ਅੰਮ੍ਰਿਤਸਰ: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਜੁੜੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਉਨ੍ਹਾਂ ਦੀ ਦਾਦੀ ਚਰਨ ਕੌਰ ਦਾ ਬੀਤੇ ਦਿਨੀਂ ਐਤਵਾਰ ਨੂੰ ਦੇਹਾਂਤ ਹੋ ਗਿਆ। ਇਸ ਖ਼ਬਰ ਤੋਂ ਬਾਅਦ ਪਰਿਵਾਰ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਜੱਦੀ ਪਿੰਡ ਜੱਲੂਪੁਰ ਖੇੜਾ ਵਿਖੇ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਕੁਝ ਦਿਨ ਪਹਿਲਾਂ ਹੀ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਨੇ ਆਪਣੀ ਦਾਦੀ ਨਾਲ ਵੀਡੀਓ ਕਾਲ ਰਾਹੀਂ ਗੱਲਬਾਤ ਕੀਤੀ ਸੀ। ਇਸ ਗੱਲਬਾਤ ਲਈ ਅਦਾਲਤ ਵੱਲੋਂ 10 ਮਿੰਟ ਦਾ ਸਮਾਂ ਦਿੱਤਾ ਗਿਆ ਸੀ। ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਵੀ ਇਸ ਗੱਲ ਦੀ ਪੁਸ਼ਟੀ ਕੀਤੀ ਸੀ।
ਦਰਅਸਲ, ਚਰਨ ਕੌਰ ਦੀ ਉਮਰ ਕਰੀਬ 85 ਸਾਲ ਸੀ ਅਤੇ ਉਹ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਅੰਮ੍ਰਿਤਪਾਲ ਸਿੰਘ ਦੇ ਵਕੀਲਾਂ ਵੱਲੋਂ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਉਨ੍ਹਾਂ ਨੂੰ ਆਪਣੀ ਬਿਮਾਰ ਦਾਦੀ ਨਾਲ ਗੱਲ ਕਰਨ ਦੀ ਇਜਾਜ਼ਤ ਦੇਣ ਦੀ ਮੰਗ ਕੀਤੀ ਗਈ ਸੀ। ਅਦਾਲਤ ਦੇ ਹੁਕਮਾਂ ਤੋਂ ਬਾਅਦ ਇਹ ਵੀਡੀਓ ਕਾਲ ਸੰਭਵ ਹੋ ਸਕੀ।
ਅੰਮ੍ਰਿਤਪਾਲ ਸਿੰਘ ਵਿਰੁੱਧ 24 ਫਰਵਰੀ 2023 ਨੂੰ ਅਜਨਾਲਾ ਪੁਲਿਸ ਥਾਣੇ ਵਿੱਚ ਮਾਮਲਾ ਦਰਜ ਕੀਤਾ ਗਿਆ ਸੀ। ਇਹ ਕਾਰਵਾਈ ਉਸ ਘਟਨਾ ਤੋਂ ਬਾਅਦ ਹੋਈ ਸੀ, ਜਦੋਂ ਉਹ ਆਪਣੇ ਸਮਰਥਕਾਂ ਸਮੇਤ ਥਾਣੇ ਪਹੁੰਚੇ ਸਨ ਅਤੇ ਆਪਣੇ ਇੱਕ ਸਾਥੀ ਨੂੰ ਛੁਡਵਾਇਆ ਸੀ।
ਇਸ ਮਾਮਲੇ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਕਰੀਬ ਇੱਕ ਮਹੀਨੇ ਤੱਕ ਫਰਾਰ ਰਹੇ। ਆਖ਼ਰਕਾਰ 23 ਅਪ੍ਰੈਲ 2023 ਨੂੰ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਕੌਮੀ ਸੁਰੱਖਿਆ ਕਾਨੂੰਨ (NSA) ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਰੱਖਿਆ ਗਿਆ।
ਦੂਜੇ ਪਾਸੇ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਨੇ ਵੀ ਪੰਜਾਬ ਦੀ ਸਿਆਸਤ ਵਿੱਚ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਵੱਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਦੀ ਤਿਆਰੀ ਕੀਤੀ ਜਾ ਰਹੀ ਹੈ। ਇਹ ਪਹਿਲੀ ਵਾਰ ਹੋਵੇਗਾ ਜਦੋਂ ਪਾਰਟੀ ਵਿਧਾਨ ਸਭਾ ਚੋਣਾਂ ਦੇ ਮੈਦਾਨ ਵਿੱਚ ਉਤਰੇਗੀ। ਪਾਰਟੀ ਵੱਲੋਂ ਕੁਝ ਵਿਧਾਨ ਸਭਾ ਹਲਕਿਆਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਵੀ ਕੀਤਾ ਜਾ ਚੁੱਕਾ ਹੈ।
