Home Punjab ਪੰਜਾਬ ‘ਚ ਪਰਾਲੀ ਸਾੜਨ ਦੇ 5 ਹਜ਼ਾਰ ਤੋਂ ਵੱਧ ਮਾਮਲੇ, 79.75 ਲੱਖ...

ਪੰਜਾਬ ‘ਚ ਪਰਾਲੀ ਸਾੜਨ ਦੇ 5 ਹਜ਼ਾਰ ਤੋਂ ਵੱਧ ਮਾਮਲੇ, 79.75 ਲੱਖ ਦਾ ਜੁਰਮਾਨਾ; ਤਰਨਤਾਰਨ ਸਭ ਤੋਂ ਅੱਗੇ

0

ਪਟਿਆਲਾ: ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਝੋਨੇ ਦੀ ਕਟਾਈ ਦਾ ਸੀਜ਼ਨ ਆਖ਼ਰੀ ਪੜਾਅ ’ਤੇ ਪਹੁੰਚਣ ਦੇ ਬਾਵਜੂਦ ਖੇਤਾਂ ਵਿੱਚ ਪਰਾਲੀ ਸਾੜਨ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ 10 ਨਵੰਬਰ ਤੱਕ ਦੀ ਰਿਪੋਰਟ ਮੁਤਾਬਕ ਸੂਬੇ ਵਿੱਚ ਹੁਣ ਤੱਕ ਪਰਾਲੀ ਸਾੜਨ ਦੀਆਂ ਕੁੱਲ 5,002 ਘਟਨਾਵਾਂ ਦਰਜ ਕੀਤੀਆਂ ਗਈਆਂ ਹਨ।

ਰਿਪੋਰਟ ਅਨੁਸਾਰ, ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਵਾਤਾਵਰਣ ਮੁਆਵਜ਼ੇ ਤਹਿਤ 1,574 ਮਾਮਲਿਆਂ ’ਤੇ ਕਾਰਵਾਈ ਕੀਤੀ ਗਈ ਹੈ। ਇਨ੍ਹਾਂ ਮਾਮਲਿਆਂ ਵਿੱਚ ਕੁੱਲ 79.75 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ, ਜਿਸ ਵਿੱਚੋਂ 36.40 ਲੱਖ ਰੁਪਏ ਦੀ ਵਸੂਲੀ ਹੋ ਚੁੱਕੀ ਹੈ। ਇਸ ਤੋਂ ਇਲਾਵਾ 1,155 ਮਾਮਲਿਆਂ ਵਿੱਚ FIR ਦਰਜ ਕੀਤੀ ਗਈ ਹੈ, ਜਦਕਿ 1,342 ਮਾਮਲਿਆਂ ਵਿੱਚ ਮਾਲੀਆ ਰਿਕਾਰਡ ਅੰਦਰ ਰੈੱਡ ਐਂਟਰੀ ਕੀਤੀ ਗਈ ਹੈ।

 ਸਭ ਤੋਂ ਵੱਧ ਪਰਾਲੀ ਸਾੜਨ ਦੇ ਮਾਮਲੇ 

ਜ਼ਿਲ੍ਹਾਵਾਰ ਅੰਕੜਿਆਂ ਮੁਤਾਬਕ ਤਰਨਤਾਰਨ 676 ਮਾਮਲਿਆਂ ਨਾਲ ਸੂਬੇ ਵਿੱਚ ਪਹਿਲੇ ਨੰਬਰ ’ਤੇ ਹੈ। ਇਸ ਤੋਂ ਬਾਅਦ ਫਿਰੋਜ਼ਪੁਰ ਵਿੱਚ 654, ਸੰਗਰੂਰ ਵਿੱਚ 566, ਬਠਿੰਡਾ ਵਿੱਚ 439 ਅਤੇ ਪਟਿਆਲਾ ਵਿੱਚ 339 ਘਟਨਾਵਾਂ ਦਰਜ ਕੀਤੀਆਂ ਗਈਆਂ ਹਨ।

5.80 ਲੱਖ ਦਾ ਜੁਰਮਾਨਾ

ਪਟਿਆਲਾ ਜ਼ਿਲ੍ਹੇ ਵਿੱਚ ਹੁਣ ਤੱਕ ਪਰਾਲੀ ਸਾੜਨ ਦੀਆਂ 339 ਘਟਨਾਵਾਂ ਸਾਹਮਣੇ ਆਈਆਂ ਹਨ। ਇਨ੍ਹਾਂ ਵਿੱਚੋਂ 115 ਮਾਮਲਿਆਂ ਵਿੱਚ ਵਾਤਾਵਰਣ ਮੁਆਵਜ਼ਾ ਲਗਾਇਆ ਗਿਆ ਹੈ। ਇਸ ਤਹਿਤ 5.80 ਲੱਖ ਰੁਪਏ ਦਾ ਜੁਰਮਾਨਾ ਤੈਅ ਕੀਤਾ ਗਿਆ, ਜਿਸ ਵਿੱਚੋਂ 2.40 ਲੱਖ ਰੁਪਏ ਵਸੂਲੇ ਜਾ ਚੁੱਕੇ ਹਨ।

ਇਸ ਤੋਂ ਇਲਾਵਾ ਪਟਿਆਲਾ ਵਿੱਚ 123 ਮਾਮਲਿਆਂ ਵਿੱਚ FIR ਦਰਜ ਕੀਤੀ ਗਈ ਹੈ ਅਤੇ 97 ਮਾਮਲਿਆਂ ਵਿੱਚ ਮਾਲੀਆ ਰਿਕਾਰਡ ਵਿੱਚ ਰੈੱਡ ਐਂਟਰੀ ਕੀਤੀ ਗਈ ਹੈ। ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ 225 ਚਿਤਾਵਨੀ ਨੋਟਿਸ ਵੀ ਜਾਰੀ ਕੀਤੇ ਗਏ ਹਨ।

18 ਨਿਗਰਾਨ ਅਧਿਕਾਰੀਆਂ ਖ਼ਿਲਾਫ਼ ਕਾਰਵਾਈ

ਰਿਪੋਰਟ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਕਥਿਤ ਲਾਪਰਵਾਹੀ ਲਈ 18 ਨਿਗਰਾਨ ਅਧਿਕਾਰੀਆਂ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਕਾਰਵਾਈ ਦਾ ਵੀ ਜ਼ਿਕਰ ਕੀਤਾ ਗਿਆ ਹੈ। ਇਨ੍ਹਾਂ ਵਿੱਚ ਫਿਰੋਜ਼ਪੁਰ ਦੇ 5 ਅਤੇ ਤਰਨਤਾਰਨ ਦੇ 13 ਅਧਿਕਾਰੀ ਸ਼ਾਮਲ ਹਨ। ਹਾਲਾਂਕਿ ਰਿਪੋਰਟ ਮੁਤਾਬਕ ਅਜੇ ਤੱਕ ਕਿਸੇ ਵੀ ਅਧਿਕਾਰੀ ਨੂੰ ਚਾਰਜਸ਼ੀਟ ਜਾਰੀ ਨਹੀਂ ਕੀਤੀ ਗਈ ਅਤੇ ਨਾ ਹੀ ਕਿਸੇ ਨੂੰ ਮੁਅੱਤਲ ਕੀਤਾ ਗਿਆ ਹੈ।

96.10 ਫ਼ੀਸਦੀ ਰਕਬੇ ਵਿੱਚ ਝੋਨੇ ਦੀ ਕਟਾਈ ਮੁਕੰਮਲ

ਪੰਜਾਬ ਵਿੱਚ ਝੋਨੇ ਦੀ ਕਟਾਈ ਵੀ ਆਖ਼ਰੀ ਪੜਾਅ ’ਤੇ ਪਹੁੰਚ ਚੁੱਕੀ ਹੈ। ਰਿਪੋਰਟ ਮੁਤਾਬਕ ਸੂਬੇ ਵਿੱਚ ਝੋਨੇ ਦਾ ਕੁੱਲ ਰਕਬਾ 32.87 ਲੱਖ ਹੈਕਟੇਅਰ ਹੈ, ਜਿਸ ਵਿੱਚੋਂ 96.10 ਫ਼ੀਸਦੀ ਖੇਤਰ ਵਿੱਚ ਕਟਾਈ ਪੂਰੀ ਹੋ ਚੁੱਕੀ ਹੈ। ਇਸ ਦੇ ਬਾਵਜੂਦ ਪਰਾਲੀ ਸਾੜਨ ਦੀਆਂ ਘਟਨਾਵਾਂ ਪ੍ਰਸ਼ਾਸਨ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਲਈ ਵੱਡੀ ਚੁਣੌਤੀ ਬਣੀਆਂ ਹੋਈਆਂ ਹਨ।

NO COMMENTS

LEAVE A REPLY

Please enter your comment!
Please enter your name here

Exit mobile version