ਨਵੀਂ ਦਿੱਲੀ: ਪੱਛਮੀ ਦਿੱਲੀ ਦੇ ਤਿਲਕ ਨਗਰ ਸਥਿਤ ਇਕ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੇ ਸਬੰਧ ਵਿੱਚ ਦਿੱਲੀ ਪੁਲਿਸ ਨੇ ਕਰੀਬ 45 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ।
ਪੁਲਿਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ, ਮੁਲਜ਼ਮ ਨਸ਼ੇ ਦੀ ਹਾਲਤ ਵਿੱਚ ਗੁਰਦੁਆਰਾ ਸਾਹਿਬ ਅੰਦਰ ਦਾਖ਼ਲ ਹੋਇਆ ਸੀ। ਇਸ ਦੌਰਾਨ ਉਸ ਨੇ ਪਵਿੱਤਰ ਸਰੂਪ ਦੇ ਪੰਨੇ ਪਾੜ ਦਿੱਤੇ। ਦੱਸਿਆ ਜਾ ਰਿਹਾ ਹੈ ਕਿ ਮੰਗਲਵਾਰ ਨੂੰ ਜਦੋਂ ਉਹ ਮੁੜ ਗੁਰਦੁਆਰਾ ਸਾਹਿਬ ਪਹੁੰਚਿਆ ਤਾਂ ਉੱਥੇ ਮੌਜੂਦ ਨਿਹੰਗ ਸਿੰਘਾਂ ਨੇ ਉਸ ਨੂੰ ਕਾਬੂ ਕਰ ਲਿਆ ਅਤੇ ਬਾਅਦ ਵਿੱਚ ਪੁਲਿਸ ਦੇ ਹਵਾਲੇ ਕਰ ਦਿੱਤਾ।
ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਭਾਰਤੀ ਦੰਡ ਸੰਹਿਤਾ (IPC) ਦੀਆਂ ਧਾਰਾਵਾਂ 298 ਅਤੇ 299 ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਘਟਨਾ ਨਾਲ ਜੁੜੇ ਹੋਰ ਤੱਥਾਂ ਦੀ ਪੜਤਾਲ ਕੀਤੀ ਜਾ ਰਹੀ ਹੈ।






