ਚੰਡੀਗੜ੍ਹ: ਪੰਜਾਬ ਦੇ ਕਈ ਇਲਾਕਿਆਂ ਵਿਚ ਤਾਪਮਾਨ 46 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ ਹੈ, ਜਿਸ ਨਾਲ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ। ਮੌਸਮ ਵਿਭਾਗ ਨੇ ਸੂਬੇ ਦੇ 8 ਜ਼ਿਲ੍ਹਿਆਂ ਵਿਚ ਹੀਟਵੇਵ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਹੀਟਵੇਵ ਦੇ ਨਾਲ-ਨਾਲ ਰਾਤ ਦਾ ਤਾਪਮਾਨ ਵੀ ਉੱਚਾ ਰਹਿਣ ਦੀ ਉਮੀਦ ਹੈ। ਹਾਲਾਂਕਿ ਰਾਹਤ ਦੀ ਗੱਲ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਮੌਸਮ ਵਿੱਚ ਬਦਲਾਅ ਦੇ ਸੰਕੇਤ ਮਿਲ ਰਹੇ ਹਨ। ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਕੁਝ ਹਿੱਸਿਆਂ ਵਿੱਚ ਗਰਜ-ਤੂਫ਼ਾਨ ਅਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ 46 ਡਿਗਰੀ ਤਾਪਮਾਨ ਦੇ ਨਾਲ ਬਠਿੰਡਾ ਸੂਬੇ ਦਾ ਸਭ ਤੋਂ ਗਰਮ ਸ਼ਹਿਰ ਰਿਹਾ, ਉੱਥੇ ਹੀ ਸਭ ਤੋਂ ਘੱਟ ਤਾਪਮਾਨ ਪਠਾਨਕੋਟ ਵਿਚ ਦਰਜ ਕੀਤਾ ਗਿਆ, ਜਿੱਥੇ ਘੱਟੋ-ਘੱਟ ਤਾਪਮਾਨ 28 ਡਿਗਰੀ ਰਿਹਾ। ਸ਼ਾਮ ਵੇਲੇ ਚੱਲੀਆਂ ਹਵਾਵਾਂ ਕਾਰਨ ਤਾਪਮਾਨ ਵਿਚ 1.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਵਿਭਾਗ ਮੁਤਾਬਕ ਆਉਣ ਵਾਲੇ 2 ਦਿਨ ਵੱਧ ਤੋਂ ਵੱਧ ਤਾਪਮਾਨ ਵਿਚ ਜ਼ਿਆਦਾ ਵਾਧਾ ਨਹੀਂ ਹੋਵੇਗਾ ਤੇ ਫ਼ਿਰ 2 ਤੋਂ 4 ਡਿਗਰੀ ਤਕ ਗਿਰਾਵਟ ਆਵੇਗੀ।
ਭਾਰਤੀ ਮੌਸਮ ਵਿਗਿਆਨ ਕੇਂਦਰ ਵੱਲੋਂ ਅੱਜ ਤਰਨ ਤਾਰਨ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਮੁਕਤਸਰ ਅਤੇ ਬਠਿੰਡਾ ਵਿਚ ਲੂ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਸੇ ਤਰ੍ਹਾਂ ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਮੋਗਾ, ਬਰਨਾਲਾ, ਸੰਗਰੂਰ, ਪਟਿਆਲਾ, ਐੱਸ.ਏ.ਐੱਸ.ਨਗਰ ਅਤੇ ਫ਼ਤਹਿਗੜ੍ਹ ਸਾਹਿਬ ਵਿਚ ਵੀ ਲੂ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।
ਦੂਜੇ ਪਾਸੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਪੂਰਾ ਹਫ਼ਤਾ ਮੀਂਹ-ਹਨੇਰੀ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਅੱਜ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਤੇ ਐੱਸ.ਏ.ਐੱਸ. ਨਗਰ, ਕੱਲ੍ਹ ਯਾਨੀ 15 ਜੂਨ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਰੂਪਨਗਰ, ਐੱਸ.ਏ.ਐੱਸ. ਨਗਰ, ਫ਼ਤਹਿਗੜ੍ਹ ਸਾਹਿਬ ਤੇ ਪਟਿਆਲਾ ਵਿਚ ਅਤੇ 16 ਜੂਨ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐੱਸ.ਏ.ਐੱਸ. ਨਗਰ, ਫ਼ਤਹਿਗੜ੍ਹ ਸਾਹਿਬ ਤੇ ਪਟਿਆਲਾ ਵਿਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਮੁਤਾਬਕ ਇਸ ਨਾਲ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿਚ 2 ਤੋਂ 4 ਡਿਗਰੀ ਤਕ ਗਿਰਾਵਟ ਆ ਸਕਦੀ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਜ਼ਰੂਰ ਮਿਲੇਗੀ।
