ਹਰਿਆਣਾ: ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀ 21 ਦਿਨਾਂ ਦੀ ਪੈਰੋਲ ਮਿਆਦ ਖ਼ਤਮ ਹੋ ਗਈ ਹੈ। ਪੈਰੋਲ ਪੂਰੀ ਹੋਣ ਤੋਂ ਬਾਅਦ ਉਹ ਅੱਜ ਮੁੜ ਸੁਨਾਰੀਆ ਜੇਲ੍ਹ ਵਾਪਸ ਜਾਵੇਗਾ। ਸੁਰੱਖਿਆ ਕਾਰਨਾਂ ਦੇ ਮੱਦੇਨਜ਼ਰ ਡੇਰਾ ਪ੍ਰਬੰਧਨ ਵੱਲੋਂ ਉਸ ਦੇ ਜੇਲ੍ਹ ਵਾਪਸੀ ਦੇ ਸਮੇਂ ਨੂੰ ਜਨਤਕ ਨਹੀਂ ਕੀਤਾ ਗਿਆ। ਰਾਮ ਰਹੀਮ ਨੂੰ 25 ਅਗਸਤ ਨੂੰ 21 ਦਿਨਾਂ ਦੀ ਪੈਰੋਲ ਮਿਲੀ ਸੀ। ਬੀਤੇ ਦਿਨ ਇਸ ਦੀ ਮਿਆਦ ਪੂਰੀ ਹੋਣ ਤੋਂ ਬਾਅਦ ਹੁਣ ਉਸ ਨੂੰ ਮੁੜ ਜੇਲ੍ਹ ਪਰਤਣਾ ਪਵੇਗਾ।
ਜਾਣਕਾਰੀ ਦੇ ਅਨੁਸਾਰ 2017 ਵਿੱਚ ਸਜ਼ਾ ਸੁਣਾਏ ਜਾਣ ਤੋਂ ਬਾਅਦ ਰਾਮ ਰਹੀਮ ਹੁਣ ਤੱਕ ਕਈ ਵਾਰ ਪੈਰੋਲ ਜਾਂ ਫਰਲੋ ‘ਤੇ ਜੇਲ੍ਹ ਤੋਂ ਬਾਹਰ ਆ ਚੁੱਕਾ ਹੈ। ਇਸ ਵਾਰ ਉਹ 17ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਸੀ।
ਰਾਮ ਰਹੀਮ ਨੂੰ 2017 ਵਿੱਚ ਜਬਰ ਜਨਾਹ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਸੀ। ਇਸ ਤੋਂ ਇਲਾਵਾ ਕਤਲ ਦੇ ਮਾਮਲੇ ਵਿੱਚ ਵੀ ਉਸ ਨੂੰ ਸਜ਼ਾ ਸੁਣਾਈ ਜਾ ਚੁੱਕੀ ਹੈ। ਉਹ ਇਸ ਸਮੇਂ 20 ਸਾਲ ਦੀ ਸਜ਼ਾ ਕੱਟ ਰਿਹਾ ਹੈ।
ਇਸ ਸਾਲ ਮਈ ਮਹੀਨੇ ਵਿੱਚ ਵੀ ਰਾਮ ਰਹੀਮ ਨੂੰ 30 ਦਿਨਾਂ ਲਈ ਪੈਰੋਲ ਦਿੱਤੀ ਗਈ ਸੀ। ਇਸ ਤੋਂ ਬਾਅਦ ਹੁਣ ਉਸ ਨੂੰ 21 ਦਿਨਾਂ ਦੀ ਪੈਰੋਲ ਮਿਲੀ ਸੀ, ਜਿਸ ਦੀ ਮਿਆਦ ਪੂਰੀ ਹੋ ਚੁੱਕੀ ਹੈ। ਹੁਣ ਉਸ ਨੂੰ ਮੁੜ ਸੁਨਾਰੀਆ ਜੇਲ੍ਹ ਵਿੱਚ ਆਪਣੀ ਸਜ਼ਾ ਕੱਟਣ ਲਈ ਵਾਪਸ ਜਾਣਾ ਪਵੇਗਾ।








