ਗੋਂਡਾ : ਉੱਤਰ ਪ੍ਰਦੇਸ਼ ਦੇ ਗੋਂਡਾ ਜ਼ਿਲ੍ਹੇ ਵਿੱਚ ਅੱਜ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਜਾਣਕਾਰੀ ਮੁਤਾਬਕ, ਇਟਿਆਠੋਕ ਥਾਣਾ ਖੇਤਰ ਦੇ ਅਧੀਨ ਇੱਕ ਬੋਲੇਰੋ ਗੱਡੀ, ਜੋ ਭਗਤਾਂ ਨਾਲ ਭਰੀ ਹੋਈ ਸੀ, ਅਚਾਨਕ ਕੰਟਰੋਲ ਤੋਂ ਬਾਹਰ ਹੋ ਕੇ ਨਹਿਰ ਵਿੱਚ ਡੁੱਬ ਗਈ। ਇਸ ਹਾਦਸੇ ਵਿੱਚ 11 ਲੋਕ ਮੌਕੇ ‘ਤੇ ਹੀ ਮਰੇ ਗਏ, ਜਦਕਿ ਬਾਕੀ 4 ਲੋਕ ਗੰਭੀਰ ਜ਼ਖਮੀ ਹੋ ਗਏ। ਸਾਰੇ ਜ਼ਖਮੀ ਵਿਅਕਤੀਆਂ ਨੂੰ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਜਾਣਕਾਰੀ ਅਨੁਸਾਰ, ਬੋਲੈਰੋ ਵਿੱਚ ਕੁੱਲ 15 ਲੋਕ ਸਵਾਰ ਸਨ, ਅਤੇ ਸਾਰੇ ਲੋਕ ਇੱਕ ਧਾਰਮਿਕ ਸਥਾਨ ਦੇ ਦਰਸ਼ਨ ਕਰਨ ਜਾ ਰਹੇ ਸਨ। ਇਹ ਹਾਦਸਾ ਉਦੋਂ ਵਾਪਰਿਆ ਜਦੋਂ ਵਾਹਨ ਅਚਾਨਕ ਸੰਤੁਲਨ ਗੁਆ ਬੈਠਾ ਅਤੇ ਨਹਿਰ ਵਿੱਚ ਡਿੱਗ ਗਿਆ। ਘਟਨਾ ਦੀ ਜਾਣਕਾਰੀ ਮਿਲਦੇ ਹੀ ਸਥਾਨਕ ਪੁਲਿਸ ਅਤੇ ਐਮਰਜੈਂਸੀ ਸੇਵਾਵਾਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ।
ਘਟਨਾ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਵਾਹਨ ਦੇ ਡਰਾਈਵਰ ਨੇ ਗੱਡੀ ਨੂੰ ਸੰਭਾਲਣ ਦੀ ਕੋਸ਼ਿਸ਼ ਕੀਤੀ ਸੀ, ਪਰ ਗੱਡੀ ਕੰਟਰੋਲ ਤੋਂ ਬਾਹਰ ਹੋਣ ਕਾਰਨ ਇੱਕ ਵੱਡਾ ਹਾਦਸਾ ਵਾਪਰ ਗਿਆ। ਫਿਲਹਾਲ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਵਿਸਥਾਰਤ ਜਾਂਚ ਕੀਤੀ ਜਾ ਰਹੀ ਹੈ।
ਉੱਤਰ ਪ੍ਰਦੇਸ਼ ਦੇ ਸੀਐਮ ਯੋਗੀ ਨੇ ਇਸ ਹਾਦਸੇ ‘ਤੇ ਕਿਹਾ ਕਿ, ਜ਼ਿਲ੍ਹਾ ਗੋਂਡਾ ਵਿੱਚ ਮੰਦਭਾਗੀ ਘਟਨਾ ਵਿੱਚ ਹੋਏ ਜਾਨੀ ਨੁਕਸਾਨ ਬਹੁਤ ਦੁਖਦਾਈ ਅਤੇ ਦਿਲ ਦਹਿਲਾਉਣ ਵਾਲਾ ਹੈ। ਮੇਰੀਆਂ ਸੰਵੇਦਨਾਵਾਂ ਦੁਖੀ ਪਰਿਵਾਰਾਂ ਨਾਲ ਹਨ। ਮੈਂ ਇਸ ਹਾਦਸੇ ਵਿੱਚ ਮ੍ਰਿਤਕਾਂ ਦੇ ਪਰਿਵਾਰਾਂ ਨੂੰ ₹05-05 ਲੱਖ ਦੀ ਵਿੱਤੀ ਸਹਾਇਤਾ ਪ੍ਰਦਾਨ ਕਰਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਲਿਜਾਣ ਅਤੇ ਉਨ੍ਹਾਂ ਦਾ ਸਹੀ ਇਲਾਜ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਮੇਰੀ ਭਗਵਾਨ ਸ਼੍ਰੀ ਰਾਮ ਅੱਗੇ ਪ੍ਰਾਰਥਨਾ ਹੈ ਕਿ ਮ੍ਰਿਤਕ ਆਤਮਾਵਾਂ ਨੂੰ ਸ਼ਾਂਤੀ ਅਤੇ ਸੋਗ ਵਿੱਚ ਡੁੱਬੇ ਪਰਿਵਾਰਾਂ ਨੂੰ ਇਸ ਅਥਾਹ ਦੁੱਖ ਨੂੰ ਸਹਿਣ ਕਰਨ ਦੀ ਸ਼ਕਤੀ ਅਤੇ ਜ਼ਖਮੀਆਂ ਨੂੰ ਜਲਦੀ ਸਿਹਤਯਾਬੀ ਪ੍ਰਦਾਨ ਕਰਨ।










