HomePunjabਗੁਰਦੁਆਰਾ ਮੰਜੀ ਸਾਹਿਬ ਫਾਇਰਿੰਗ ਕੇਸ ‘ਚ ਸ਼ੂਟਰ ਰਾਜੂ ਦੀ ਮੌਤ

ਗੁਰਦੁਆਰਾ ਮੰਜੀ ਸਾਹਿਬ ਫਾਇਰਿੰਗ ਕੇਸ ‘ਚ ਸ਼ੂਟਰ ਰਾਜੂ ਦੀ ਮੌਤ

ਲੁਧਿਆਣਾ: ਪਿੰਡ ਰਾਜੋਆਣਾ ਕਲਾਂ ਦੇ ਇਤਿਹਾਸਕ ਗੁਰਦੁਆਰਾ ਮੰਜੀ ਸਾਹਿਬ ਵਿਖੇ ਗੋਲੀਬਾਰੀ ਕਰਨ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਰਾਜ ਸਿੰਘ ਉਰਫ਼ ਰਾਜੂ ਦੀ ਪੁਲਿਸ ਹਿਰਾਸਤ ਦੌਰਾਨ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਦੇਰ ਰਾਤ ਉਸ ਦੀ ਸਿਹਤ ਅਚਾਨਕ ਵਿਗੜ ਗਈ ਸੀ। ਸੀਨੇ ਵਿੱਚ ਦਰਦ ਅਤੇ ਬਲੱਡ ਪ੍ਰੈਸ਼ਰ ਘਟਣ ਦੀ ਸ਼ਿਕਾਇਤ ਤੋਂ ਬਾਅਦ ਉਸ ਨੂੰ ਹਸਪਤਾਲ ਪਹੁੰਚਾਇਆ ਗਿਆ, ਪਰ ਡਾਕਟਰ ਉਸ ਦੀ ਜਾਨ ਨਹੀਂ ਬਚਾ ਸਕੇ।

ਥਾਣਾ ਸੁਧਾਰ ਦੇ ਪੁਲਿਸ ਅਧਿਕਾਰੀਆਂ ਮੁਤਾਬਕ ਰਾਜੂ ਦੀ ਤਬੀਅਤ ਵਿਗੜਨ ਤੋਂ ਬਾਅਦ ਉਸ ਨੂੰ ਪਹਿਲਾਂ ਸੁਧਾਰ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ। ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਲੁਧਿਆਣਾ ਦੇ ਗਲੋਬਲ ਹਾਰਟ ਹਸਪਤਾਲ ਰੈਫਰ ਕਰ ਦਿੱਤਾ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਕੁਝ ਰਿਪੋਰਟਾਂ ਵਿੱਚ ਉਸ ਦੇ ਲੰਬੇ ਸਮੇਂ ਤੋਂ ਬਿਮਾਰ ਹੋਣ ਅਤੇ ਗੁਰਦਿਆਂ ਦੀ ਬਿਮਾਰੀ ਤੋਂ ਪੀੜਤ ਹੋਣ ਦੀ ਗੱਲ ਵੀ ਸਾਹਮਣੇ ਆਈ ਹੈ। ਫਿਲਹਾਲ ਮੌਤ ਦਾ ਅਸਲ ਕਾਰਨ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ। ਮੈਜਿਸਟਰੇਟ ਦੀ ਮੌਜੂਦਗੀ ਅਤੇ ਵੀਡੀਓਗ੍ਰਾਫੀ ਦੌਰਾਨ ਪੋਸਟਮਾਰਟਮ ਕਰਵਾਉਣ ਦੀ ਗੱਲ ਕਹੀ ਗਈ ਹੈ।

ਜ਼ਿਕਰਯੋਗ ਹੈ ਕਿ 28 ਅਕਤੂਬਰ ਦੀ ਤੜਕਸਾਰ ਕਰੀਬ 3:15 ਵਜੇ ਰਾਜੋਆਣਾ ਕਲਾਂ ਦੇ ਇਤਿਹਾਸਕ ਗੁਰਦੁਆਰਾ ਮੰਜੀ ਸਾਹਿਬ ਵਿਖੇ ਮੋਟਰਸਾਈਕਲ ਸਵਾਰ ਦੋ ਨਕਾਬਪੋਸ਼ ਵਿਅਕਤੀਆਂ ਨੇ ਗੋਲੀਆਂ ਚਲਾਈਆਂ ਸਨ। ਹਮਲਾਵਰਾਂ ਨੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਬਲਦੇਵ ਸਿੰਘ ਦੇ ਰਿਹਾਇਸ਼ੀ ਕਮਰੇ ਨੂੰ ਨਿਸ਼ਾਨਾ ਬਣਾਇਆ ਸੀ।

ਇਸ ਦੌਰਾਨ ਗੋਲੀ ਦਰਵਾਜ਼ੇ ਅਤੇ ਸ਼ੀਸ਼ੇ ਨੂੰ ਪਾਰ ਕਰਦੀ ਹੋਈ ਕੰਧ ਵਿੱਚ ਜਾ ਲੱਗੀ ਸੀ। ਘਟਨਾ ਸਮੇਂ ਬਾਬਾ ਬਲਦੇਵ ਸਿੰਘ ਬਾਥਰੂਮ ਵਿੱਚ ਸਨ, ਜਿਸ ਕਾਰਨ ਉਹ ਵਾਲ-ਵਾਲ ਬਚ ਗਏ ਸਨ।

ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਸੀ ਕਿ ਮੁੱਖ ਸੇਵਾਦਾਰ ਨੂੰ ਵਿਦੇਸ਼ੀ ਇੰਟਰਨੈੱਟ ਨੰਬਰਾਂ ਰਾਹੀਂ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਸਨ ਅਤੇ ਕਥਿਤ ਤੌਰ ‘ਤੇ ਫਿਰੌਤੀ ਦੀ ਮੰਗ ਵੀ ਕੀਤੀ ਗਈ ਸੀ। ਪੁਲਿਸ ਨੂੰ ਸ਼ੱਕ ਸੀ ਕਿ ਮੰਗ ਪੂਰੀ ਨਾ ਹੋਣ ‘ਤੇ ਗੋਲੀਬਾਰੀ ਕਰਕੇ ਡਰਾਉਣ ਦੀ ਸਾਜ਼ਿਸ਼ ਰਚੀ ਗਈ।

ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਦੀਆਂ ਟੀਮਾਂ ਨੇ ਕਰੀਬ 200 ਕਿਲੋਮੀਟਰ ਦੇ ਰਸਤੇ ਦੀ ਸੀਸੀਟੀਵੀ ਫੁਟੇਜ ਖੰਗਾਲੀ ਅਤੇ ਸਾਈਬਰ ਜਾਂਚ ਤੇ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਰਾਜੂ ਨੂੰ ਫਿਰੋਜ਼ਪੁਰ ਤੋਂ ਗ੍ਰਿਫ਼ਤਾਰ ਕੀਤਾ ਸੀ। ਇਸ ਮਾਮਲੇ ਵਿੱਚ ਹੋਰ ਸ਼ੱਕੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਸੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments