Home Punjab ਬੇਅਦਬੀ ਕਾਨੂੰਨ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਕਦਮ, ਅੱਜ ਅਕਾਲ...

ਬੇਅਦਬੀ ਕਾਨੂੰਨ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਕਦਮ, ਅੱਜ ਅਕਾਲ ਤਖ਼ਤ ਸਾਹਿਬ ਦੀ ਮਾਹਿਰ ਕਮੇਟੀ ਨਾਲ ਮੀਟਿੰਗ

0

ਅੰਮ੍ਰਿਤਸਰ: ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਨੂੰ ਲੈ ਕੇ ਪੰਜਾਬ ਸਰਕਾਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਹਿਰ ਕਮੇਟੀ ਵਿਚਾਲੇ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਗਠਿਤ 7 ਮੈਂਬਰੀ ਤਾਲਮੇਲ ਕਮੇਟੀ ਅੱਜ ਦੁਪਹਿਰ 12 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਹਿਰ ਕਮੇਟੀ ਨਾਲ ਵਿਚਾਰ-ਵਟਾਂਦਰਾ ਕਰੇਗੀ।

ਇਹ ਬੈਠਕ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਕਮਰਾ ਨੰਬਰ 159 ਵਿੱਚ ਹੋਵੇਗੀ। ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਹਿਰ ਕਮੇਟੀ ਨੂੰ ਮੀਟਿੰਗ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਇਸ ਦੌਰਾਨ ਐਕਟ ਦੀਆਂ ਵੱਖ-ਵੱਖ ਵਿਵਸਥਾਵਾਂ, ਇਸ ਵਿੱਚ ਲੋੜੀਂਦੀਆਂ ਸੋਧਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਨੂੰ ਲਾਗੂ ਕਰਨ ਬਾਰੇ ਚਰਚਾ ਕੀਤੀ ਜਾਵੇਗੀ।

7 ਮੈਂਬਰੀ ਤਾਲਮੇਲ ਕਮੇਟੀ ਵਿੱਚ ਇਹ ਸ਼ਖ਼ਸੀਅਤਾਂ ਸ਼ਾਮਲ

ਪੰਜਾਬ ਸਰਕਾਰ ਵੱਲੋਂ ਬਣਾਈ ਗਈ ਉੱਚ ਪੱਧਰੀ ਤਾਲਮੇਲ ਕਮੇਟੀ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ, ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ, ਜਸਟਿਸ (ਸੇਵਾਮੁਕਤ) ਜਸਪਾਲ ਸਿੰਘ, ਜਸਟਿਸ (ਸੇਵਾਮੁਕਤ) ਗੁਰਬੀਰ ਸਿੰਘ, ਜਤਿੰਦਰ ਸਿੰਘ ਔਲਖ (ਆਈਪੀਐੱਸ ਸੇਵਾਮੁਕਤ) ਅਤੇ ਲਾਅ ਅਫ਼ਸਰ ਪ੍ਰੀਤ ਇੰਦਰ ਪਾਲ ਸਿੰਘ ਸ਼ਾਮਲ ਹਨ।

ਸਰਕਾਰ ਦਾ ਕਹਿਣਾ ਹੈ ਕਿ ਇਸ ਸੰਵੇਦਨਸ਼ੀਲ ਮਾਮਲੇ ਦਾ ਹੱਲ ਆਪਸੀ ਗੱਲਬਾਤ, ਵਿਸ਼ਵਾਸ ਅਤੇ ਸਹਿਮਤੀ ਨਾਲ ਕੱਢਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਸ ਲਈ ਸਰਕਾਰ ਬਿਨਾਂ ਕਿਸੇ ਪੂਰਵ ਸ਼ਰਤ ਦੇ ਵਿਚਾਰ-ਵਟਾਂਦਰੇ ਲਈ ਤਿਆਰ ਹੈ।

ਕਾਨੂੰਨ ਦੀ ਮੂਲ ਭਾਵਨਾ ਨਾਲ ਸਮਝੌਤਾ ਨਹੀਂ ਹੋਵੇਗਾ: CM ਮਾਨ

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹਿਲਾਂ ਵੀ ਇਸ ਮਾਮਲੇ ਨੂੰ ਲੈ ਕੇ ਉੱਚ ਪੱਧਰੀ ਕਮੇਟੀ ਨਾਲ ਮੀਟਿੰਗ ਕਰ ਚੁੱਕੇ ਹਨ। ਉਨ੍ਹਾਂ ਨੇ ਸਪੱਸ਼ਟ ਕੀਤਾ ਸੀ ਕਿ ਬੇਅਦਬੀ ਦੇ ਦੋਸ਼ੀਆਂ ਲਈ ਉਮਰ ਕੈਦ ਅਤੇ ਭਾਰੀ ਜੁਰਮਾਨੇ ਦੀਆਂ ਵਿਵਸਥਾਵਾਂ ਇਸ ਕਾਨੂੰਨ ਦੀ ਅਹਿਮ ਨੀਂਹ ਹਨ ਅਤੇ ਇਨ੍ਹਾਂ ਨੂੰ ਕਿਸੇ ਵੀ ਕੀਮਤ ‘ਤੇ ਕਮਜ਼ੋਰ ਨਹੀਂ ਹੋਣ ਦਿੱਤਾ ਜਾਵੇਗਾ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਮਾਹਿਰ ਕਮੇਟੀ ਨਾਲ ਸਲਾਹ-ਮਸ਼ਵਰਾ ਉਸਾਰੂ ਢੰਗ ਨਾਲ ਕੀਤਾ ਜਾਵੇਗਾ, ਪਰ ਕਾਨੂੰਨ ਦਾ ਮੂਲ ਉਦੇਸ਼ ਅਤੇ ਭਾਵਨਾ ਬਰਕਰਾਰ ਰੱਖੀ ਜਾਵੇਗੀ।

ਪੰਜਾਬ ਸਰਕਾਰ ਨੇ ਕਿਹਾ ਹੈ ਕਿ ਇਹ ਮਾਮਲਾ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨਾਲ ਜੁੜਿਆ ਹੋਇਆ ਹੈ। ਇਸ ਲਈ ਇਸ ਦਾ ਹੱਲ ਕੱਢਣ ਸਮੇਂ ਸੰਗਤ ਦੀਆਂ ਭਾਵਨਾਵਾਂ ਨੂੰ ਪਹਿਲ ਦਿੱਤੀ ਜਾਵੇਗੀ।

NO COMMENTS

LEAVE A REPLY

Please enter your comment!
Please enter your name here

Exit mobile version