ਕਿਸਾਨ ਅੰਦੋਲਨ 2.0 : ਕਿਸਾਨ ਅੰਦੋਲਨ ਦੇ ਚੱਲਦਿਆਂ ਪ੍ਰਸ਼ਾਸਨ ਨੇ ਸਾਰੇ ਸਕੂਲ ਤੇ ਕਾਲਜ ਬੰਦ ਕਰਨ ਦਾ ਲਿਆ ਫ਼ੈਸਲਾ

0
95

ਹਰਿਆਣਾ : ਕਿਸਾਨ ਸ਼ੰਭੂ ਬਾਰਡਰ (The Shambhu Border) ਤੋਂ ਦਿੱਲੀ ਵੱਲ ਪੈਦਲ ਕੂਚ ਕਰ ਰਹੇ ਹਨ । ਇਸ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਸਾਰੇ ਸਕੂਲ ਅਤੇ ਕਾਲਜ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਦੇ ਨਾਲ ਹੀ ਪ੍ਰਸ਼ਾਸਨ ਨੇ ਅੰਬਾਲਾ ‘ਚ 9 ਦਸੰਬਰ ਤੱਕ ਇੰਟਰਨੈੱਟ ਸੇਵਾ ‘ਤੇ ਰੋਕ ਲਗਾ ਦਿੱਤੀ ਹੈ।

ਅੰਬਾਲਾ ਵਿੱਚ ਸਕੂਲ, ਕਾਲਜ ਬੰਦ

ਜਾਣਕਾਰੀ ਅਨੁਸਾਰ ਅੰਬਾਲਾ ਦੇ ਡਿਪਟੀ ਕਮਿਸ਼ਨਰ ਨੇ ਭਾਰਤੀ ਨਿਆਂ ਸੰਹਿਤਾ (ਬੀ.ਐਨ.ਐਸ.) ਦੀ ਧਾਰਾ 163 ਲਾਗੂ ਕਰ ਦਿੱਤੀ ਹੈ, ਜਿਸ ਤਹਿਤ ਅਗਲੇ ਹੁਕਮਾਂ ਤੱਕ ਪੈਦਲ, ਵਾਹਨ ਜਾਂ ਹੋਰ ਸਾਧਨਾਂ ‘ਤੇ ਜਲੂਸ ਕੱਢਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਪੁਲਿਸ ਨੇ ਵੀ ਅਲਰਟ ਜਾਰੀ ਕਰਕੇ ਸਥਿਤੀ ਦਾ ਜਾਇਜ਼ਾ ਲੈਣ ਲਈ ਸੀਨੀਅਰ ਅਧਿਕਾਰੀਆਂ ਨੂੰ ਸਰਹੱਦ ‘ਤੇ ਭੇਜਿਆ ਹੈ।

ਇਸ ਦੇ ਨਾਲ ਹੀ ਐਸ.ਪੀ ਸੁਰਿੰਦਰ ਸਿੰਘ ਭੋਰੀਆ ਨੇ ਸਮੂਹ ਕਿਸਾਨਾਂ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਦਿੱਲੀ ਵੱਲ ਮਾਰਚ ਕਰਨ ਦੀ ਇਜਾਜ਼ਤ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੈਂ ਸਾਰਿਆਂ ਨੂੰ ਭਰੋਸਾ ਦਿਵਾਉਣਾ ਚਾਹੁੰਦਾ ਹਾਂ ਕਿ ਜ਼ਿਲ੍ਹਾ ਪੁਲਿਸ ਨੇ ਅਮਨ-ਕਾਨੂੰਨ ਨੂੰ ਬਣਾਈ ਰੱਖਣ ਲਈ ਪੁਖਤਾ ਪ੍ਰਬੰਧ ਕੀਤੇ ਹਨ।

ਅੰਬਾਲਾ ‘ਚ ਇੰਟਰਨੈੱਟ ਬੰਦ

ਇਸ ਤੋਂ ਇਲਾਵਾ ਅੰਬਾਲਾ ਇਲਾਕੇ ਵਿੱਚ ਅੱਜ ਤੋਂ 9 ਦਸੰਬਰ ਤੱਕ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ ਹੈ। ਸੂਬਾ ਸਰਕਾਰ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਅੰਬਾਲਾ ਦੀ ਹਦੂਦ ਅੰਦਰ ਪੈਂਦੇ ਪਿੰਡ ਡੰਗਡੇਹੜੀ, ਲੋਹਗੜ੍ਹ, ਮਾਣਕਪੁਰ, ਡਡਿਆਣਾ, ਬੜੀ ਘੱਲ, ਲੁਹਾਰਾਂ, ਕਾਲੂ ਮਾਜਰਾ, ਦੇਵੀ ਨਗਰ, ਸੱਦੋਪੁਰ, ਸੁਲਤਾਨਪੁਰ ਅਤੇ ਕਾਕਰੂ ਦੇ ਖੇਤਰਾਂ ਵਿੱਚ ਇੰਟਰਨੈੱਟ ਸੇਵਾ ਬੰਦ ਰਹੇਗੀ।

13 ਫਰਵਰੀ ਤੋਂ ਸ਼ੰਭੂ ਅਤੇ ਖਨੌਰੀ ਸਰਹੱਦ ’ਤੇ ਬੈਠੇ ਕਿਸਾਨ

ਤੁਹਾਨੂੰ ਦੱਸ ਦੇਈਏ ਕਿ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਬੈਨਰ ਹੇਠ ਇਕੱਠੇ ਹੋਏ ਕਿਸਾਨਾਂ ਨੇ ਇਸ ਤੋਂ ਪਹਿਲਾਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਅਤੇ ਕਈ ਹੋਰ ਮੰਗਾਂ ਨੂੰ ਲੈ ਕੇ ਰਾਸ਼ਟਰੀ ਰਾਜਧਾਨੀ ਵੱਲ ਪੈਦਲ ਮਾਰਚ ਕਰਨ ਦਾ ਐਲਾਨ ਕੀਤਾ ਸੀ। ਸੁਰੱਖਿਆ ਬਲਾਂ ਦੇ ਦਿੱਲੀ ਵੱਲ ਮਾਰਚ ਨੂੰ ਰੋਕਣ ਤੋਂ ਬਾਅਦ ਉਹ 13 ਫਰਵਰੀ ਤੋਂ ਪੰਜਾਬ ਅਤੇ ਹਰਿਆਣਾ ਦੇ ਵਿਚਕਾਰ ਸ਼ੰਭੂ ਅਤੇ ਖਨੌਰੀ ਸਰਹੱਦੀ ਪੁਆਇੰਟਾਂ ‘ਤੇ ਡੇਰੇ ਲਾਏ ਹੋਏ ਹਨ।

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ 101 ਕਿਸਾਨਾਂ ਦੇ ਪਹਿਲੇ ਜੱਥਾ ਤੋਂ ਬਾਅਦ ਅਗਲੇ ਦਿਨਾਂ ਵਿੱਚ ਹੋਰ ਜੱਥੇ ਵੀ ਕੌਮੀ ਰਾਜਧਾਨੀ ਵੱਲ ਰਵਾਨਾ ਹੋਣਗੇ। ਉਨ੍ਹਾਂ ਕਿਹਾ ਕਿ ਜੇਕਰ ਹਰਿਆਣਾ ਸਰਕਾਰ 101 ਕਿਸਾਨਾਂ ਦੇ ਪਹਿਲੇ ਜੱਥੇ ਨੂੰ ਦਿੱਲੀ ਵੱਲ ਮਾਰਚ ਕਰਨ ਤੋਂ ਰੋਕਣ ਲਈ ਤਾਕਤ ਦੀ ਵਰਤੋਂ ਕਰਦੀ ਹੈ ਤਾਂ ਇਸ ਨਾਲ ਸਰਕਾਰ ਦਾ ਪਰਦਾਫਾਸ਼ ਹੀ ਹੋਵੇਗਾ।

LEAVE A REPLY

Please enter your comment!
Please enter your name here