ਨਵੀਂ ਦਿੱਲੀ: ਰਾਜਧਾਨੀ ਦਿੱਲੀ ਵਿੱਚ ਅੱਜ ਸਿਆਸੀ ਸਰਗਰਮੀਆਂ ਤੇਜ਼ ਰਹਿਣ ਵਾਲੀਆਂ ਹਨ। ਕੇਂਦਰ ਸਰਕਾਰ, ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਵੱਲੋਂ ਵੱਖ-ਵੱਖ ਅਹਿਮ ਬੈਠਕਾਂ ਸੱਦੀਆਂ ਗਈਆਂ ਹਨ। ਇਨ੍ਹਾਂ ਬੈਠਕਾਂ ਦਾ ਮੁੱਖ ਕੇਂਦਰ ਮਹਿਲਾ ਰਾਖਵਾਂਕਰਨ, ਲੋਕ ਸਭਾ ਹਲਕਿਆਂ ਦੀ ਹੱਦਬੰਦੀ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਰਹੇਗਾ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਦੁਪਹਿਰ 1 ਵਜੇ ਕੇਂਦਰੀ ਕੈਬਨਿਟ ਦੀ ਬੈਠਕ ਹੋਵੇਗੀ। ਇਸ ਦੌਰਾਨ ਮਹਿਲਾ ਰਾਖਵਾਂਕਰਨ ਅਤੇ ਹੱਦਬੰਦੀ ਨਾਲ ਸਬੰਧਤ ਬਿੱਲ ਵਿੱਚ ਸੰਭਾਵਿਤ ਤਬਦੀਲੀਆਂ ਬਾਰੇ ਵਿਚਾਰ-ਵਟਾਂਦਰਾ ਹੋ ਸਕਦਾ ਹੈ।
ਭਾਜਪਾ ਨੇ ਚੋਣਾਂ ਦੀ ਤਿਆਰੀ ਲਈ ਸੱਦੀ ਬੈਠਕ
ਦੂਜੇ ਪਾਸੇ, ਭਾਜਪਾ ਨੇ ਸਾਲ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਸਿਲਸਿਲੇ ਵਿੱਚ ਪਾਰਟੀ ਦੇ ਕੌਮੀ ਅਹੁਦੇਦਾਰਾਂ ਨੂੰ ਦਿੱਲੀ ਬੁਲਾਇਆ ਗਿਆ ਹੈ। ਪਾਰਟੀ ਦੀ ਦੋ ਦਿਨਾਂ ਬੈਠਕ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵੀ ਸ਼ਾਮਲ ਹੋਣ ਦੀ ਸੰਭਾਵਨਾ ਹੈ।
ਭਾਜਪਾ ਦੀ ਨਜ਼ਰ ਉੱਤਰ ਪ੍ਰਦੇਸ਼, ਪੰਜਾਬ, ਉੱਤਰਾਖੰਡ, ਗੋਆ ਅਤੇ ਮਣੀਪੁਰ ਸਮੇਤ ਉਨ੍ਹਾਂ ਸੂਬਿਆਂ ‘ਤੇ ਹੈ, ਜਿੱਥੇ 2027 ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਬੈਠਕ ਦੌਰਾਨ ਚੋਣ ਰਣਨੀਤੀ ਅਤੇ ਸੰਗਠਨਾਤਮਕ ਤਿਆਰੀਆਂ ਬਾਰੇ ਚਰਚਾ ਹੋ ਸਕਦੀ ਹੈ।
ਕਾਂਗਰਸ ਵੀ ਵਿਰੋਧੀ ਧਿਰ ਨਾਲ ਬਣਾਏਗੀ ਰਣਨੀਤੀ
ਉੱਧਰ, ਕਾਂਗਰਸ ਨੇ ਵੀ ਸੰਸਦ ਦੇ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਆਪਣੀ ਰਣਨੀਤੀ ਤਿਆਰ ਕਰਨੀ ਸ਼ੁਰੂ ਕਰ ਦਿੱਤੀ ਹੈ। ਸੋਨੀਆ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਦੀ ਸੰਸਦੀ ਰਣਨੀਤੀ ਕਮੇਟੀ ਦੀ ਬੈਠਕ ਸੱਦੀ ਗਈ ਹੈ।
ਇਸ ਬੈਠਕ ਵਿੱਚ ਮਹਿਲਾ ਰਾਖਵਾਂਕਰਨ ਦੇ ਸਮਰਥਨ ਦੇ ਨਾਲ-ਨਾਲ ਹੱਦਬੰਦੀ ਦੇ ਮੌਜੂਦਾ ਪ੍ਰਸਤਾਵ ਦਾ ਵਿਰੋਧ ਕਰਨ ਬਾਰੇ ਵਿਚਾਰ ਕੀਤਾ ਜਾ ਸਕਦਾ ਹੈ। ਕਾਂਗਰਸ ਹੋਰ ਵਿਰੋਧੀ ਪਾਰਟੀਆਂ ਨਾਲ ਮਿਲ ਕੇ ਅਗਲੀ ਰਣਨੀਤੀ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ।
30 ਨਵੰਬਰ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਵਿਸ਼ੇਸ਼ ਸੈਸ਼ਨ
ਸੰਸਦ ਦਾ ਵਿਸ਼ੇਸ਼ ਸੈਸ਼ਨ 30 ਨਵੰਬਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸ ਕਾਰਨ ਮਹਿਲਾ ਰਾਖਵਾਂਕਰਨ ਅਤੇ ਲੋਕ ਸਭਾ ਹਲਕਿਆਂ ਦੀ ਹੱਦਬੰਦੀ ਦਾ ਮੁੱਦਾ ਸਿਆਸਤ ਦੇ ਕੇਂਦਰ ਵਿੱਚ ਆ ਗਿਆ ਹੈ।
ਸਰਕਾਰ ਵੱਲੋਂ ਸੰਵਿਧਾਨ ਸੋਧ ਬਿੱਲ ਪਾਸ ਕਰਵਾਉਣ ਲਈ ਲੋੜੀਂਦਾ ਸਮਰਥਨ ਜੁਟਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਬਿੱਲ ਨੂੰ ਲੋਕ ਸਭਾ ਵਿੱਚ ਪਾਸ ਕਰਵਾਉਣ ਲਈ ਦੋ-ਤਿਹਾਈ ਬਹੁਮਤ ਦੀ ਲੋੜ ਹੋਵੇਗੀ, ਜਿਸ ਲਈ ਮੌਜੂਦਾ ਗਿਣਤੀ ਮੁਤਾਬਕ ਲਗਭਗ 360 ਤੋਂ ਵੱਧ ਵੋਟਾਂ ਦੀ ਲੋੜ ਦੱਸੀ ਜਾ ਰਹੀ ਹੈ।
ਐਨਡੀਏ ਕੋਲ ਕਰੀਬ 320 ਸੰਸਦ ਮੈਂਬਰ ਹੋਣ ਕਾਰਨ ਡੀਐਮਕੇ ਅਤੇ ਸ਼ਰਦ ਪਵਾਰ ਧੜੇ ਦੀ ਐਨਸੀਪੀ ਸਮੇਤ ਹੋਰ ਪਾਰਟੀਆਂ ਦਾ ਰੁਖ ਮਹੱਤਵਪੂਰਨ ਹੋ ਸਕਦਾ ਹੈ।
ਦਿੱਲੀ ਵਿੱਚ ਹੋਣ ਵਾਲੀਆਂ ਇਨ੍ਹਾਂ ਬੈਠਕਾਂ ਨੂੰ ਆਉਣ ਵਾਲੇ ਸੰਸਦੀ ਸੈਸ਼ਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਹਿਮ ਮੰਨਿਆ ਜਾ ਰਿਹਾ ਹੈ। ਇਨ੍ਹਾਂ ਬੈਠਕਾਂ ਤੋਂ ਬਾਅਦ ਦੇਸ਼ ਦੀ ਸਿਆਸਤ ਵਿੱਚ ਅਗਲੀ ਰਣਨੀਤੀ ਬਾਰੇ ਤਸਵੀਰ ਹੋਰ ਸਪੱਸ਼ਟ ਹੋ ਸਕਦੀ ਹੈ।






