ਮੁਰਸ਼ਿਦਾਬਾਦ : ਪੱਛਮੀ ਬੰਗਾਲ ਦੇ ਮੁਸਲਿਮ ਬਹੁਗਿਣਤੀ ਵਾਲੇ ਮੁਰਸ਼ਿਦਾਬਾਦ ਜ਼ਿਲ੍ਹੇ ‘ਚ ਵਕਫ (ਸੋਧ) ਕਾਨੂੰਨ ਵਿਰੁੱਧ ਪ੍ਰਦਰਸ਼ਨ ਦੌਰਾਨ ਭੜਕੀ ਹਿੰਸਾ ਦੇ ਮਾਮਲੇ ‘ਚ 110 ਤੋਂ ਵੱਧ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਅੱਜ ਇਹ ਜਾਣਕਾਰੀ ਦਿੱਤੀ। ਨਵੇਂ ਕਾਨੂੰਨ ਨੂੰ ਲੈ ਕੇ ਮਾਲਦਾ, ਮੁਰਸ਼ਿਦਾਬਾਦ, ਦੱਖਣੀ 24 ਪਰਗਨਾ ਅਤੇ ਹੁਗਲੀ ਜ਼ਿਲ੍ਹਿਆਂ ‘ਚ ਬੀਤੇ ਦਿਨ ਹਿੰਸਾ ਭੜਕ ਗਈ, ਜਿਸ ‘ਚ ਪੁਲਿਸ ਵੈਨਾਂ ਸਮੇਤ ਕਈ ਵਾਹਨਾਂ ਨੂੰ ਅੱਗ ਲਾ ਦਿੱਤੀ ਗਈ, ਸੁਰੱਖਿਆ ਬਲਾਂ ‘ਤੇ ਪੱਥਰਬਾਜ਼ੀ ਕੀਤੀ ਗਈ ਅਤੇ ਸੜਕਾਂ ਜਾਮ ਕਰ ਦਿੱਤੀਆਂ ਗਈਆਂ। ਪੁਲਿਸ ਨੇ ਦੱਸਿਆ ਕਿ ਇਨ੍ਹਾਂ ਸਾਰੇ ਜ਼ਿਲ੍ਹਿਆਂ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਮੁਰਸ਼ੀਦਾਬਾਦ ਵਿੱਚ 110 ਤੋਂ ਵੱਧ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਹਿੰਸਾ ਦੇ ਸਬੰਧ ‘ਚ ਸੂਤੀ ਤੋਂ ਕਰੀਬ 70 ਅਤੇ ਸ਼ਮਸ਼ੇਰਗੰਜ ਤੋਂ 41 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ‘
ਅਧਿਕਾਰੀਆਂ ਨੇ ਦੱਸਿਆ ਕਿ ਹਿੰਸਾ ਪ੍ਰਭਾਵਿਤ ਇਨ੍ਹਾਂ ਥਾਵਾਂ ‘ਤੇ ਅੱਜ ਸਵੇਰੇ ਸਥਿਤੀ ਤਣਾਅਪੂਰਨ ਬਣੀ ਰਹੀ ਪਰ ਕਿਸੇ ਅਣਸੁਖਾਵੀਂ ਘਟਨਾ ਦੀ ਖ਼ਬਰ ਨਹੀਂ ਹੈ। ਉਨ੍ਹਾਂ ਕਿਹਾ ਕਿ ਸਭ ਤੋਂ ਵੱਧ ਪ੍ਰਭਾਵਿਤ ਮੁਰਸ਼ਿਦਾਬਾਦ ਜ਼ਿਲ੍ਹੇ ‘ਚ ਮਨਾਹੀ ਦੇ ਹੁਕਮ ਲਾਗੂ ਕਰ ਦਿੱਤੇ ਗਏ ਹਨ ਅਤੇ ਹਿੰਸਾ ਵਾਲੀਆਂ ਥਾਵਾਂ ‘ਤੇ ਇੰਟਰਨੈੱਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸੂਤੀ ਅਤੇ ਸ਼ਮਸ਼ੇਰਗੰਜ ਇਲਾਕਿਆਂ ‘ਚ ਗਸ਼ਤ ਜਾਰੀ ਹੈ। ਕਿਸੇ ਨੂੰ ਵੀ ਕਿਤੇ ਇਕੱਠੇ ਹੋਣ ਦੀ ਇਜਾਜ਼ਤ ਨਹੀਂ ਹੈ। ਅਸੀਂ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਵਿਗਾੜਨ ਦੀ ਕਿਸੇ ਵੀ ਕੋਸ਼ਿਸ਼ ਦੀ ਆਗਿਆ ਨਹੀਂ ਦੇਵਾਂਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੋਸ਼ਲ ਮੀਡੀਆ ‘ਤੇ ਆ ਰਹੀਆਂ ਅਫਵਾਹਾਂ ‘ਤੇ ਧਿਆਨ ਨਾ ਦੇਣ। ਇਸ ਦੌਰਾਨ ਪੁਲਿਸ ਨੇ ਦੱਸਿਆ ਕਿ ਸੂਤੀ ‘ਚ ਝੜਪ ਦੌਰਾਨ ਕਥਿਤ ਪੁਲਿਸ ਗੋਲੀਬਾਰੀ ‘ਚ ਜ਼ਖਮੀ ਹੋਏ ਇਕ ਨਾਬਾਲਗ ਲੜਕੇ ਨੂੰ ਕੋਲਕਾਤਾ ਦੇ ਇਕ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਜਿਨ੍ਹਾਂ ਜ਼ਿਲ੍ਹਿਆਂ ਵਿੱਚ ਹਿੰਸਾ ਹੋਈ, ਉੱਥੇ ਮੁਸਲਮਾਨਾਂ ਦੀ ਵੱਡੀ ਆਬਾਦੀ ਹੈ।
ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਮਮਤਾ ਬੈਨਰਜੀ ਸਰਕਾਰ ‘ਤੇ ਹਮਲਾ ਕਰਦਿਆਂ ਕਿਹਾ ਕਿ ਜੇਕਰ ਉਹ ਸਥਿਤੀ ਨਾਲ ਨਜਿੱਠਣ ‘ਚ ਅਸਮਰੱਥ ਹਨ ਤਾਂ ਉਨ੍ਹਾਂ ਨੂੰ ਕੇਂਦਰ ਤੋਂ ਮਦਦ ਲੈਣੀ ਚਾਹੀਦੀ ਹੈ। ਵਿਰੋਧੀ ਧਿਰ ਦੇ ਨੇਤਾ ਸ਼ੁਵੇਂਦੂ ਅਧਿਕਾਰੀ ਨੇ ‘ਐਕਸ’ ‘ਤੇ ਇਕ ਪੋਸਟ ਵਿਚ ਕਿਹਾ, ‘ਇਹ ਜਾਣਿਆ ਜਾਂਦਾ ਹੈ ਕਿ ਇਹ ਸਿਰਫ ਵਿਰੋਧ ਪ੍ਰਦਰਸ਼ਨ ਨਹੀਂ ਸੀ, ਬਲਕਿ ਹਿੰਸਾ ਦੀ ਪਹਿਲਾਂ ਤੋਂ ਯੋਜਨਾਬੱਧ ਕਾਰਵਾਈ ਸੀ, ਜੇਹਾਦੀ ਤਾਕਤਾਂ ਦੁਆਰਾ ਲੋਕਤੰਤਰ ਅਤੇ ਸ਼ਾਸਨ ‘ਤੇ ਹਮਲਾ ਸੀ ਜੋ ਆਪਣੇ ਦਬਦਬੇ ਦਾ ਦਾਅਵਾ ਕਰਨ ਲਈ ਅਰਾਜਕਤਾ ਫੈਲਾਉਣਾ ਚਾਹੁੰਦੇ ਹਨ ਅਤੇ ਸਾਡੇ ਸਮਾਜ ਦੇ ਹੋਰ ਭਾਈਚਾਰਿਆਂ ਵਿਚ ਡਰ ਪੈਦਾ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਜਨਤਕ ਜਾਇਦਾਦ ਨੂੰ ਤਬਾਹ ਕੀਤਾ ਗਿਆ, ਸਰਕਾਰੀ ਅਧਿਕਾਰੀਆਂ ਨੂੰ ਡਰਾਇਆ ਗਿਆ ਅਤੇ ਡਰ ਦਾ ਮਾਹੌਲ ਪੈਦਾ ਕੀਤਾ ਗਿਆ। ਮਮਤਾ ਬੈਨਰਜੀ ਸਰਕਾਰ ਦੀ ਚੁੱਪੀ ਬਹੁਤ ਹੈਰਾਨਕਰਨ ਵਾਲੀ ਹੈ। ਅਧਿਕਾਰੀ ਨੇ ਕਿਹਾ ਕਿ ਹਿੰਸਾ ਦੇ ਪਿੱਛੇ ਲੋਕਾਂ ਦੀ ਪਛਾਣ ਕੀਤੀ ਜਾਣੀ ਚਾਹੀਦੀ ਹੈ, ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਹੈ ਅਤੇ ਕਾਨੂੰਨ ਦੀਆਂ ਸਖਤ ਧਾਰਾਵਾਂ ਤਹਿਤ ਮੁਕੱਦਮਾ ਚਲਾਇਆ ਜਾਣਾ ਚਾਹੀਦਾ ਹੈ।









