ਹਰਿਆਣਾ: ਹਰਿਆਣਾ ‘ਚ ਮਾਨਸੂਨ ਦੀਆਂ ਗਤੀਵਿਧੀਆਂ ‘ਚ ਇਕ ਵਾਰ ਫਿਰ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਮੌਸਮ ਵਿਭਾਗ (IMD), ਚੰਡੀਗੜ੍ਹ ਦੀ ਭਵਿੱਖਬਾਣੀ ਅਨੁਸਾਰ ਅੱਜ , ਸ਼ਨੀਵਾਰ ਨੂੰ ਸੂਬੇ ਦੇ 16 ਜ਼ਿਲ੍ਹਿਆਂ ਵਿੱਚ ਮੀਂਹ ਪੈ ਸਕਦਾ ਹੈ। ਇਨ੍ਹਾਂ ਵਿੱਚ ਪੰਚਕੂਲਾ, ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਕੈਥਲ, ਕਰਨਾਲ, ਪਾਣੀਪਤ, ਸੋਨੀਪਤ, ਰੋਹਤਕ, ਝੱਜਰ, ਗੁਰੂਗ੍ਰਾਮ, ਫਰੀਦਾਬਾਦ, ਨੂਹ, ਪਲਵਲ, ਰੇਵਾੜੀ ਅਤੇ ਮਹਿੰਦਰਗੜ੍ਹ ਸ਼ਾਮਲ ਹਨ। ਅੱਜ ਸਵੇਰੇ ਪਾਣੀਪਤ ਦੇ ਕੁਝ ਇਲਾਕਿਆਂ ‘ਚ ਮੀਂਹ ਪਿਆ ।
ਜਦਕਿ ਕਰਨਾਲ, ਸੋਨੀਪਤ ਅਤੇ ਭਿਵਾਨੀ ‘ਚ ਸਵੇਰ ਤੋਂ ਹੀ ਬੱਦਲ ਛਾਏ ਰਹੇ। ਵਿਭਾਗ ਨੇ ਐਤਵਾਰ ਅਤੇ ਸੋਮਵਾਰ ਨੂੰ ਵੀ ਸੂਬੇ ਦੇ ਕਈ ਹਿੱਸਿਆਂ ਵਿੱਚ ਚੰਗਾ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਵੀ ਹਰਿਆਣਾ ਦੇ ਸੱਤ ਜ਼ਿਲ੍ਹਿਆਂ ਵਿੱਚ ਮੀਂਹ ਦਰਜ ਕੀਤਾ ਗਿਆ ਸੀ। ਮੀਂਹ ਕਾਰਨ ਸੂਬੇ ਦੇ ਔਸਤ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ ਪੱਛਮੀ ਹਰਿਆਣਾ ਦੇ ਕੁਝ ਜ਼ਿਲ੍ਹਿਆਂ ਵਿੱਚ ਗਰਮੀ ਦਾ ਅਸਰ ਹਾਲੇੇ ਵੀ ਬਰਕਰਾਰ ਹੈ।
ਸਿਰਸਾ ਅਤੇ ਹਿਸਾਰ ਵਿੱਚ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਤੋਂ ਉੱਪਰ ਦਰਜ ਕੀਤਾ ਗਿਆ। ਜਦੋਂ ਕਿ ਅੰਬਾਲਾ ਅਤੇ ਚਰਖੀ ਦਾਦਰੀ ਵਿੱਚ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਤੋਂ ਵੱਧ ਰਿਹਾ। ਵਿਭਾਗ ਮੁਤਾਬਕ ਅਗਲੇ ਦੋ ਦਿਨਾਂ ‘ਚ ਬਰਸਾਤ ਕਾਰਨ ਤਾਪਮਾਨ ‘ਚ ਹੋਰ ਗਿਰਾਵਟ ਆ ਸਕਦੀ ਹੈ। ਇਸ ਨਾਲ ਲੋਕਾਂ ਨੂੰ ਨਮੀ ਅਤੇ ਗਰਮੀ ਤੋਂ ਰਾਹਤ ਮਿਲ ਸਕਦੀ ਹੈ।










