Home Punjab ਪੰਜਾਬ ਚੋਣਾਂ 2027: ਟਿਕਟਾਂ ਨੂੰ ਲੈ ਕੇ ‘ਆਪ’ ’ਚ ਵੱਡੀ ਹਲਚਲ

ਪੰਜਾਬ ਚੋਣਾਂ 2027: ਟਿਕਟਾਂ ਨੂੰ ਲੈ ਕੇ ‘ਆਪ’ ’ਚ ਵੱਡੀ ਹਲਚਲ

0

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਉਮੀਦਵਾਰਾਂ ਦੀ ਦੂਜੀ ਸੂਚੀ ਨੂੰ ਅੰਤਿਮ ਰੂਪ ਦੇਣ ਲਈ ਅੱਜ ਯਾਨੀ ਵੀਰਵਾਰ ਨੂੰ ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ (ਪੀ.ਏ.ਸੀ.) ਦੀ ਅਹਿਮ ਮੀਟਿੰਗ ਹੋਣ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਦਿੱਲੀ ਜਾਣ ਦੀ ਵੀ ਚਰਚਾ ਹੈ, ਜਿੱਥੇ ਉਹ ਪਾਰਟੀ ਦੇ ਕੌਮੀ ਆਗੂਆਂ ਨਾਲ ਸੰਭਾਵਿਤ ਉਮੀਦਵਾਰਾਂ ਦੇ ਨਾਵਾਂ ਬਾਰੇ ਵਿਚਾਰ-ਵਟਾਂਦਰਾ ਕਰ ਸਕਦੇ ਹਨ।

ਸੂਤਰਾਂ ਅਨੁਸਾਰ ਦੂਜੀ ਸੂਚੀ ਵਿੱਚ ਸ਼ਾਮਲ ਕੀਤੇ ਜਾਣ ਵਾਲੇ ਉਮੀਦਵਾਰਾਂ ਦੇ ਨਾਵਾਂ ‘ਤੇ ਪਹਿਲਾਂ ਮੁੱਢਲੀ ਸਹਿਮਤੀ ਬਣਾਈ ਜਾਵੇਗੀ। ਇਸ ਤੋਂ ਬਾਅਦ ਪੀਏਸੀ ਦੀ ਮੀਟਿੰਗ ਵਿੱਚ ਅੰਤਿਮ ਫੈਸਲਾ ਲਿਆ ਜਾ ਸਕਦਾ ਹੈ।

ਜ਼ਿਕਰਯੋਗ ਹੈ ਕਿ ‘ਆਪ’ ਨੇ 31 ਅਕਤੂਬਰ ਨੂੰ ਆਪਣੀ ਪਹਿਲੀ ਸੂਚੀ ਜਾਰੀ ਕਰਦਿਆਂ 40 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਸੀ। ਇਸ ਸੂਚੀ ਵਿੱਚ ਸਾਰੇ ਮੌਜੂਦਾ ਵਿਧਾਇਕਾਂ ਨੂੰ ਮੁੜ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਸੀ। ਮੁੱਖ ਮੰਤਰੀ ਭਗਵੰਤ ਮਾਨ ਦਾ ਨਾਮ ਵੀ ਇਸ ਸੂਚੀ ਵਿੱਚ ਸ਼ਾਮਲ ਸੀ।

ਹੁਣ ਦੂਜੀ ਸੂਚੀ ਵਿੱਚ ਬਾਕੀ ਮੌਜੂਦਾ ਵਿਧਾਇਕਾਂ ਤੋਂ ਇਲਾਵਾ ਪਾਰਟੀ ਦੇ ਅਹੁਦੇਦਾਰਾਂ ਅਤੇ ਹੋਰ ਸੰਭਾਵੀ ਉਮੀਦਵਾਰਾਂ ਦੇ ਨਾਂ ਸਾਹਮਣੇ ਆ ਸਕਦੇ ਹਨ। ਪਹਿਲੀ ਸੂਚੀ ਵਿੱਚ ਕੈਬਨਿਟ ਮੰਤਰੀਆਂ ਦੇ ਨਾਂ ਸ਼ਾਮਲ ਨਾ ਹੋਣ ਕਾਰਨ ਵਿਰੋਧੀ ਪਾਰਟੀਆਂ ਨੇ ਵੀ ਸਵਾਲ ਚੁੱਕੇ ਸਨ। ਅਜਿਹੇ ਵਿੱਚ ਹੁਣ ਆਉਣ ਵਾਲੀ ਸੂਚੀ ਵਿੱਚ ਮੰਤਰੀਆਂ ਅਤੇ ਸੀਨੀਅਰ ਆਗੂਆਂ ਦੀ ਉਮੀਦਵਾਰੀ ਨੂੰ ਲੈ ਕੇ ਵੀ ਅਹਿਮ ਫੈਸਲੇ ਹੋਣ ਦੀ ਸੰਭਾਵਨਾ ਹੈ।

ਪਾਰਟੀ ਦੇ ਅੰਦਰੂਨੀ ਹਲਕਿਆਂ ਵਿੱਚ ਇਹ ਵੀ ਚਰਚਾ ਹੈ ਕਿ ਹਲਕਾ ਇੰਚਾਰਜਾਂ ਨੂੰ ਟਿਕਟਾਂ ਦੇਣ ਵਿੱਚ ਤਰਜੀਹ ਦਿੱਤੀ ਜਾ ਸਕਦੀ ਹੈ। ਹਾਲਾਂਕਿ, ਕਈ ਅਜਿਹੇ ਹਲਕੇ ਵੀ ਹਨ ਜਿੱਥੇ ਮੌਜੂਦਾ ਵਿਧਾਇਕ ਪਹਿਲਾਂ ਹੀ ਮੌਜੂਦ ਹਨ। ਇਸ ਲਈ ਇਹ ਦੇਖਣਾ ਮਹੱਤਵਪੂਰਨ ਹੋਵੇਗਾ ਕਿ ਪਾਰਟੀ ਪੁਰਾਣੇ ਚਿਹਰਿਆਂ ‘ਤੇ ਹੀ ਭਰੋਸਾ ਜਤਾਉਂਦੀ ਹੈ ਜਾਂ ਕੁਝ ਹਲਕਿਆਂ ਵਿੱਚ ਨਵੇਂ ਉਮੀਦਵਾਰਾਂ ਨੂੰ ਮੌਕਾ ਦਿੰਦੀ ਹੈ।

ਪਹਿਲੀ ਸੂਚੀ ਵਿੱਚ 40 ਵਿਧਾਇਕਾਂ ਨੂੰ ਮੁੜ ਟਿਕਟ ਦੇ ਕੇ ਪਾਰਟੀ ਨੇ ਉਨ੍ਹਾਂ ਦੀਆਂ ਟਿਕਟਾਂ ਕੱਟੇ ਜਾਣ ਦੀਆਂ ਚਰਚਾਵਾਂ ਨੂੰ ਵੀ ਖਤਮ ਕਰਨ ਦੀ ਕੋਸ਼ਿਸ਼ ਕੀਤੀ ਸੀ। ਵਿਰੋਧੀ ਪਾਰਟੀਆਂ ਨੇ ਦੋਸ਼ ਲਾਇਆ ਸੀ ਕਿ ਸੰਭਾਵਿਤ ਦਲ-ਬਦਲੀ ਨੂੰ ਰੋਕਣ ਲਈ ‘ਆਪ’ ਨੇ ਜਲਦਬਾਜ਼ੀ ਵਿੱਚ ਪਹਿਲੀ ਸੂਚੀ ਜਾਰੀ ਕੀਤੀ ਹੈ।

ਇਸ ਦੌਰਾਨ ਪਾਰਟੀ ਦੇ ਤਿੰਨ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਕੁੰਵਰ ਵਿਜੇ ਪ੍ਰਤਾਪ ਸਿੰਘ ਅਤੇ ਹਰਮੀਤ ਸਿੰਘ ਪਠਾਣਮਾਜਰਾ ਅਸਤੀਫਾ ਦੇ ਕੇ ਭਾਜਪਾ ਵਿੱਚ ਸ਼ਾਮਲ ਹੋ ਚੁੱਕੇ ਹਨ।

ਪਹਿਲੀ ਸੂਚੀ ਤੋਂ ਬਾਅਦ ਹੁਣ 51 ਮੌਜੂਦਾ ਵਿਧਾਇਕਾਂ ਦੇ ਨਾਵਾਂ ਦਾ ਐਲਾਨ ਹੋਣਾ ਬਾਕੀ ਹੈ। ਵਿਧਾਨ ਸਭਾ ਦੀਆਂ ਤਿੰਨ ਸੀਟਾਂ ਖਾਲੀ ਹਨ, ਜਦਕਿ 23 ਸੀਟਾਂ ਵਿਰੋਧੀ ਪਾਰਟੀਆਂ ਅਤੇ ਇੱਕ ਆਜ਼ਾਦ ਵਿਧਾਇਕ ਕੋਲ ਹਨ।

ਯਾਦ ਰਹੇ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ 92 ਸੀਟਾਂ ‘ਤੇ ਜਿੱਤ ਹਾਸਲ ਕੀਤੀ ਸੀ ਅਤੇ ਬਾਅਦ ਵਿੱਚ ਪਾਰਟੀ ਦੀ ਵਿਧਾਇਕ ਗਿਣਤੀ ਵਧ ਕੇ 94 ਹੋ ਗਈ ਸੀ। ਹੁਣ 2027 ਦੀਆਂ ਚੋਣਾਂ ਤੋਂ ਪਹਿਲਾਂ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰਕੇ ਪਾਰਟੀ ਦੂਜੀਆਂ ਸਿਆਸੀ ਪਾਰਟੀਆਂ ਤੋਂ ਪਹਿਲਾਂ ਚੋਣ ਤਿਆਰੀਆਂ ਵਿੱਚ ਬੜ੍ਹਤ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version