ਨਵੀਂ ਦਿੱਲੀ: ਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਅਤੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਜਯੰਤੀ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਪੀਐੱਮ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਪੋਸਟ ਸਾਂਝੀ ਕਰਦਿਆਂ ਇੰਦਰਾ ਗਾਂਧੀ ਨੂੰ ਯਾਦ ਕੀਤਾ।
ਆਪਣੇ ਸੰਦੇਸ਼ ਵਿੱਚ ਪ੍ਰਧਾਨ ਮੰਤਰੀ ਨੇ ਲਿਖਿਆ ਕਿ ਸਾਬਕਾ ਪ੍ਰਧਾਨ ਮੰਤਰੀ ਸ਼੍ਰੀਮਤੀ ਇੰਦਰਾ ਗਾਂਧੀ ਜੀ ਦੀ ਜਯੰਤੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ।
19 ਨਵੰਬਰ 1917 ਨੂੰ ਹੋਇਆ ਸੀ ਜਨਮ
ਇੰਦਰਾ ਗਾਂਧੀ ਦਾ ਜਨਮ 19 ਨਵੰਬਰ 1917 ਨੂੰ ਪ੍ਰਯਾਗਰਾਜ ਵਿੱਚ ਹੋਇਆ ਸੀ। ਉਹ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰਲਾਲ ਨਹਿਰੂ ਅਤੇ ਕਮਲਾ ਨਹਿਰੂ ਦੀ ਧੀ ਸਨ। ਉਨ੍ਹਾਂ ਦੇ ਦਾਦਾ ਮੋਤੀਲਾਲ ਨਹਿਰੂ ਨੇ ਉਨ੍ਹਾਂ ਦਾ ਨਾਮ ਇੰਦਰਾ ਰੱਖਿਆ ਸੀ, ਜਦਕਿ ਬਾਅਦ ਵਿੱਚ ਉਨ੍ਹਾਂ ਦੇ ਪਿਤਾ ਨੇ ਨਾਮ ਨਾਲ ‘ਪ੍ਰਿਯਦਰਸ਼ਨੀ’ ਜੋੜਿਆ।
ਚਾਰ ਵਾਰ ਸੰਭਾਲੀ ਦੇਸ਼ ਦੀ ਪ੍ਰਧਾਨ ਮੰਤਰੀ ਦੀ ਕਮਾਨ
ਇੰਦਰਾ ਗਾਂਧੀ ਭਾਰਤ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਬਣੇ ਸਨ। ਉਨ੍ਹਾਂ ਨੇ 1966 ਤੋਂ 1977 ਤੱਕ ਲਗਾਤਾਰ ਤਿੰਨ ਵਾਰ ਅਤੇ ਫਿਰ 1980 ਤੋਂ 31 ਅਕਤੂਬਰ 1984 ਤੱਕ ਦੇਸ਼ ਦੀ ਅਗਵਾਈ ਕੀਤੀ।
ਉਨ੍ਹਾਂ ਦੇ ਕਾਰਜਕਾਲ ਦੌਰਾਨ ਕਈ ਵੱਡੇ ਫੈਸਲੇ ਲਏ ਗਏ। ਹਾਲਾਂਕਿ, ਸਾਲ 1975 ਵਿੱਚ ਦੇਸ਼ ਵਿੱਚ ਐਮਰਜੈਂਸੀ ਲਾਗੂ ਕਰਨ ਦਾ ਫੈਸਲਾ ਉਨ੍ਹਾਂ ਦੇ ਸਿਆਸੀ ਜੀਵਨ ਦਾ ਸਭ ਤੋਂ ਵਿਵਾਦਿਤ ਦੌਰ ਮੰਨਿਆ ਜਾਂਦਾ ਹੈ। ਇਸ ਤੋਂ ਬਾਅਦ 1977 ਦੀਆਂ ਲੋਕ ਸਭਾ ਚੋਣਾਂ ਵਿੱਚ ਉਨ੍ਹਾਂ ਨੂੰ ਸੱਤਾ ਤੋਂ ਬਾਹਰ ਹੋਣਾ ਪਿਆ।
31 ਅਕਤੂਬਰ 1984 ਨੂੰ ਨਵੀਂ ਦਿੱਲੀ ਵਿੱਚ ਉਨ੍ਹਾਂ ਦੇ ਸਿੱਖ ਸੁਰੱਖਿਆ ਕਰਮਚਾਰੀਆਂ ਵੱਲੋਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਤੋਂ ਪਹਿਲਾਂ ਜੂਨ 1984 ਵਿੱਚ ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਫੌਜੀ ਕਾਰਵਾਈ ਹੋਈ ਸੀ।
ਇੰਦਰਾ ਗਾਂਧੀ ਹੱਤਿਆ ਮਾਮਲੇ ਦੇ ਦੋਸ਼ੀ ਦੇ ਪੁੱਤਰ ਨੂੰ ਚੋਣ ਟਿਕਟ
ਇਸ ਖ਼ਬਰ ਨਾਲ ਜੁੜਿਆ ਇੱਕ ਹੋਰ ਸਿਆਸੀ ਮਾਮਲਾ ਪੰਜਾਬ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਵਾਰਿਸ ਪੰਜਾਬ ਦੇ ਜਥੇਬੰਦੀ ਨੇ ਪੰਜਾਬ ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕੇਹਰ ਸਿੰਘ ਦੇ ਪੁੱਤਰ ਸਤਵੰਤ ਸਿੰਘ ਨੂੰ ਬੱਸੀ ਪਠਾਣਾਂ ਸੀਟ ਤੋਂ ਉਮੀਦਵਾਰ ਐਲਾਨਿਆ ਹੈ।
ਕੇਹਰ ਸਿੰਘ ਨੂੰ ਇੰਦਰਾ ਗਾਂਧੀ ਹੱਤਿਆ ਕਾਂਡ ਦੀ ਸਾਜ਼ਿਸ਼ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਫਾਂਸੀ ਦੀ ਸਜ਼ਾ ਦਿੱਤੀ ਗਈ ਸੀ। ਉਨ੍ਹਾਂ ਦੇ ਪੁੱਤਰ ਨੂੰ ਚੋਣ ਮੈਦਾਨ ਵਿੱਚ ਉਤਾਰਨ ਦੇ ਫੈਸਲੇ ਨੇ ਪੰਜਾਬ ਦੀ ਸਿਆਸਤ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ।
