ ਮਾਇਰਾ ਦੀ ਰਸਮ ਨਿਭਾਉਣ ਤੋਂ ਬਾਅਦ ਆਪਣੇ ਪਿੰਡ ਖੁੜੀਆਲਾ ਵਾਪਸ ਜਾ ਰਹੇ ਸਨ। ਇਸੇ ਦੌਰਾਨ ਰਸਤੇ ਵਿੱਚ ਇੱਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਦੀ ਬਾਈਕ ਨੂੰ ਟੱਕਰ ਮਾਰ ਦਿੱਤੀ।

ਹਾਦਸੇ ਵਿੱਚ ਜਾਨ ਗਵਾਉਣ ਵਾਲਿਆਂ ਦੀ ਪਛਾਣ ਦੇਸ਼ਰਾਜ, ਉਮਰ 23 ਸਾਲ, ਲਲਿਤਾ, ਉਮਰ 19 ਸਾਲ ਅਤੇ ਕਿਸਮਤ, ਉਮਰ 18 ਸਾਲ ਵਜੋਂ ਹੋਈ ਹੈ। ਲਲਿਤਾ ਅਤੇ ਕਿਸਮਤ ਸਕੀਆਂ ਭੈਣਾਂ ਸਨ, ਜਦਕਿ ਦੇਸ਼ਰਾਜ ਉਨ੍ਹਾਂ ਦਾ ਚਚੇਰਾ ਭਰਾ ਸੀ। ਇਸ ਹਾਦਸੇ ਵਿੱਚ ਉਨ੍ਹਾਂ ਦੀ ਰਿਸ਼ਤੇਦਾਰ ਸੁਲੋਚਨਾ, ਉਮਰ 24 ਸਾਲ, ਵੀ ਗੰਭੀਰ ਜ਼ਖ਼ਮੀ ਹੋ ਗਈ।

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਦੂਦੂ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਸਾਰਿਆਂ ਨੂੰ ਐਂਬੂਲੈਂਸ ਰਾਹੀਂ ਸਰਕਾਰੀ ਹਸਪਤਾਲ ਲਿਜਾਇਆ ਗਿਆ। ਉੱਥੇ ਡਾਕਟਰਾਂ ਨੇ ਤਿੰਨ ਨੌਜਵਾਨਾਂ ਨੂੰ ਮ੍ਰਿਤਕ ਐਲਾਨ ਦਿੱਤਾ। ਜਦਕਿ ਗੰਭੀਰ ਜ਼ਖ਼ਮੀ ਸੁਲੋਚਨਾ ਨੂੰ ਬਿਹਤਰ ਇਲਾਜ ਲਈ ਜੈਪੁਰ ਦੇ SMS ਹਸਪਤਾਲ ਰੈਫ਼ਰ ਕਰ ਦਿੱਤਾ ਗਿਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਉੱਧਰ, ਹਾਦਸੇ ਤੋਂ ਬਾਅਦ ਕਾਰ ਚਾਲਕ ਆਪਣੇ ਵਾਹਨ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਫ਼ਰਾਰ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version