ਅਹਿਮਦਾਬਾਦ: ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਇੱਕ ਵਾਰ ਫਿਰ ਆਪਣੇ ਗੀਤਾਂ ਨੂੰ ਲੈ ਕੇ ਵਿਵਾਦਾਂ ਵਿੱਚ ਘਿਰ ਗਏ ਹਨ। ਉਨ੍ਹਾਂ ਦੇ ‘ਔਰਾ ਇੰਡੀਆ ਟੂਰ 2026’ ਤਹਿਤ 21 ਨਵੰਬਰ ਨੂੰ ਅਹਿਮਦਾਬਾਦ ਵਿੱਚ ਹੋਣ ਵਾਲੇ ਕੰਸਰਟ ਤੋਂ ਪਹਿਲਾਂ ਚੰਡੀਗੜ੍ਹ ਦੇ ਇੱਕ ਪ੍ਰੋਫੈਸਰ ਨੇ ਉਨ੍ਹਾਂ ਦੇ ਚਾਰ ਗੀਤਾਂ ‘ਤੇ ਇਤਰਾਜ਼ ਜਤਾਇਆ ਹੈ। ਪ੍ਰੋਫੈਸਰ ਨੇ ਮੰਗ ਕੀਤੀ ਹੈ ਕਿ ਇਹ ਗੀਤ ਕੰਸਰਟ ਦੌਰਾਨ ਨਾ ਗਾਏ ਜਾਣ।
ਚੰਡੀਗੜ੍ਹ ਦੇ ਸੈਕਟਰ-46 ਸਥਿਤ ਪੋਸਟ ਗ੍ਰੈਜੂਏਟ ਗੌਰਮਿੰਟ ਕਾਲਜ ਦੇ ਸਮਾਜ ਸ਼ਾਸਤਰ ਵਿਭਾਗ ਵਿੱਚ ਐਸੋਸੀਏਟ ਪ੍ਰੋਫੈਸਰ ਡਾ. ਪੰਡਿਤ ਰਾਓ ਧਰੇਨਵਰ ਨੇ ਦਿਲਜੀਤ ਦੇ ਗੀਤ ‘ਪਟਿਆਲਾ ਪੈੱਗ’, ‘ਪੰਜ ਤਾਰਾ’, ‘ਜੇਬ ਵਿੱਚੋਂ ਫੀਮ ਲੱਭੀ ਆ’ ਅਤੇ ‘ਜੱਟ ਉੱਤੇ ਫਾਇਰ ਕਰਦਾ’ ‘ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ।
ਉਨ੍ਹਾਂ ਦਾ ਦਾਅਵਾ ਹੈ ਕਿ ਇਨ੍ਹਾਂ ਗੀਤਾਂ ਦੇ ਬੋਲ ਸ਼ਰਾਬ, ਨਸ਼ਿਆਂ ਅਤੇ ਹਥਿਆਰਾਂ ਦੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਦੇ ਹਨ। ਇਸ ਨਾਲ ਬੱਚਿਆਂ ਅਤੇ ਨੌਜਵਾਨਾਂ ‘ਤੇ ਮਾੜਾ ਪ੍ਰਭਾਵ ਪੈ ਸਕਦਾ ਹੈ।
ਪ੍ਰੋਫੈਸਰ ਧਰੇਨਵਰ ਨੇ ਸਾਲ 2019 ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜਾਰੀ ਹੁਕਮਾਂ ਦੇ ਨਾਲ-ਨਾਲ ਕੇਂਦਰ ਸਰਕਾਰ ਦੇ ‘ਨਸ਼ਾ ਮੁਕਤ ਭਾਰਤ ਅਭਿਆਨ’ ਦਾ ਵੀ ਹਵਾਲਾ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਨਿਯਮਾਂ ਦੇ ਬਾਵਜੂਦ ਦਿਲਜੀਤ ਨੇ ਦਿੱਲੀ ਅਤੇ ਇੰਦੌਰ ਦੇ ਕੰਸਰਟਾਂ ਵਿੱਚ ਇਹ ਗੀਤ ਗਾਏ ਸਨ।
ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਅਹਿਮਦਾਬਾਦ ਦੇ ਸ਼ੋਅ ਦੌਰਾਨ ਇਹ ਚਾਰੇ ਗੀਤ ਗਾਏ ਗਏ ਤਾਂ ਉਹ ਗੁਜਰਾਤ ਹਾਈਕੋਰਟ ਦਾ ਦਰਵਾਜ਼ਾ ਖੜਕਾਉਣਗੇ ਅਤੇ ਅਦਾਲਤ ਦੀ ਮਾਣਹਾਨੀ ਸਬੰਧੀ ਕਾਰਵਾਈ ਦੀ ਮੰਗ ਕਰਨਗੇ।
ਉੱਧਰ, ਦਿਲਜੀਤ ਦੇ ਕੰਸਰਟ ਨੂੰ ਲੈ ਕੇ ਅਹਿਮਦਾਬਾਦ ਪੁਲਿਸ ਨੇ ਵੀ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਹਨ। ਵੱਡੀ ਗਿਣਤੀ ਵਿੱਚ ਲੋਕਾਂ ਦੇ ਪਹੁੰਚਣ ਦੀ ਸੰਭਾਵਨਾ ਨੂੰ ਦੇਖਦਿਆਂ ਲਗਭਗ 2 ਹਜ਼ਾਰ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।
ਅਹਿਮਦਾਬਾਦ ਦੇ ਪੁਲਿਸ ਕਮਿਸ਼ਨਰ ਅਨੁਪਮ ਸਿੰਘ ਗਹਿਲੋਤ ਮੁਤਾਬਕ, ਸਮਾਗਮ ਦੌਰਾਨ ਕਾਨੂੰਨ-ਵਿਵਸਥਾ ਬਣਾਈ ਰੱਖਣ ਅਤੇ ਭੀੜ ਨੂੰ ਸੰਭਾਲਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।






