HomeNationalਸੰਵਿਧਾਨ ਦਿਵਸ ’ਤੇ ਪ੍ਰਧਾਨ ਮੰਤਰੀ ਮੋਦੀ ਦਾ ਵੱਡਾ ਸੰਦੇਸ਼, ਲੋਕਤੰਤਰ ਦੀ ਮਜ਼ਬੂਤੀ...

ਸੰਵਿਧਾਨ ਦਿਵਸ ’ਤੇ ਪ੍ਰਧਾਨ ਮੰਤਰੀ ਮੋਦੀ ਦਾ ਵੱਡਾ ਸੰਦੇਸ਼, ਲੋਕਤੰਤਰ ਦੀ ਮਜ਼ਬੂਤੀ ਲਈ ਦੱਸੀਆਂ 10 ਅਹਿਮ ਗੱਲਾਂ

ਨਵੀਂ ਦਿੱਲੀ : ਦੇਸ਼ ਭਰ ਵਿੱਚ ਅੱਜ 26 ਨਵੰਬਰ ਨੂੰ ਸੰਵਿਧਾਨ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਕ ਵਿਸ਼ੇਸ਼ ਲੇਖ ਲਿਖ ਕੇ ਭਾਰਤੀ ਸੰਵਿਧਾਨ ਨੂੰ ਦੇਸ਼ ਦਾ ਮਾਰਗਦਰਸ਼ਕ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਸੰਵਿਧਾਨ ਭਾਰਤ ਦੀ ਲੋਕਤੰਤਰੀ ਵਿਵਸਥਾ ਦੀ ਨੀਂਹ ਹੈ ਅਤੇ ਦੇਸ਼ ਦੀ ਤਰੱਕੀ ਵਿੱਚ ਇਸ ਦੀ ਅਹਿਮ ਭੂਮਿਕਾ ਹੈ।

ਪ੍ਰਧਾਨ ਮੰਤਰੀ ਨੇ ਆਪਣੇ ਲੇਖ ਰਾਹੀਂ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਲਈ ਸੰਵਿਧਾਨਕ ਸੰਸਥਾਵਾਂ ਦਾ ਸਨਮਾਨ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਰੋਧੀ ਧਿਰ ਨੂੰ ਵੀ ਨਸੀਹਤ ਦਿੱਤੀ ਅਤੇ ਨੌਜਵਾਨਾਂ ਨੂੰ ਸੰਵਿਧਾਨ ਦੀ ਮੂਲ ਭਾਵਨਾ ਸਮਝਣ ਦੀ ਅਪੀਲ ਕੀਤੀ।

ਜ਼ਿਕਰਯੋਗ ਹੈ ਕਿ 26 ਨਵੰਬਰ 1949 ਨੂੰ ਸੰਵਿਧਾਨ ਸਭਾ ਨੇ ਭਾਰਤੀ ਸੰਵਿਧਾਨ ਨੂੰ ਅਪਣਾਇਆ ਸੀ। ਇਸ ਇਤਿਹਾਸਕ ਦਿਨ ਦੀ ਯਾਦ ਵਿੱਚ ਹਰ ਸਾਲ ਸੰਵਿਧਾਨ ਦਿਵਸ ਮਨਾਇਆ ਜਾਂਦਾ ਹੈ।

ਸੰਵਿਧਾਨ ਨੂੰ ਦੱਸਿਆ ਦੇਸ਼ ਦੀ ਤਰੱਕੀ ਦਾ ਆਧਾਰ

ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਲੇਖ ਵਿੱਚ ਸੰਵਿਧਾਨ ਦੀ ਤਾਕਤ, ਇਸ ਦੇ ਮੂਲ ਸਿਧਾਂਤਾਂ ਅਤੇ ਬਦਲਦੇ ਭਾਰਤ ਵਿੱਚ ਇਸ ਦੀ ਭੂਮਿਕਾ ਬਾਰੇ ਗੱਲ ਕੀਤੀ। ਉਨ੍ਹਾਂ ਮੁਤਾਬਕ ਸੰਵਿਧਾਨ ਸਮਾਜਿਕ ਅਤੇ ਆਰਥਿਕ ਨਿਆਂ ਦੇ ਟੀਚੇ ਨੂੰ ਪੂਰਾ ਕਰਨ ਦਾ ਰਾਹ ਦਿਖਾਉਂਦਾ ਹੈ।

ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸੰਵਿਧਾਨ ਦੀਆਂ ਕਦਰਾਂ-ਕੀਮਤਾਂ ਨੂੰ ਸਮਝਣ ਅਤੇ ਆਪਣੇ ਅਧਿਕਾਰਾਂ ਦੇ ਨਾਲ-ਨਾਲ ਫ਼ਰਜ਼ਾਂ ਪ੍ਰਤੀ ਵੀ ਜਾਗਰੂਕ ਰਹਿਣ।

ਸੰਵਿਧਾਨ ਦਿਵਸ ਮੌਕੇ PM ਮੋਦੀ ਦੇ ਲੇਖ ਦੀਆਂ 10 ਅਹਿਮ ਗੱਲਾਂ

1. ਭਾਰਤ ਦੀ ਵਿਰਾਸਤ ਨਾਲ ਜੁੜਿਆ ਆਧੁਨਿਕ ਸੰਵਿਧਾਨ

ਪ੍ਰਧਾਨ ਮੰਤਰੀ ਨੇ ਡਾ. ਰਾਜੇਂਦਰ ਪ੍ਰਸਾਦ, ਡਾ. ਬੀ.ਆਰ. ਅੰਬੇਡਕਰ ਅਤੇ ਸੰਵਿਧਾਨ ਸਭਾ ਦੇ ਸਾਰੇ ਮੈਂਬਰਾਂ ਨੂੰ ਨਮਨ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ, ਖ਼ਾਸ ਕਰਕੇ ਨੌਜਵਾਨਾਂ ਨੂੰ ਸੰਵਿਧਾਨ ਨਾਲ ਜੋੜਨ ਲਈ ਉਨ੍ਹਾਂ ਦੀ ਸਰਕਾਰ ਨੇ ਸੰਵਿਧਾਨ ਦਿਵਸ ਮਨਾਉਣ ਦੀ ਸ਼ੁਰੂਆਤ ਕੀਤੀ।

2. ਜਨਮ ਦੀਆਂ ਹਾਲਾਤਾਂ ਭਵਿੱਖ ਦੀਆਂ ਹੱਦਾਂ ਤੈਅ ਨਹੀਂ ਕਰਦੀਆਂ

ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਸਧਾਰਨ ਆਰਥਿਕ ਪਿਛੋਕੜ ਵਾਲੇ ਪਰਿਵਾਰ ਵਿੱਚ ਜਨਮ ਲੈਣ ਅਤੇ ਬਚਪਨ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਸੰਵਿਧਾਨ ਕਾਰਨ ਹੀ ਆਮ ਪਰਿਵਾਰ ਵਿੱਚ ਪੈਦਾ ਹੋਇਆ ਵਿਅਕਤੀ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੀ ਸੇਵਾ ਕਰਨ ਦੀ ਜ਼ਿੰਮੇਵਾਰੀ ਸੰਭਾਲ ਸਕਦਾ ਹੈ।

3. ਸਮਾਜਿਕ ਅਤੇ ਆਰਥਿਕ ਨਿਆਂ ਦਾ ਵਾਅਦਾ ਹੋ ਰਿਹਾ ਪੂਰਾ

ਪ੍ਰਧਾਨ ਮੰਤਰੀ ਨੇ ਵਿਸ਼ਵ ਬੈਂਕ ਦੀ ਰਿਪੋਰਟ ਦਾ ਹਵਾਲਾ ਦਿੰਦਿਆਂ ਕਿਹਾ ਕਿ 50 ਕਰੋੜ ਭਾਰਤੀ ਗਰੀਬੀ ਤੋਂ ਬਾਹਰ ਆਏ ਹਨ। ਉਨ੍ਹਾਂ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ, ਉੱਜਵਲਾ ਯੋਜਨਾ, ਆਯੁਸ਼ਮਾਨ ਭਾਰਤ, ਮੁਦਰਾ ਯੋਜਨਾ, ਪੀ.ਐੱਮ. ਸਵਨਿਧੀ ਅਤੇ UPI ਨੂੰ ਸਮਾਜਿਕ ਤੇ ਆਰਥਿਕ ਨਿਆਂ ਦੀਆਂ ਉਦਾਹਰਨਾਂ ਵਜੋਂ ਪੇਸ਼ ਕੀਤਾ।

4. ਤਿੰਨ ਸੰਵਿਧਾਨਕ ਸੋਧਾਂ ਨਾਲ ਪੂਰੀਆਂ ਹੋਈਆਂ ਅਹਿਮ ਮੰਗਾਂ

ਪ੍ਰਧਾਨ ਮੰਤਰੀ ਮੋਦੀ ਨੇ ਤਿੰਨ ਸੰਵਿਧਾਨਕ ਸੋਧਾਂ ਦਾ ਜ਼ਿਕਰ ਕੀਤਾ। ਉਨ੍ਹਾਂ ਮੁਤਾਬਕ 101ਵੀਂ ਸੋਧ ਨਾਲ GST ਲਾਗੂ ਕਰਨ ਦਾ ਰਾਹ ਖੁੱਲ੍ਹਿਆ, 102ਵੀਂ ਸੋਧ ਰਾਹੀਂ ਰਾਸ਼ਟਰੀ ਪੱਛੜਾ ਵਰਗ ਕਮਿਸ਼ਨ ਨੂੰ ਸੰਵਿਧਾਨਕ ਦਰਜਾ ਮਿਲਿਆ ਅਤੇ 103ਵੀਂ ਸੋਧ ਤਹਿਤ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ (EWS) ਲਈ 10 ਫ਼ੀਸਦੀ ਰਾਖਵੇਂਕਰਨ ਦੀ ਵਿਵਸਥਾ ਕੀਤੀ ਗਈ।

5. ਸੰਵਿਧਾਨ ਆਮ ਲੋਕਾਂ ਤੱਕ ਹੋਰ ਨੇੜੇ ਪਹੁੰਚਿਆ

ਪ੍ਰਧਾਨ ਮੰਤਰੀ ਨੇ ਕਿਹਾ ਕਿ ਹੁਣ ਸੰਵਿਧਾਨ ਅੱਠਵੀਂ ਅਨੁਸੂਚੀ ਦੀਆਂ ਸਾਰੀਆਂ 22 ਭਾਸ਼ਾਵਾਂ ਵਿੱਚ ਉਪਲਬਧ ਹੈ। ਉਨ੍ਹਾਂ ਭਾਰਤੀ ਨਿਆਂ ਸੰਹਿਤਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਦੇਸ਼ ਵਿੱਚ ਸਜ਼ਾ-ਕੇਂਦਰਿਤ ਵਿਵਸਥਾ ਤੋਂ ਨਾਗਰਿਕਾਂ ਨੂੰ ਨਿਆਂ ਦੇਣ ਵਾਲੀ ਪ੍ਰਣਾਲੀ ਵੱਲ ਬਦਲਾਅ ਕੀਤਾ ਗਿਆ ਹੈ।

6. ਸੱਤਾ ਦੀ ਲਾਲਸਾ ਵਾਲੀ ਸੋਚ ‘ਤੇ ਵਿਰੋਧੀ ਧਿਰ ਨੂੰ ਘੇਰਿਆ

ਪ੍ਰਧਾਨ ਮੰਤਰੀ ਮੋਦੀ ਨੇ ਪਹਿਲੀ ਅਤੇ 42ਵੀਂ ਸੰਵਿਧਾਨਕ ਸੋਧ ਦਾ ਹਵਾਲਾ ਦਿੰਦਿਆਂ ਦੋਸ਼ ਲਾਇਆ ਕਿ ਇਨ੍ਹਾਂ ਰਾਹੀਂ ਮੌਲਿਕ ਆਜ਼ਾਦੀਆਂ ਅਤੇ ਨਿਆਂਇਕ ਸਮੀਖਿਆ ਦੀਆਂ ਸ਼ਕਤੀਆਂ ਨੂੰ ਸੀਮਤ ਕੀਤਾ ਗਿਆ ਸੀ। ਉਨ੍ਹਾਂ ਨੌਜਵਾਨਾਂ ਨੂੰ 38ਵੀਂ ਅਤੇ 39ਵੀਂ ਸੰਵਿਧਾਨਕ ਸੋਧ ਦਾ ਅਧਿਐਨ ਕਰਨ ਦੀ ਅਪੀਲ ਵੀ ਕੀਤੀ।

ਉਨ੍ਹਾਂ ਦੋਸ਼ ਲਾਇਆ ਕਿ ਇੱਕ ਪਾਰਟੀ ਨੇ ਧਾਰਾ 356 ਦੀ ਲਗਭਗ 100 ਵਾਰ ਵਰਤੋਂ ਕਰਕੇ ਚੁਣੀਆਂ ਹੋਈਆਂ ਸੂਬਾ ਸਰਕਾਰਾਂ ਨੂੰ ਬਰਖ਼ਾਸਤ ਕੀਤਾ।

7. ਸੰਵਿਧਾਨਕ ਅਧਿਕਾਰ ਦੇਸ਼ ਦੇ ਹਰ ਹਿੱਸੇ ਤੱਕ ਪਹੁੰਚੇ

ਪ੍ਰਧਾਨ ਮੰਤਰੀ ਨੇ 2019 ਵਿੱਚ ਧਾਰਾ 370 ਅਤੇ 35A ਵਿੱਚ ਕੀਤੀਆਂ ਤਬਦੀਲੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਨਾਲ ਇਤਿਹਾਸਕ ਬੇਇਨਸਾਫ਼ੀ ਦੂਰ ਹੋਈ। ਉਨ੍ਹਾਂ ਦਾ ਦਾਅਵਾ ਸੀ ਕਿ ਇਸ ਤੋਂ ਪਹਿਲਾਂ SC, ST, OBC ਵਰਗਾਂ ਅਤੇ ਔਰਤਾਂ ਨੂੰ ਕਈ ਅਧਿਕਾਰਾਂ ਤੋਂ ਵਾਂਝਾ ਰਹਿਣਾ ਪਿਆ। ਉਨ੍ਹਾਂ ਨਕਸਲਵਾਦ ਵਿਰੁੱਧ ਕਾਰਵਾਈ ਦਾ ਵੀ ਜ਼ਿਕਰ ਕੀਤਾ।

8. OBC ਅਤੇ ਮੁਸਲਿਮ ਰਾਖਵੇਂਕਰਨ ਦੇ ਮੁੱਦੇ ‘ਤੇ ਵਿਰੋਧੀ ਧਿਰ ‘ਤੇ ਨਿਸ਼ਾਨਾ

ਪ੍ਰਧਾਨ ਮੰਤਰੀ ਮੋਦੀ ਨੇ ਦੋਸ਼ ਲਾਇਆ ਕਿ ਦੇਸ਼ ਦੀ ਸਭ ਤੋਂ ਵੱਡੀ ਵਿਰੋਧੀ ਪਾਰਟੀ OBC ਰਾਖਵੇਂਕਰਨ ਦਾ ਹਿੱਸਾ ਘਟਾ ਕੇ ਮੁਸਲਿਮ ਰਾਖਵੇਂਕਰਨ ਲਿਆਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਡਾ. ਬੀ.ਆਰ. ਅੰਬੇਡਕਰ ਅਤੇ ਸੰਵਿਧਾਨ ਨਿਰਮਾਤਾਵਾਂ ਨੇ ਇਸ ਤਰ੍ਹਾਂ ਦੇ ਰਾਖਵੇਂਕਰਨ ਦਾ ਵਿਰੋਧ ਕੀਤਾ ਸੀ।

9. ਮਹਿਲਾ ਰਾਖਵੇਂਕਰਨ ਪ੍ਰਤੀ ਵਚਨਬੱਧਤਾ ਦੁਹਰਾਈ

ਪ੍ਰਧਾਨ ਮੰਤਰੀ ਨੇ ਸੰਵਿਧਾਨ ਬਣਾਉਣ ਵਿੱਚ ਯੋਗਦਾਨ ਪਾਉਣ ਵਾਲੀਆਂ ਮਹਿਲਾਵਾਂ ਨੂੰ ਯਾਦ ਕੀਤਾ ਅਤੇ ਮਹਿਲਾ ਰਾਖਵੇਂਕਰਨ ਲਈ ਆਪਣੀ ਵਚਨਬੱਧਤਾ ਦੁਹਰਾਈ। ਉਨ੍ਹਾਂ ਵਿਰੋਧੀ ਧਿਰ ‘ਤੇ ਮਹਿਲਾ ਰਾਖਵਾਂਕਰਨ ਬਿੱਲ ਦਾ ਰਾਹ ਰੋਕਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਮੁੱਖ ਵਿਰੋਧੀ ਪਾਰਟੀ ਹੁਣ ‘ਵਿਰੋਧ ਪੱਖ’ ਦੀ ਬਜਾਏ ‘ਅੜਿੱਕਾ ਪੱਖ’ ਬਣ ਗਈ ਹੈ।

10. ‘ਇੰਡੀਆ ਫਸਟ’ ਦੀ ਸੋਚ ਅਤੇ ਫ਼ਰਜ਼ਾਂ ਨੂੰ ਪਹਿਲ

ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਰਾਸ਼ਟਰ ਹਿੱਤ ਨੂੰ ਸਭ ਤੋਂ ਉੱਪਰ ਰੱਖਣ ਅਤੇ ਆਪਣੇ ਫ਼ਰਜ਼ ਇਮਾਨਦਾਰੀ ਨਾਲ ਨਿਭਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਕਦਰਾਂ-ਕੀਮਤਾਂ ਦੇ ਆਧਾਰ ‘ਤੇ ਹੀ 2047 ਤੱਕ ਵਿਕਸਤ ਭਾਰਤ ਦਾ ਟੀਚਾ ਹਾਸਲ ਕੀਤਾ ਜਾ ਸਕਦਾ ਹੈ।

ਭਾਜਪਾ ਵੱਲੋਂ 30 ਨਵੰਬਰ ਤੱਕ ਦੇਸ਼ ਭਰ ‘ਚ ਸੰਵਿਧਾਨ ਜਾਗਰੂਕਤਾ ਮੁਹਿੰਮ

ਸੰਵਿਧਾਨ ਦਿਵਸ ਦੇ ਮੌਕੇ ‘ਤੇ ਭਾਜਪਾ ਵੱਲੋਂ ਦੇਸ਼ ਭਰ ਵਿੱਚ ‘ਸੰਵਿਧਾਨ ਗੌਰਵ ਦਿਵਸ’ ਮਨਾਇਆ ਜਾ ਰਿਹਾ ਹੈ। ਪਾਰਟੀ ਵੱਲੋਂ 26 ਤੋਂ 30 ਨਵੰਬਰ ਤੱਕ ਪੰਜ ਦਿਨਾਂ ਦੀ ਦੇਸ਼ਵਿਆਪੀ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ। ਇਸ ਦਾ ਮਕਸਦ ਸੰਵਿਧਾਨ ਦੇ ਮੁੱਲਾਂ, ਆਦਰਸ਼ਾਂ ਅਤੇ ਲੋਕਤੰਤਰੀ ਪਰੰਪਰਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਹੈ।

ਇਸੇ ਤਹਿਤ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਵੀਂ ਦਿੱਲੀ ਦੇ ਸ਼ਿਆਮਾ ਪ੍ਰਸਾਦ ਮੁਖਰਜੀ ਸਿਵਿਕ ਸੈਂਟਰ ਵਿੱਚ ਦੁਪਹਿਰ 3:30 ਵਜੇ ਹੋਣ ਵਾਲੇ ਸਮਾਗਮ ਨੂੰ ਸੰਬੋਧਨ ਕਰਨਗੇ। ਉੱਥੇ ਹੀ ਭਾਜਪਾ ਪ੍ਰਧਾਨ ਨਿਤਿਨ ਨਵੀਨ ਪਟਨਾ ਵਿੱਚ ਅਤੇ ਕੇਂਦਰੀ ਮੰਤਰੀ ਜੇ.ਪੀ. ਨੱਡਾ ਅਹਿਮਦਾਬਾਦ ਵਿੱਚ ਪ੍ਰੋਗਰਾਮਾਂ ਵਿੱਚ ਸ਼ਿਰਕਤ ਕਰਨਗੇ।

ਇਸ ਤੋਂ ਇਲਾਵਾ ਭਾਜਪਾ ਨੇ 1 ਦਸੰਬਰ ਤੋਂ ‘ਸੇਵਾ ਦੂਤ ਮੁਹਿੰਮ’ ਸ਼ੁਰੂ ਕਰਨ ਦਾ ਵੀ ਫ਼ੈਸਲਾ ਕੀਤਾ ਹੈ। ਇਸ ਤਹਿਤ ਪਾਰਟੀ ਆਗੂ 25 ਦਿਨਾਂ ਤੱਕ ਪਿੰਡਾਂ ਵਿੱਚ ਜਾ ਕੇ ਲੋਕਾਂ ਨਾਲ ਸੰਪਰਕ ਕਰਨਗੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments