Home Punjab SGPC ਇਜਲਾਸ ‘ਚ ਨਹੀਂ ਜਾਣਗੇ ਅਕਾਲੀ ਦਲ ਪੁਨਰ ਸੁਰਜੀਤ ਦੇ ਮੈਂਬਰ, ਦਿੱਲੀ...

SGPC ਇਜਲਾਸ ‘ਚ ਨਹੀਂ ਜਾਣਗੇ ਅਕਾਲੀ ਦਲ ਪੁਨਰ ਸੁਰਜੀਤ ਦੇ ਮੈਂਬਰ, ਦਿੱਲੀ ‘ਚ ਚੁੱਕਣਗੇ ਚੋਣਾਂ ਦਾ ਮੁੱਦਾ

0

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ 20 ਨਵੰਬਰ ਨੂੰ ਹੋਣ ਵਾਲੇ ਜਨਰਲ ਇਜਲਾਸ ਨੂੰ ਲੈ ਕੇ ਸਿਆਸੀ ਅਤੇ ਪੰਥਕ ਹਲਕਿਆਂ ਵਿੱਚ ਵੱਡੀ ਹਲਚਲ ਦੇਖਣ ਨੂੰ ਮਿਲ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਇਸ ਇਜਲਾਸ ਵਿੱਚ ਸ਼ਾਮਲ ਨਾ ਹੋਣ ਦਾ ਫੈਸਲਾ ਕੀਤਾ ਹੈ। ਪਾਰਟੀ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਐਲਾਨ ਕੀਤਾ ਹੈ ਕਿ ਇਜਲਾਸ ਵਾਲੇ ਦਿਨ ਪਾਰਟੀ ਦੇ ਆਗੂ ਦਿੱਲੀ ਜਾ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨਗੇ।

ਇਹ ਫੈਸਲਾ ਲੁਧਿਆਣਾ ਦੇ ਸਾਹਨੇਵਾਲ ਸਥਿਤ ਗੁਰਦੁਆਰਾ ਰੇਰੂ ਸਾਹਿਬ ਵਿਖੇ ਹੋਈ ਪਾਰਟੀ ਦੀ ਮੀਟਿੰਗ ਦੌਰਾਨ ਲਿਆ ਗਿਆ। ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਹੋਈ ਇਸ ਬੈਠਕ ਵਿੱਚ ਪਾਰਟੀ ਦੇ ਵੱਖ-ਵੱਖ ਵਿੰਗਾਂ ਦੇ ਮੈਂਬਰਾਂ ਅਤੇ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਪੰਥ ਅਤੇ ਪੰਜਾਬ ਦੇ ਮੌਜੂਦਾ ਹਾਲਾਤ, ਪਾਰਟੀ ਦੀ ਮਜ਼ਬੂਤੀ ਅਤੇ ਸਿਆਸੀ ਤੇ ਪੰਥਕ ਏਕਤਾ ਵਰਗੇ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਪਾਰਟੀ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਰਾਏ ਹੈ ਕਿ 20 ਨਵੰਬਰ ਨੂੰ ਹੋਣ ਵਾਲੇ ਜਨਰਲ ਇਜਲਾਸ ਵਿੱਚ ਸ਼ਾਮਲ ਹੋਣ ਦੀ ਬਜਾਏ ਦਿੱਲੀ ਜਾ ਕੇ ਕੇਂਦਰ ਸਰਕਾਰ ਅੱਗੇ ਆਪਣਾ ਵਿਰੋਧ ਦਰਜ ਕਰਵਾਇਆ ਜਾਵੇ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਲੰਬੇ ਸਮੇਂ ਤੋਂ ਨਹੀਂ ਕਰਵਾਈਆਂ ਜਾ ਰਹੀਆਂ। ਗੁਰਦੁਆਰਾ ਐਕਟ ਮੁਤਾਬਕ ਕੇਂਦਰ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ SGPC ਦੀਆਂ ਜਨਰਲ ਚੋਣਾਂ ਕਰਵਾਈਆਂ ਜਾਣ। ਇਸ ਦੇ ਬਾਵਜੂਦ ਚੋਣਾਂ ਨਾ ਕਰਵਾਏ ਜਾਣ ਕਾਰਨ ਕਈ ਸਵਾਲ ਖੜ੍ਹੇ ਹੋ ਰਹੇ ਹਨ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਾਰਟੀ ਵੱਲੋਂ ਕੇਂਦਰ ਸਰਕਾਰ ਕੋਲ ਇਹ ਮੁੱਦਾ ਉਠਾਇਆ ਜਾਵੇਗਾ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਿਉਂ ਨਹੀਂ ਕਰਵਾਈਆਂ ਜਾ ਰਹੀਆਂ ਅਤੇ ਗੁਰਦੁਆਰਾ ਪ੍ਰਬੰਧਾਂ ਨੂੰ ਲੈ ਕੇ ਮੌਜੂਦਾ ਸਥਿਤੀ ਕਿਉਂ ਬਣੀ ਹੋਈ ਹੈ।

ਪਾਰਟੀ ਪ੍ਰਧਾਨ ਮੁਤਾਬਕ 20 ਨਵੰਬਰ ਨੂੰ ਸਾਬਕਾ SGPC ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਦਿੱਲੀ ਪਹੁੰਚ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦੇ ਮੈਂਬਰਾਂ ਨੇ ਇਜਲਾਸ ਵਿੱਚ ਸ਼ਾਮਲ ਹੋਣ ਦੀ ਬਜਾਏ ਇਸ ਮੁੱਦੇ ‘ਤੇ ਕੇਂਦਰ ਸਰਕਾਰ ਤੋਂ ਜਵਾਬ ਮੰਗਣ ਨੂੰ ਤਰਜੀਹ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਪਿਛਲੇ ਸਾਲ SGPC ਦੇ ਪ੍ਰਧਾਨ ਦੀ ਚੋਣ ਦੌਰਾਨ ਵੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਆਪਣਾ ਉਮੀਦਵਾਰ ਮੈਦਾਨ ਵਿੱਚ ਉਤਾਰਿਆ ਗਿਆ ਸੀ। ਪਾਰਟੀ ਨੇ ਹਰਜਿੰਦਰ ਸਿੰਘ ਧਾਮੀ ਦੇ ਮੁਕਾਬਲੇ ਮਾਸਟਰ ਮਿੱਠੂ ਸਿੰਘ ਕਾਹਨੇਕੇ ਨੂੰ ਉਮੀਦਵਾਰ ਬਣਾਇਆ ਸੀ।

ਉਸ ਚੋਣ ਵਿੱਚ ਪਈਆਂ ਕੁੱਲ 136 ਵੋਟਾਂ ਵਿੱਚੋਂ ਹਰਜਿੰਦਰ ਸਿੰਘ ਧਾਮੀ ਨੂੰ 117 ਵੋਟਾਂ ਮਿਲੀਆਂ ਸਨ, ਜਦਕਿ ਮਾਸਟਰ ਮਿੱਠੂ ਸਿੰਘ ਕਾਹਨੇਕੇ ਦੇ ਹੱਕ ਵਿੱਚ 18 ਵੋਟਾਂ ਪਈਆਂ ਸਨ। ਇਸ ਦੌਰਾਨ ਇੱਕ ਵੋਟ ਰੱਦ ਹੋ ਗਈ ਸੀ।

NO COMMENTS

LEAVE A REPLY

Please enter your comment!
Please enter your name here

Exit mobile version