ਮੋਹਾਲੀ: ਪੰਜਾਬ ਦੇ ਲੋਕਾਂ ਨੂੰ 25 ਨਵੰਬਰ ਨੂੰ ਸਿਹਤ ਸੇਵਾਵਾਂ ਸਬੰਧੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਆਮ ਆਦਮੀ ਕਲੀਨਿਕਾਂ ਵਿੱਚ ਕੰਮ ਕਰਦੇ ਮੈਡੀਕਲ ਅਫ਼ਸਰਾਂ, ਫਾਰਮੇਸੀ ਅਫ਼ਸਰਾਂ ਅਤੇ ਕਲੀਨਿਕਲ ਅਸਿਸਟੈਂਟਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸੰਗਰੂਰ ਵਿੱਚ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਇਸ ਦੌਰਾਨ ਆਮ ਆਦਮੀ ਕਲੀਨਿਕ ਸਾਂਝਾ ਫਰੰਟ, ਪੰਜਾਬ ਵੱਲੋਂ ਭੁੱਖ ਹੜਤਾਲ ਵੀ ਕੀਤੀ ਜਾਵੇਗੀ।
ਮੁਲਾਜ਼ਮਾਂ ਦੇ ਇਸ ਸੰਘਰਸ਼ ਕਾਰਨ 25 ਨਵੰਬਰ ਨੂੰ ਸੂਬੇ ਭਰ ਦੇ ਆਮ ਆਦਮੀ ਕਲੀਨਿਕਾਂ ਵਿੱਚ ਸਿਹਤ ਸੇਵਾਵਾਂ ਬੰਦ ਰਹਿਣਗੀਆਂ। ਇਸ ਨਾਲ ਇਲਾਜ ਕਰਵਾਉਣ ਅਤੇ ਦਵਾਈਆਂ ਲੈਣ ਲਈ ਕਲੀਨਿਕਾਂ ਵਿੱਚ ਪਹੁੰਚਣ ਵਾਲੇ ਮਰੀਜ਼ਾਂ ਨੂੰ ਪਰੇਸ਼ਾਨੀ ਹੋ ਸਕਦੀ ਹੈ।
ਮੀਟਿੰਗਾਂ ਹੋਈਆਂ, ਪਰ ਲਿਖਤੀ ਹੁਕਮ ਜਾਰੀ ਨਹੀਂ ਹੋਏ
ਆਮ ਆਦਮੀ ਕਲੀਨਿਕ ਸਾਂਝੇ ਫਰੰਟ ਮੁਤਾਬਕ ਮੁਲਾਜ਼ਮ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਸਰਕਾਰ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਸਾਹਮਣੇ ਰੱਖ ਰਹੇ ਹਨ। ਇਸ ਸਬੰਧੀ ਮਿਸ਼ਨ ਡਾਇਰੈਕਟਰ ਐੱਨ.ਐੱਚ.ਐੱਮ. ਪੰਜਾਬ ਆਈ.ਏ.ਐੱਸ. ਸਾਕਸ਼ੀ ਸਾਹਨੀ, ਸਾਬਕਾ ਡਾਇਰੈਕਟਰ ਹੈਲਥ ਸਰਵਿਸਿਜ਼ ਡਾ. ਹਤਿੰਦਰ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਵੀ ਮੀਟਿੰਗਾਂ ਹੋ ਚੁੱਕੀਆਂ ਹਨ।
ਫਰੰਟ ਦਾ ਕਹਿਣਾ ਹੈ ਕਿ ਇਨ੍ਹਾਂ ਮੀਟਿੰਗਾਂ ਦੌਰਾਨ ਮੰਗਾਂ ਨੂੰ ਲੈ ਕੇ ਹਾਂ-ਪੱਖੀ ਸਹਿਮਤੀ ਬਣੀ ਸੀ, ਪਰ ਹੁਣ ਤੱਕ ਇਨ੍ਹਾਂ ਨੂੰ ਲਾਗੂ ਕਰਨ ਸਬੰਧੀ ਕੋਈ ਲਿਖਤੀ ਹੁਕਮ ਜਾਰੀ ਨਹੀਂ ਕੀਤੇ ਗਏ। ਇਸ ਕਾਰਨ ਮੁਲਾਜ਼ਮਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ।
ਮੁੱਖ ਮੰਤਰੀ ਤੋਂ ਦਖ਼ਲ ਦੇਣ ਦੀ ਮੰਗ
ਮੁਲਾਜ਼ਮਾਂ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮਾਮਲੇ ਵਿੱਚ ਦਖ਼ਲ ਦੇ ਕੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਵਾਉਣ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਮੰਗਾਂ ਸਬੰਧੀ ਅਧਿਕਾਰਤ ਲਿਖਤੀ ਹੁਕਮ ਜਾਰੀ ਨਹੀਂ ਹੁੰਦੇ, ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।
ਮੁਲਾਜ਼ਮਾਂ ਦੀਆਂ ਇਹ ਹਨ ਪ੍ਰਮੁੱਖ ਮੰਗਾਂ
ਆਮ ਆਦਮੀ ਕਲੀਨਿਕ ਸਾਂਝੇ ਫਰੰਟ ਵੱਲੋਂ ਸਰਕਾਰ ਸਾਹਮਣੇ ਕਈ ਮੰਗਾਂ ਰੱਖੀਆਂ ਗਈਆਂ ਹਨ। ਇਨ੍ਹਾਂ ਵਿੱਚ ਮੁੱਖ ਤੌਰ ‘ਤੇ ਸ਼ਾਮਲ ਹਨ:
-
ਆਮ ਆਦਮੀ ਕਲੀਨਿਕਾਂ ਦੇ ਸਾਰੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣ।
-
ਮਹਿੰਗਾਈ ਅਤੇ ਕੰਮ ਦੇ ਵਧਦੇ ਬੋਝ ਨੂੰ ਦੇਖਦਿਆਂ ਇਨਸੈਂਟਿਵ ਵਿੱਚ ਵਾਧਾ ਕੀਤਾ ਜਾਵੇ।
-
ਟੀਬੀ, ਕੁੱਤੇ ਦੇ ਕੱਟਣ, ਕੁਪੋਸ਼ਣ, ਸ਼ੂਗਰ, ਬਲੱਡ ਪ੍ਰੈਸ਼ਰ ਅਤੇ ਗਰਭਵਤੀ ਔਰਤਾਂ ਦੀ ਜਾਂਚ ਲਈ ਵੱਖਰਾ ਇਨਸੈਂਟਿਵ ਦਿੱਤਾ ਜਾਵੇ।
-
ਐਤਵਾਰ ਅਤੇ ਸਰਕਾਰੀ ਛੁੱਟੀਆਂ ਵਾਲੇ ਦਿਨ ਕੰਮ ਕਰਨ ‘ਤੇ ਪੂਰੀ ਤਨਖ਼ਾਹ ਅਤੇ ਇਨਸੈਂਟਿਵ ਦਿੱਤਾ ਜਾਵੇ।
-
ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਿਹਤ ਅਤੇ ਦੁਰਘਟਨਾ ਬੀਮੇ ਦੀ ਸਹੂਲਤ ਦਿੱਤੀ ਜਾਵੇ।
-
ਓਪੀਡੀ ਵਿੱਚ ਮਰੀਜ਼ਾਂ ਦੀ ਗਿਣਤੀ ਘੱਟ ਹੋਣ ਦੇ ਬਾਵਜੂਦ ਘੱਟੋ-ਘੱਟ 75 ਮਰੀਜ਼ਾਂ ਦੇ ਬਰਾਬਰ ਭੁਗਤਾਨ ਯਕੀਨੀ ਬਣਾਇਆ ਜਾਵੇ।
ਹੁਣ ਦੇਖਣਾ ਹੋਵੇਗਾ ਕਿ 25 ਨਵੰਬਰ ਨੂੰ ਹੋਣ ਵਾਲੇ ਇਸ ਪ੍ਰਦਰਸ਼ਨ ਤੋਂ ਪਹਿਲਾਂ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ‘ਤੇ ਕੋਈ ਫ਼ੈਸਲਾ ਲੈਂਦੀ ਹੈ ਜਾਂ ਨਹੀਂ। ਫਿਲਹਾਲ ਮੁਲਾਜ਼ਮਾਂ ਦੇ ਐਲਾਨ ਕਾਰਨ ਸੂਬੇ ਦੇ ਆਮ ਆਦਮੀ ਕਲੀਨਿਕਾਂ ਵਿੱਚ ਸਿਹਤ ਸੇਵਾਵਾਂ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ।
