ਚੰਡੀਗੜ੍ਹ : ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਦੇ 4 ਮੈਂਬਰੀ ਵਫ਼ਦ ਦੀ ਪੰਜਾਬ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਦੀ ਅਗਵਾਈ ਹੇਠ ਪੰਜਾਬ ਭਵਨ, ਚੰਡੀਗੜ੍ਹ ਵਿਖੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨਾਲ ਮੀਟਿੰਗ ਹੋਈ।
ਇਸ ਮੌਕੇ 18 ਮੰਗਾਂ ‘ਤੇ ਚਰਚਾ ਕੀਤੀ ਗਈ। ਇਸ ਮੌਕੇ ਮਾਣ ਭੱਤਾ ਦੁੱਗਣਾ ਕਰਨ ਦੀ ਮੰਗ ਕੀਤੀ ਗਈ, ਜਿਸ ਦੇ ਜਵਾਬ ਵਿੱਚ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਫਾਈਲ ਵਿੱਤ ਮੰਤਰਾਲੇ ਨੂੰ ਸੌਂਪ ਦਿੱਤੀ ਗਈ ਹੈ। ਨਾਲ ਹੀ ਨਵੀਂ ਸਿੱਖਿਆ ਨੀਤੀ ਅਨੁਸਾਰ ਆਂਗਣਵਾੜੀ ਵਰਕਰਾਂ ਨੂੰ ਪ੍ਰੀ-ਪ੍ਰਾਇਮਰੀ ਅਧਿਆਪਕ ਦਾ ਦਰਜਾ ਦੇਣ ਦੀ ਮੰਗ ਕੀਤੀ ਗਈ। ਇਸ ਦੇ ਜਵਾਬ ਵਿੱਚ ਡਾ. ਬਲਜੀਤ ਕੌਰ ਨੇ ਕਿਹਾ ਕਿ ਈ.ਸੀ.ਸੀ. ਸਿਖਲਾਈ ਦਿੱਤੀ ਜਾ ਰਹੀ ਹੈ।
3 ਤੋਂ 6 ਸਾਲ ਦੇ ਬੱਚਿਆਂ ਨੂੰ ਆਂਗਣਵਾੜੀ ਕੇਂਦਰਾਂ ਵਿੱਚ ਭੇਜਣ ਸਬੰਧੀ ਉਨ੍ਹਾਂ ਕਿਹਾ ਕਿ ਇਸ ਸਬੰਧੀ ਸਿੱਖਿਆ ਵਿਭਾਗ ਨਾਲ ਵਿਚਾਰ-ਵਟਾਂਦਰਾ ਚੱਲ ਰਿਹਾ ਹੈ। ਮੀਟਿੰਗ ਵਿੱਚ ਵਰਕਰਾਂ ਅਤੇ ਹੈਲਪਰਾਂ ਨੂੰ ਸੇਵਾਮੁਕਤੀ ਦੌਰਾਨ ਮਿਲਣ ਵਾਲੀ ਬਹੁਤ ਘੱਟ ਗ੍ਰੈਚੁਟੀ ਰਕਮ ਦਾ ਮੁੱਦਾ ਵੀ ਉਠਾਇਆ ਗਿਆ, ਜਿਸ ਨੂੰ ਮੰਤਰੀ ਨੇ ਵਧਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰ ਆਂਗਣਵਾੜੀ ਕੇਂਦਰਾਂ ਵਿੱਚ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ 350 ਨਵੇਂ ਕੇਂਦਰਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ। ਪੋਸ਼ਣ ਟਰੈਕਰ ਐਪ ‘ਤੇ ਕੰਮ ਕਰਨ ਲਈ ਵਰਕਰਾਂ ਨੂੰ ਸਮਾਰਟ ਫੋਨ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਗਈ ਸੀ, ਜਿਸ ਦੇ ਜਵਾਬ ਵਿੱਚ ਮੰਤਰੀ ਨੇ ਕਿਹਾ ਕਿ ਬਹੁਤ ਜਲਦੀ ਆਂਗਣਵਾੜੀ ਵਰਕਰਾਂ ਨੂੰ ਸਮਾਰਟ ਫੋਨ ਮੁਹੱਈਆ ਕਰਵਾਏ ਜਾਣਗੇ ਅਤੇ ਮੋਬਾਈਲ ਭੱਤਾ ਵੀ ਦੁੱਗਣਾ ਕਰ ਦਿੱਤਾ ਜਾਵੇਗਾ। ਇਸ ਮੌਕੇ ਮਧੂ ਕੁਮਾਰੀ, ਗੁਰਪ੍ਰੀਤ ਕੌਰ ਬਠਿੰਡਾ, ਕਵਲਜੀਤ ਕੌਰ ਗੁਰਦਾਸਪੁਰ, ਰਾਜੀ ਸ੍ਰੀਵਾਸਤਵ, ਵਿੰਮੀ ਭੁੱਲਰ, ਸ਼ੀਨਾ ਅਗਰਵਾਲ, ਸੁਮਨਦੀਪ ਕੌਰ ਵੀ ਮੌਜੂਦ ਸਨ।










