HomePunjabਸਵਾਰੀਆਂ ਨਾਲ ਭਰੀ PRTC ਦੀ ਬੱਸ ਓਵਰਬ੍ਰਿਜ ਨਾਲ ਟਕਰਾ ਕੇ ਖੇਤਾਂ ‘ਚ...

ਸਵਾਰੀਆਂ ਨਾਲ ਭਰੀ PRTC ਦੀ ਬੱਸ ਓਵਰਬ੍ਰਿਜ ਨਾਲ ਟਕਰਾ ਕੇ ਖੇਤਾਂ ‘ਚ ਪਲਟੀ

ਸੰਗਰੂਰ: ਪੰਜਾਬ ਦੇ ਸੰਗਰੂਰ ਵਿੱਚ ਅੱਜ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਸਵਾਰੀਆਂ ਨਾਲ ਭਰੀ PRTC ਦੀ ਬੱਸ ਓਵਰਬ੍ਰਿਜ ਨੇੜੇ ਬੇਕਾਬੂ ਹੋ ਕੇ ਪੁਲ ਨਾਲ ਟਕਰਾਉਣ ਤੋਂ ਬਾਅਦ ਸੜਕ ਕਿਨਾਰੇ ਖੇਤਾਂ ਵਿੱਚ ਪਲਟ ਗਈ। ਇਸ ਭਿਆਨਕ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ 21 ਯਾਤਰੀ ਜ਼ਖ਼ਮੀ ਹੋ ਗਏ।

ਮਿਲੀ ਜਾਣਕਾਰੀ ਅਨੁਸਾਰ ਇਹ ਬੱਸ ਸਵੇਰੇ ਸੰਗਰੂਰ ਤੋਂ ਸਵਾਰੀਆਂ ਲੈ ਕੇ ਚੰਡੀਗੜ੍ਹ ਲਈ ਰਵਾਨਾ ਹੋਈ ਸੀ। ਰਸਤੇ ਵਿੱਚ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ ‘ਤੇ ਮੁੱਖ ਮੰਤਰੀ ਦੀ ਰਿਹਾਇਸ਼ ਤੋਂ ਕੁਝ ਦੂਰੀ ‘ਤੇ ਓਵਰਬ੍ਰਿਜ ਨੇੜੇ ਬੱਸ ਅਚਾਨਕ ਬੇਕਾਬੂ ਹੋ ਗਈ। ਪਹਿਲਾਂ ਬੱਸ ਪੁਲ ਨਾਲ ਟਕਰਾਈ ਅਤੇ ਫਿਰ ਸੜਕ ਕਿਨਾਰੇ ਖੇਤਾਂ ਵਿੱਚ ਪਲਟ ਗਈ।

ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਵਿੱਚ ਸਵਾਰ ਯਾਤਰੀਆਂ ਵਿੱਚ ਹਫੜਾ-ਦਫੜੀ ਮਚ ਗਈ ਅਤੇ ਮੌਕੇ ‘ਤੇ ਚੀਕ-ਚਿਹਾੜਾ ਪੈ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚੀ। ਰਾਹਗੀਰਾਂ ਦੀ ਮਦਦ ਨਾਲ ਬਚਾਅ ਕਾਰਜ ਸ਼ੁਰੂ ਕੀਤਾ ਗਿਆ ਅਤੇ ਜ਼ਖ਼ਮੀਆਂ ਨੂੰ ਐਂਬੂਲੈਂਸਾਂ ਰਾਹੀਂ ਸਿਵਲ ਹਸਪਤਾਲ ਸੰਗਰੂਰ ਪਹੁੰਚਾਇਆ ਗਿਆ।

ਸਿਵਲ ਹਸਪਤਾਲ ਦੇ SMO ਡਾ. ਵਿਨੋਦ ਕੁਮਾਰ ਮੁਤਾਬਕ ਹਾਦਸੇ ਤੋਂ ਬਾਅਦ ਤਿੰਨ ਲੋਕਾਂ ਨੂੰ ਮ੍ਰਿਤਕ ਹਾਲਤ ਵਿੱਚ ਹਸਪਤਾਲ ਲਿਆਂਦਾ ਗਿਆ ਸੀ। ਮ੍ਰਿਤਕਾਂ ਦੀਆਂ ਦੇਹਾਂ ਨੂੰ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਗਿਆ ਹੈ।

ਉਨ੍ਹਾਂ ਦੱਸਿਆ ਕਿ 10 ਗੰਭੀਰ ਜ਼ਖ਼ਮੀਆਂ ਦੀ ਹਾਲਤ ਨੂੰ ਦੇਖਦਿਆਂ ਉਨ੍ਹਾਂ ਨੂੰ ਬਿਹਤਰ ਇਲਾਜ ਲਈ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਇਸ ਸਬੰਧੀ ਪਟਿਆਲਾ ਪ੍ਰਸ਼ਾਸਨ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਬਾਕੀ 11 ਜ਼ਖ਼ਮੀਆਂ ਦਾ ਇਲਾਜ ਸੰਗਰੂਰ ਦੇ ਸਿਵਲ ਹਸਪਤਾਲ ਵਿੱਚ ਜਾਰੀ ਹੈ।

ਪੁਲਿਸ ਅਧਿਕਾਰੀ ਮੇਹਰ ਸਿੰਘ ਨੇ ਦੱਸਿਆ ਕਿ ਹਾਦਸੇ ਦਾ ਸ਼ਿਕਾਰ ਹੋਈ ਬੱਸ PRTC ਦੀ ਸੀ ਅਤੇ ਇਸ ਵਿੱਚ ਕਾਫ਼ੀ ਯਾਤਰੀ ਸਵਾਰ ਸਨ। ਉਨ੍ਹਾਂ ਮੁਤਾਬਕ ਹਾਦਸੇ ਸਮੇਂ ਮੌਸਮ ਸਾਫ਼ ਸੀ ਅਤੇ ਧੁੰਦ ਵੀ ਨਹੀਂ ਸੀ। ਮੁੱਢਲੀ ਜਾਣਕਾਰੀ ਅਤੇ ਚਸ਼ਮਦੀਦਾਂ ਦੇ ਬਿਆਨਾਂ ਅਨੁਸਾਰ ਬੱਸ ਦੀ ਰਫ਼ਤਾਰ ਤੇਜ਼ ਸੀ।

ਪੁਲਿਸ ਵੱਲੋਂ ਮ੍ਰਿਤਕਾਂ ਦੀਆਂ ਦੇਹਾਂ ਨੂੰ ਪੋਸਟਮਾਰਟਮ ਲਈ ਭੇਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਜਾਂਚ ਤੋਂ ਬਾਅਦ ਹੀ ਲੱਗ ਸਕੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments