ਅੰਮ੍ਰਿਤਸਰ: ਜੂਨ 1984 ’ਚ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਬੱਚਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ 6 ਜੂਨ ਨੂੰ ਹੋਣ ਵਾਲੇ ਸਾਲਾਨਾ ਸ਼ਹੀਦੀ ਸਮਾਗਮ ਦੇ ਸਬੰਧ ਵਿਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ। ਅਰਦਾਸ ਉਪਰੰਤ ਸੰਗਤ ਨੂੰ ਪਾਵਨ ਹੁਕਮਨਾਮਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਸਰਵਣ ਕਰਵਾਇਆ। ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਹੋਰ ਪ੍ਰਮੁੱਖ ਸਖਸ਼ੀਅਤਾਂ ਮੌਜੂਦ ਸਨ।
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜੂਨ ‘84 ’ਚ ਸਮੇਂ ਦੀ ਹਕੂਮਤ ਵੱਲੋਂ ਕੀਤੇ ਗਏ ਘੱਲੂਘਾਰੇ ਨੇ ਸਿੱਖ ਕੌਮ ਨੂੰ ਡੂੰਘੇ ਜ਼ਖ਼ਮ ਦਿੱਤੇ ਹਨ, ਜੋ ਕੌਮ ਕਦੇ ਵੀ ਭੁੱਲ ਨਹੀਂ ਸਕਦੀ। ਇਸ ਘੱਲੂਘਾਰੇ ਵਿੱਚ ਜਿਥੇ ਅਨੇਕਾਂ ਸ਼ਹਾਦਤਾਂ ਹੋਈਆਂ, ਉੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਵੀ ਗੋਲੀਆਂ ਲੱਗਣ ਕਾਰਨ ਜ਼ਖਮੀ ਹੋਏ। ਉਨ੍ਹਾਂ ਕਿਹਾ ਕਿ ਘੱਲੂਘਾਰੇ ਦੀ ਯਾਦ ’ਚ ਹਰ ਸਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਕਰਕੇ ਸ਼ਹੀਦਾਂ ਨੂੰ ਸਤਿਕਾਰ ਭੇਟ ਕੀਤਾ ਜਾਂਦਾ ਹੈ। ਐਡਵੋਕੇਟ ਧਾਮੀ ਨੇ ਸੰਗਤ ਨੂੰ ਵੀ ਅਪੀਲ ਕੀਤੀ ਕਿ 6 ਜੂਨ ਨੂੰ ਹੋ ਰਹੇ ਸ਼ਹੀਦੀ ਸਮਾਗਮ ਸਮੇਂ ਮਰਯਾਦਾ ਨੂੰ ਧਿਆਨ ਵਿੱਚ ਰੱਖਦਿਆਂ ਸਮੂਹ ਸ਼ਹੀਦਾਂ ਨੂੰ ਸਤਿਕਾਰ ਭੇਟ ਕਰਨ। ਸ਼ਹੀਦੀ ਗੈਲਰੀ ਸੰਗਤਾਂ ਨੂੰ ਹਮੇਸ਼ਾਂ ਉਨ੍ਹਾਂ ਸ਼ਹੀਦਾਂ ਦੀ ਯਾਦ ਦਿਵਾਉਂਦੀ ਰਹੇਗੀ।
ਇਸ ਮੌਕੇ ‘ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਮੈਂਬਰ ਭਾਈ ਮਨਜੀਤ ਸਿੰਘ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ, ਫੈਡਰੇਸ਼ਨ ਆਗੂ ਐਡਵੋਕੇਟ ਜਸਬੀਰ ਸਿੰਘ ਘੁੰਮਣ, ਅੰਮ੍ਰਿਤਪਾਲ ਸਿੰਘ ਕੁਲਾਰ, ਭਾਈ ਕੰਵਰਚੜਤ ਸਿੰਘ, ਵਧੀਕ ਮੈਨੇਜਰ ਜਸਪਾਲ ਸਿੰਘ ਢੱਡੇ, ਮੀਤ ਮੈਨੇਜਰ ਗੁਰਤਿੰਦਰਪਾਲ ਸਿੰਘ ਕਾਦੀਆਂ ਆਦਿ ਹਾਜ਼ਰ ਸਨ।
