ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਰਾਜ ਸਭਾ ਮੈਂਬਰ ਰਾਮਰਾਓ ਵਡਕੁਟੇ ਦਾ ਦੇਹਾਂਤ ਹੋ ਗਿਆ ਹੈ। ਜਾਣਕਾਰੀ ਮੁਤਾਬਕ, ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ। ਪਰ ਇਲਾਜ ਦੌਰਾਨ ਉਨ੍ਹਾਂ ਨੇ ਆਖਰੀ ਸਾਹ ਲੈ ਲਿਆ।
ਖ਼ਾਸ ਗੱਲ ਇਹ ਹੈ ਕਿ ਭਾਜਪਾ ਨੇ ਕਰੀਬ ਅੱਠ ਮਹੀਨੇ ਪਹਿਲਾਂ ਹੀ ਉਨ੍ਹਾਂ ਨੂੰ ਰਾਜ ਸਭਾ ਲਈ ਭੇਜਿਆ ਸੀ। ਰਾਮਰਾਓ ਵਡਕੁਟੇ ਮਹਾਰਾਸ਼ਟਰ ਦੀ ਸਿਆਸਤ ਵਿੱਚ ਇੱਕ ਤਜਰਬੇਕਾਰ ਆਗੂ ਵਜੋਂ ਜਾਣੇ ਜਾਂਦੇ ਸਨ। ਉਹ ਸ਼ੇਲੀ-ਮੇਂਢੀ ਮਹਾਸੰਘ ਦੇ ਪ੍ਰਧਾਨ ਵੀ ਰਹਿ ਚੁੱਕੇ ਸਨ ਅਤੇ ਧਨਗੜ ਭਾਈਚਾਰੇ ਵਿੱਚ ਉਨ੍ਹਾਂ ਦਾ ਖ਼ਾਸ ਪ੍ਰਭਾਵ ਸੀ।
ਰਾਜਨੀਤਿਕ ਸਫ਼ਰ ਦੀ ਗੱਲ ਕਰੀਏ ਤਾਂ ਰਾਮਰਾਓ ਵਡਕੁਟੇ ਪਹਿਲਾਂ ਰਾਸ਼ਟਰਵਾਦੀ ਕਾਂਗਰਸ ਪਾਰਟੀ (NCP) ਨਾਲ ਜੁੜੇ ਹੋਏ ਸਨ ਅਤੇ ਮਹਾਰਾਸ਼ਟਰ ਵਿਧਾਨ ਪ੍ਰੀਸ਼ਦ ਦੇ ਮੈਂਬਰ ਵੀ ਰਹੇ। ਅਕਤੂਬਰ 2019 ਵਿੱਚ ਉਨ੍ਹਾਂ ਨੇ NCP ਛੱਡ ਕੇ ਭਾਜਪਾ ਦਾ ਪੱਲਾ ਫੜ ਲਿਆ ਸੀ।
ਇਸ ਤੋਂ ਬਾਅਦ 2021 ਵਿੱਚ ਉਨ੍ਹਾਂ ਨੂੰ ਹਿੰਗੋਲੀ ਦਾ ਭਾਜਪਾ ਜ਼ਿਲ੍ਹਾ ਪ੍ਰਧਾਨ ਬਣਾਇਆ ਗਿਆ। ਉਨ੍ਹਾਂ ਨੇ ਹਿੰਗੋਲੀ ਲੋਕ ਸਭਾ ਹਲਕੇ ਵਿੱਚ ਚੋਣ ਪ੍ਰਮੁੱਖ ਅਤੇ ਇੰਚਾਰਜ ਵਜੋਂ ਵੀ ਜ਼ਿੰਮੇਵਾਰੀਆਂ ਨਿਭਾਈਆਂ। ਕਰੀਬ ਅੱਠ ਮਹੀਨੇ ਪਹਿਲਾਂ ਪਾਰਟੀ ਨੇ ਉਨ੍ਹਾਂ ਨੂੰ ਰਾਜ ਸਭਾ ਭੇਜ ਕੇ ਵੱਡੀ ਜ਼ਿੰਮੇਵਾਰੀ ਸੌਂਪੀ ਸੀ।
ਉਨ੍ਹਾਂ ਦੇ ਦਿਹਾਂਤ ‘ਤੇ ਕਈ ਸਿਆਸੀ ਆਗੂਆਂ ਨੇ ਦੁੱਖ ਪ੍ਰਗਟ ਕੀਤਾ ਹੈ। ਭਾਜਪਾ ਦੇ ਸਾਬਕਾ ਰਾਜ ਸਭਾ ਸਾਂਸਦ ਡਾਕਟਰ ਵਿਕਾਸ ਮਹਾਤਮੇ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਪੋਸਟ ਸਾਂਝੀ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਕਿਹਾ ਕਿ ਰਾਮਰਾਓ ਵਡਕੁਟੇ ਦਾ ਜਾਣਾ ਧਨਗੜ ਭਾਈਚਾਰੇ ਅਤੇ ਜਨਤਕ ਜੀਵਨ ਲਈ ਵੱਡਾ ਘਾਟਾ ਹੈ। ਉਨ੍ਹਾਂ ਨੇ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਹਮਦਰਦੀ ਵੀ ਪ੍ਰਗਟਾਈ।
ਇਸ ਤੋਂ ਇਲਾਵਾ MLC ਡਾਕਟਰ ਪ੍ਰਦਨਿਆ ਰਾਜੀਵ ਸਾਤਵ ਨੇ ਵੀ ਉਨ੍ਹਾਂ ਦੇ ਦਿਹਾਂਤ ‘ਤੇ ਦੁੱਖ ਪ੍ਰਗਟ ਕਰਦਿਆਂ ਵਿਛੜੀ ਰੂਹ ਦੀ ਸ਼ਾਂਤੀ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ।
