ਜਲੰਧਰ: ਜਲੰਧਰ ਦੀ ਥ੍ਰੀ ਸਟਾਰ ਕਾਲੋਨੀ ਵਿੱਚ ਅੱਜ ਤੜਕਸਾਰ ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ ਇੱਕ ਜਵਾਈ ਨੇ ਆਪਣੇ 3-4 ਸਾਥੀਆਂ ਨਾਲ ਮਿਲ ਕੇ ਸਹੁਰੇ ਪਰਿਵਾਰ ਦੇ ਘਰ ’ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਇਸ ਫਾਇਰਿੰਗ ਦੌਰਾਨ ਈਸ਼ਵਰ ਸਿੰਘ ਨਾਮਕ ਵਿਅਕਤੀ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ। ਉਸ ਨੂੰ ਗੰਭੀਰ ਹਾਲਤ ਵਿੱਚ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ, ਇਹ ਘਟਨਾ ਅੱਜ ਸਵੇਰੇ ਕਰੀਬ 4 ਵਜੇ ਵਾਪਰੀ। ਪੀੜਤ ਪਰਿਵਾਰ ਦਾ ਦੋਸ਼ ਹੈ ਕਿ ਜਵਾਈ ਮਨਦੀਪ ਸਿੰਘ ਦੇਰ ਰਾਤ ਆਪਣੇ 3-4 ਸਾਥੀਆਂ ਨਾਲ ਉਨ੍ਹਾਂ ਦੇ ਘਰ ਪਹੁੰਚਿਆ ਸੀ। ਉਸ ਨੇ ਪਰਿਵਾਰ ਤੋਂ ਗੱਡੀ ਦੀ ਮੰਗ ਕੀਤੀ ਅਤੇ ਕਥਿਤ ਤੌਰ ’ਤੇ ਜ਼ਬਰਦਸਤੀ ਗੱਡੀ ਲਿਜਾਣ ਦੀ ਕੋਸ਼ਿਸ਼ ਕੀਤੀ।
ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਗੱਡੀ ਉਨ੍ਹਾਂ ਨੇ ਆਪਣੀ ਮਿਹਨਤ ਦੀ ਕਮਾਈ ਨਾਲ ਖਰੀਦੀ ਸੀ। ਜਦੋਂ ਉਨ੍ਹਾਂ ਨੇ ਗੱਡੀ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਦੋਵਾਂ ਧਿਰਾਂ ਵਿਚਾਲੇ ਤਕਰਾਰ ਸ਼ੁਰੂ ਹੋ ਗਈ। ਇਸੇ ਦੌਰਾਨ ਮੁਲਜ਼ਮ ਵੱਲੋਂ ਪਰਿਵਾਰਕ ਮੈਂਬਰਾਂ ਨੂੰ ਨਿਸ਼ਾਨਾ ਬਣਾਉਂਦਿਆਂ ਗੋਲੀਆਂ ਚਲਾਉਣ ਦਾ ਦੋਸ਼ ਹੈ। ਅਚਾਨਕ ਹੋਈ ਫਾਇਰਿੰਗ ਨਾਲ ਘਰ ਵਿੱਚ ਹਫੜਾ-ਦਫੜੀ ਮਚ ਗਈ। ਪਰਿਵਾਰ ਦੇ ਹੋਰ ਮੈਂਬਰਾਂ ਨੇ ਭੱਜ ਕੇ ਆਪਣੀ ਜਾਨ ਬਚਾਈ, ਜਦਕਿ ਈਸ਼ਵਰ ਸਿੰਘ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ।
ਮੁਲਜ਼ਮ ਦੀ ਸੱਸ ਬਲਵਿੰਦਰ ਕੌਰ ਨੇ ਦੋਸ਼ ਲਗਾਇਆ ਕਿ ਮਨਦੀਪ ਸਿੰਘ ਨਸ਼ੇ ਦਾ ਆਦੀ ਹੈ ਅਤੇ ਕੋਈ ਕੰਮਕਾਜ ਨਹੀਂ ਕਰਦਾ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਪਿਛਲੇ ਕਈ ਮਹੀਨਿਆਂ ਤੋਂ ਆਪਣੀ ਪਤਨੀ ਨੂੰ ਸਰੀਰਕ ਅਤੇ ਮਾਨਸਿਕ ਤੌਰ ’ਤੇ ਪਰੇਸ਼ਾਨ ਕਰ ਰਿਹਾ ਸੀ। ਪਰਿਵਾਰ ਮੁਤਾਬਕ, ਇਸੇ ਕਾਰਨ ਉਨ੍ਹਾਂ ਦੀ ਧੀ ਆਪਣੇ ਪੇਕੇ ਘਰ ਆਈ ਹੋਈ ਸੀ। ਦੋਸ਼ ਹੈ ਕਿ ਇਸੇ ਦੌਰਾਨ ਜਵਾਈ ਵੀ ਆਪਣੇ ਸਾਥੀਆਂ ਨਾਲ ਉੱਥੇ ਪਹੁੰਚ ਗਿਆ ਅਤੇ ਵਾਰਦਾਤ ਨੂੰ ਅੰਜਾਮ ਦਿੱਤਾ।
ਪੀੜਤ ਪਰਿਵਾਰ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਪੁਲਿਸ ਮੌਕੇ ’ਤੇ ਪਹੁੰਚੀ ਸੀ, ਪਰ ਉਸ ਸਮੇਂ ਗੋਲੀ ਦਾ ਕੋਈ ਖੋਲ ਨਹੀਂ ਮਿਲਿਆ। ਪਰਿਵਾਰਕ ਮੈਂਬਰਾਂ ਨੇ ਸਵੇਰੇ ਆਪਣੇ ਪੱਧਰ ’ਤੇ ਆਸ-ਪਾਸ ਜਾਂਚ ਕੀਤੀ ਤਾਂ ਮਿੱਟੀ ਵਿੱਚ ਦੱਬਿਆ ਹੋਇਆ ਇੱਕ ਖੋਲ ਮਿਲਿਆ। ਇਸ ਤੋਂ ਬਾਅਦ ਪਰਿਵਾਰ ਨੇ ਪੁਲਿਸ ਦੀ ਜਾਂਚ ਪ੍ਰਕਿਰਿਆ ’ਤੇ ਸਵਾਲ ਚੁੱਕਦਿਆਂ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ।
ADCP-1 ਮੁਖਤਿਆਰ ਰਾਏ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਫਾਇਰਿੰਗ ਕਰਨ ਵਾਲੇ ਵਿਅਕਤੀ ਦੀ ਪਛਾਣ ਮਨਦੀਪ ਸਿੰਘ ਵਜੋਂ ਹੋਈ ਹੈ, ਜੋ ਪੀੜਤ ਪਰਿਵਾਰ ਦਾ ਜਵਾਈ ਹੈ। ਉਸ ਵੱਲੋਂ ਚਲਾਈ ਗੋਲੀ ਨਾਲ ਈਸ਼ਵਰ ਸਿੰਘ ਜ਼ਖ਼ਮੀ ਹੋਇਆ ਹੈ ਅਤੇ ਉਸ ਦਾ ਸਿਵਲ ਹਸਪਤਾਲ ਵਿੱਚ ਇਲਾਜ ਜਾਰੀ ਹੈ।
ਪੁਲਿਸ ਅਧਿਕਾਰੀ ਮੁਤਾਬਕ, ਫਿਲਹਾਲ ਦੋਵਾਂ ਧਿਰਾਂ ਵਿਚਾਲੇ ਵਿਵਾਦ ਦੀ ਪੂਰੀ ਵਜ੍ਹਾ ਸਾਹਮਣੇ ਨਹੀਂ ਆਈ ਹੈ। ਪੁਲਿਸ ਵੱਲੋਂ ਮਾਮਲੇ ਦੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ।
