ਨਵੀਂ ਦਿੱਲੀ: ਭਾਰਤ ਅਤੇ ਕੈਨੇਡਾ ਵਿਚਾਲੇ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ 11 ਅਤੇ 12 ਦਸੰਬਰ 2026 ਨੂੰ ਕੈਨੇਡਾ ਦਾ ਦੌਰਾ ਕਰਨਗੇ। ਓਟਾਵਾ ਸਥਿਤ ਭਾਰਤੀ ਹਾਈ ਕਮਿਸ਼ਨ ਵੱਲੋਂ ਇਸ ਦੌਰੇ ਦੀ ਜਾਣਕਾਰੀ ਦਿੱਤੀ ਗਈ ਹੈ। ਇਹ ਦੌਰਾ ਪ੍ਰਧਾਨ ਮੰਤਰੀ ਮੋਦੀ ਅਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਵਿਚਾਲੇ ਹੋਈ ਟੈਲੀਫੋਨ ਗੱਲਬਾਤ ਤੋਂ ਬਾਅਦ ਤੈਅ ਹੋਇਆ ਹੈ।
ਦੋਵਾਂ ਆਗੂਆਂ ਨੇ ਭਾਰਤ-ਕੈਨੇਡਾ ਸਬੰਧਾਂ ਵਿੱਚ ਬਣੀ ਸਕਾਰਾਤਮਕ ਗਤੀ ਨੂੰ ਅੱਗੇ ਵਧਾਉਣ ਅਤੇ ਵਪਾਰ, ਊਰਜਾ, ਤਕਨਾਲੋਜੀ, ਸੁਰੱਖਿਆ ਤੇ ਲੋਕਾਂ ਦੇ ਆਪਸੀ ਸੰਪਰਕ ਵਰਗੇ ਖੇਤਰਾਂ ਵਿੱਚ ਠੋਸ ਨਤੀਜੇ ਹਾਸਲ ਕਰਨ ਲਈ ਮਿਲ ਕੇ ਕੰਮ ਕਰਨ ’ਤੇ ਸਹਿਮਤੀ ਜਤਾਈ ਹੈ।
ਕੈਨੇਡਾ ਦੇ ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਜਾਰੀ ਬਿਆਨ ਮੁਤਾਬਕ, ਦੋਵਾਂ ਦੇਸ਼ਾਂ ਦੇ ਆਗੂਆਂ ਨੇ ਵਿਆਪਕ ਆਰਥਿਕ ਭਾਈਵਾਲੀ ਸਮਝੌਤੇ (CEPA) ਬਾਰੇ ਗੱਲਬਾਤ ਜਲਦ ਤੋਂ ਜਲਦ ਪੂਰੀ ਕਰਨ ਦੀ ਵਚਨਬੱਧਤਾ ਦੁਹਰਾਈ ਹੈ। ਇਸ ਦੇ ਨਾਲ ਹੀ ਸਾਲ 2030 ਤੱਕ ਦੋਵਾਂ ਦੇਸ਼ਾਂ ਵਿਚਾਲੇ ਦੁਵੱਲੇ ਵਪਾਰ ਨੂੰ ਦੁੱਗਣਾ ਕਰਨ ਦੇ ਟੀਚੇ ਨੂੰ ਅੱਗੇ ਵਧਾਉਣ ’ਤੇ ਵੀ ਸਹਿਮਤੀ ਬਣੀ ਹੈ।
ਪ੍ਰਧਾਨ ਮੰਤਰੀ ਮੋਦੀ ਦਾ ਇਹ ਦੌਰਾ ਭਾਰਤ ਅਤੇ ਕੈਨੇਡਾ ਵਿਚਾਲੇ ਵਪਾਰਕ ਅਤੇ ਰਣਨੀਤਕ ਸਹਿਯੋਗ ਨੂੰ ਅੱਗੇ ਵਧਾਉਣ ਦੇ ਲਿਹਾਜ਼ ਨਾਲ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਦੋਵਾਂ ਦੇਸ਼ਾਂ ਦੀ ਕੋਸ਼ਿਸ਼ ਹੈ ਕਿ CEPA ਸਮਝੌਤੇ ’ਤੇ ਗੱਲਬਾਤ ਨੂੰ ਅੰਤਿਮ ਰੂਪ ਦਿੱਤਾ ਜਾਵੇ ਅਤੇ ਵੱਖ-ਵੱਖ ਖੇਤਰਾਂ ਵਿੱਚ ਸਹਿਯੋਗ ਨੂੰ ਹੋਰ ਵਧਾਇਆ ਜਾਵੇ। ਹੁਣ ਸਭ ਦੀਆਂ ਨਜ਼ਰਾਂ ਦਸੰਬਰ ਵਿੱਚ ਹੋਣ ਵਾਲੀ ਇਸ ਮੁਲਾਕਾਤ ਅਤੇ ਇਸ ਦੌਰਾਨ ਹੋਣ ਵਾਲੇ ਫ਼ੈਸਲਿਆਂ ’ਤੇ ਰਹਿਣਗੀਆਂ।






