ਚੰਡੀਗੜ੍ਹ: ਪੰਜਾਬ ਵਿੱਚ 27 ਨਵੰਬਰ ਨੂੰ ਰਾਤ 8 ਵਜੇ ਸਾਰੇ ਜ਼ਿਲ੍ਹਿਆਂ ਵਿੱਚ ਏਅਰ ਰੇਡ ਅਤੇ ਬਲੈਕਆਊਟ ਮੌਕ ਡ੍ਰਿਲ ਕਰਵਾਈ ਜਾਵੇਗੀ। ਕੇਂਦਰੀ ਗ੍ਰਹਿ ਮੰਤਰਾਲੇ ਦੇ ਨਿਰਦੇਸ਼ਾਂ ਅਨੁਸਾਰ ਹੋਣ ਵਾਲੇ ਇਸ ਅਭਿਆਸ ਦਾ ਮਕਸਦ ਨਾਗਰਿਕ ਸੁਰੱਖਿਆ ਪ੍ਰਬੰਧਾਂ ਅਤੇ ਐਮਰਜੈਂਸੀ ਹਾਲਾਤ ਨਾਲ ਨਜਿੱਠਣ ਦੀਆਂ ਤਿਆਰੀਆਂ ਨੂੰ ਪਰਖਣਾ ਹੈ। ਇਸ ਦੌਰਾਨ ਸਾਇਰਨ ਵਜਾ ਕੇ ਹਵਾਈ ਹਮਲੇ ਦੀ ਚਿਤਾਵਨੀ ਦੇਣ ਅਤੇ ਲੋਕਾਂ ਨੂੰ ਸੁਰੱਖਿਅਤ ਕਰਨ ਦੀ ਪ੍ਰਕਿਰਿਆ ਦਾ ਅਭਿਆਸ ਕੀਤਾ ਜਾਵੇਗਾ।
ਦੋ ਮਿੰਟ ਤੱਕ ਵੱਜਣਗੇ ਸਾਇਰਨ, ਚੁਣੇ ਇਲਾਕਿਆਂ ‘ਚ ਹੋਵੇਗਾ ਬਲੈਕਆਊਟ
ਮੌਕ ਡ੍ਰਿਲ ਦੀ ਸ਼ੁਰੂਆਤ ਦੋ ਮਿੰਟ ਤੱਕ ਸਾਇਰਨ ਵਜਾ ਕੇ ਕੀਤੀ ਜਾਵੇਗੀ। ਇਸ ਤੋਂ ਬਾਅਦ ਡਿਪਟੀ ਕਮਿਸ਼ਨਰਾਂ ਅਤੇ ਸਿਵਲ ਡਿਫੈਂਸ ਕੰਟਰੋਲਰਾਂ ਵੱਲੋਂ ਚੁਣੇ ਗਏ ਇਲਾਕਿਆਂ ਵਿੱਚ ਸੰਕੇਤਕ ਬਲੈਕਆਊਟ ਕੀਤਾ ਜਾਵੇਗਾ।
ਇਸ ਦੌਰਾਨ ਸਬੰਧਤ ਇਲਾਕਿਆਂ ਦੇ ਲੋਕਾਂ ਨੂੰ ਗੈਰ-ਜ਼ਰੂਰੀ ਲਾਈਟਾਂ ਬੰਦ ਰੱਖਣ ਲਈ ਕਿਹਾ ਜਾਵੇਗਾ। ਹਾਲਾਂਕਿ ਹਸਪਤਾਲਾਂ ਅਤੇ ਹੋਰ ਜ਼ਰੂਰੀ ਸੇਵਾਵਾਂ ਆਮ ਵਾਂਗ ਜਾਰੀ ਰਹਿਣਗੀਆਂ।
ਅੱਗ ਬੁਝਾਉਣ ਅਤੇ ਬਚਾਅ ਕਾਰਜਾਂ ਦਾ ਵੀ ਹੋਵੇਗਾ ਅਭਿਆਸ
ਇਸ ਅਭਿਆਸ ਦੌਰਾਨ ਸਿਰਫ਼ ਸਾਇਰਨ ਅਤੇ ਬਲੈਕਆਊਟ ਹੀ ਨਹੀਂ, ਸਗੋਂ ਹੋਰ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਦੀ ਤਿਆਰੀ ਵੀ ਜਾਂਚੀ ਜਾਵੇਗੀ। ਇਸ ਵਿੱਚ ਅੱਗ ਬੁਝਾਉਣ, ਤਲਾਸ਼ੀ ਅਤੇ ਬਚਾਅ ਕਾਰਜ ਕਰਨ, ਜ਼ਖ਼ਮੀਆਂ ਨੂੰ ਮੁੱਢਲੀ ਸਹਾਇਤਾ ਦੇਣ ਅਤੇ ਉਨ੍ਹਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਉਣ ਦਾ ਅਭਿਆਸ ਸ਼ਾਮਲ ਹੋਵੇਗਾ।
ਇਸ ਤੋਂ ਇਲਾਵਾ ਆਵਾਜਾਈ ਅਤੇ ਭੀੜ ਨੂੰ ਕੰਟਰੋਲ ਕਰਨ ਸਬੰਧੀ ਪ੍ਰਬੰਧਾਂ ਦੀ ਵੀ ਜਾਂਚ ਕੀਤੀ ਜਾਵੇਗੀ। ਅਭਿਆਸ ਦੇ ਅੰਤ ਵਿੱਚ ਲਗਾਤਾਰ ਦੋ ਮਿੰਟ ਤੱਕ ਉੱਚੀ ਆਵਾਜ਼ ਵਾਲਾ ਸਾਇਰਨ ਵਜਾਇਆ ਜਾਵੇਗਾ, ਜੋ ‘ਆਲ ਕਲੀਅਰ’ ਦਾ ਸੰਕੇਤ ਹੋਵੇਗਾ।
ਪ੍ਰਸ਼ਾਸਨ ਨੇ ਲੋਕਾਂ ਨੂੰ ਨਾ ਘਬਰਾਉਣ ਦੀ ਕੀਤੀ ਅਪੀਲ
ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸਪੱਸ਼ਟ ਕੀਤਾ ਗਿਆ ਹੈ ਕਿ 27 ਨਵੰਬਰ ਨੂੰ ਸਾਇਰਨ ਦੀ ਆਵਾਜ਼ ਸੁਣ ਕੇ ਘਬਰਾਉਣ ਦੀ ਲੋੜ ਨਹੀਂ ਹੈ। ਇਹ ਕਿਸੇ ਅਸਲ ਹਵਾਈ ਹਮਲੇ ਦੀ ਚਿਤਾਵਨੀ ਨਹੀਂ, ਬਲਕਿ ਨਾਗਰਿਕ ਸੁਰੱਖਿਆ ਪ੍ਰਬੰਧਾਂ ਨੂੰ ਪਰਖਣ ਲਈ ਕਰਵਾਈ ਜਾ ਰਹੀ ਮੌਕ ਡ੍ਰਿਲ ਹੈ।
ਇਸ ਅਭਿਆਸ ਦਾ ਮੁੱਖ ਉਦੇਸ਼ ਪੁਲਿਸ, ਪ੍ਰਸ਼ਾਸਨ, ਸਿਹਤ ਵਿਭਾਗ, ਫਾਇਰ ਬ੍ਰਿਗੇਡ ਅਤੇ ਹੋਰ ਸਬੰਧਤ ਵਿਭਾਗਾਂ ਵਿਚਾਲੇ ਤਾਲਮੇਲ ਮਜ਼ਬੂਤ ਕਰਨਾ ਹੈ, ਤਾਂ ਜੋ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।
