Home Punjab ਪੰਜਾਬ ਦੇ 52 ਵਾਰਡਾਂ ’ਚ ਅੱਜ ਮੁੜ ਪੈ ਰਹੀਆਂ ਵੋਟਾਂ

ਪੰਜਾਬ ਦੇ 52 ਵਾਰਡਾਂ ’ਚ ਅੱਜ ਮੁੜ ਪੈ ਰਹੀਆਂ ਵੋਟਾਂ

0

ਪੰਜਾਬ: ਸੂਬੇ ਵਿੱਚ ਅੱਜ ਤਿੰਨ ਸ਼ਹਿਰਾਂ ਦੀਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਲਈ ਵੋਟਿੰਗ ਹੋ ਰਹੀ ਹੈ। ਪਟਿਆਲਾ ਨਗਰ ਨਿਗਮ ਦੇ ਨਾਲ-ਨਾਲ ਮੋਗਾ ਜ਼ਿਲ੍ਹੇ ਦੀਆਂ ਬਾਘਾਪੁਰਾਣਾ ਅਤੇ ਧਰਮਕੋਟ ਨਗਰ ਕੌਂਸਲਾਂ ਦੇ ਵੱਖ-ਵੱਖ ਵਾਰਡਾਂ ਵਿੱਚ ਵੋਟਰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰ ਰਹੇ ਹਨ। ਵੋਟਿੰਗ ਸਵੇਰੇ 8 ਵਜੇ ਸ਼ੁਰੂ ਹੋਈ, ਜੋ ਸ਼ਾਮ 4 ਵਜੇ ਤੱਕ ਜਾਰੀ ਰਹੇਗੀ।

ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਤਿੰਨਾਂ ਨਗਰ ਸੰਸਥਾਵਾਂ ਦੇ ਕੁੱਲ 52 ਵਾਰਡਾਂ ਵਿੱਚ ਮੁੜ ਵੋਟਿੰਗ ਕਰਵਾਈ ਜਾ ਰਹੀ ਹੈ। ਇਨ੍ਹਾਂ ਚੋਣਾਂ ਲਈ ਕੁੱਲ 150 ਪੋਲਿੰਗ ਬੂਥ ਬਣਾਏ ਗਏ ਹਨ, ਜਿੱਥੇ ਲਗਭਗ 1.76 ਲੱਖ ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ।

ਵੋਟਰਾਂ ਵਿੱਚ 91,415 ਪੁਰਸ਼, 84,999 ਔਰਤਾਂ ਅਤੇ ਤੀਜੇ ਲਿੰਗ ਦੇ 15 ਵੋਟਰ ਸ਼ਾਮਲ ਹਨ। ਚੋਣਾਂ ਨੂੰ ਸ਼ਾਂਤੀਪੂਰਨ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੋਲਿੰਗ ਸਟੇਸ਼ਨਾਂ ’ਤੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।

ਪਟਿਆਲਾ ਦੇ 30 ਵਾਰਡਾਂ ਵਿੱਚ 123 ਪੋਲਿੰਗ ਬੂਥ

ਪਟਿਆਲਾ ਨਗਰ ਨਿਗਮ ਦੇ ਕੁੱਲ 30 ਵਾਰਡਾਂ ਵਿੱਚ ਅੱਜ ਮੁੜ ਵੋਟਿੰਗ ਹੋ ਰਹੀ ਹੈ। ਇਨ੍ਹਾਂ ਵਾਰਡਾਂ ਵਿੱਚ 1,49,768 ਵੋਟਰ ਹਨ, ਜਿਨ੍ਹਾਂ ਵਿੱਚ 77,419 ਪੁਰਸ਼, 72,338 ਔਰਤਾਂ ਅਤੇ 11 ਟਰਾਂਸਜੈਂਡਰ ਵੋਟਰ ਸ਼ਾਮਲ ਹਨ। ਚੋਣਾਂ ਲਈ 123 ਪੋਲਿੰਗ ਬੂਥ ਸਥਾਪਤ ਕੀਤੇ ਗਏ ਹਨ।

ਵੋਟਿੰਗ ਪ੍ਰਕਿਰਿਆ ਦੀ ਨਿਗਰਾਨੀ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਨਿਯੁਕਤ ਨਿਰੀਖਕ ਅਤੇ ਆਈਏਐੱਸ ਅਧਿਕਾਰੀ ਡਾ. ਸੇਨੂ ਦੁੱਗਲ ਵੱਲੋਂ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ 2024 ਦੀਆਂ ਨਗਰ ਨਿਗਮ ਚੋਣਾਂ ਤੋਂ ਬਾਅਦ ਭਾਜਪਾ ਵੱਲੋਂ ਚੋਣਾਂ ਵਿੱਚ ਧਾਂਦਲੀ ਦੇ ਦੋਸ਼ ਲਗਾਉਂਦਿਆਂ ਸੁਪਰੀਮ ਕੋਰਟ ਦਾ ਰੁਖ਼ ਕੀਤਾ ਗਿਆ ਸੀ। ਮਾਮਲੇ ਦੀ ਸੁਣਵਾਈ ਤੋਂ ਬਾਅਦ ਅਦਾਲਤ ਨੇ ਇਨ੍ਹਾਂ 30 ਵਾਰਡਾਂ ਵਿੱਚ ਮੁੜ ਚੋਣ ਕਰਵਾਉਣ ਦੇ ਹੁਕਮ ਦਿੱਤੇ ਸਨ।

ਬਾਘਾਪੁਰਾਣਾ ਦੇ ਸਾਰੇ 15 ਵਾਰਡਾਂ ਵਿੱਚ ਵੋਟਿੰਗ

ਮੋਗਾ ਜ਼ਿਲ੍ਹੇ ਦੀ ਬਾਘਾਪੁਰਾਣਾ ਨਗਰ ਕੌਂਸਲ ਦੇ ਸਾਰੇ 15 ਵਾਰਡਾਂ ਵਿੱਚ ਵੀ ਅੱਜ ਵੋਟਾਂ ਪੈ ਰਹੀਆਂ ਹਨ। ਇਸ ਲਈ ਕੁੱਲ 20 ਪੋਲਿੰਗ ਬੂਥ ਬਣਾਏ ਗਏ ਹਨ। ਇੱਥੇ ਸਭ ਤੋਂ ਵੱਧ 62 ਉਮੀਦਵਾਰ ਚੋਣ ਮੈਦਾਨ ਵਿੱਚ ਹਨ।

ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਦੱਸਿਆ ਕਿ ਚੋਣ ਪ੍ਰਕਿਰਿਆ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਿਰਪੱਖ ਅਤੇ ਸ਼ਾਂਤੀਪੂਰਨ ਵੋਟਿੰਗ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਵੋਟਰਾਂ ਨੂੰ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਨ ਦੀ ਅਪੀਲ ਵੀ ਕੀਤੀ।

ਧਰਮਕੋਟ ਦੇ 7 ਵਾਰਡਾਂ ਵਿੱਚ ਵੀ ਪੈ ਰਹੀਆਂ ਵੋਟਾਂ

ਧਰਮਕੋਟ ਨਗਰ ਕੌਂਸਲ ਦੇ ਸੱਤ ਵਾਰਡਾਂ ਵਿੱਚ ਅੱਜ ਵੋਟਿੰਗ ਹੋ ਰਹੀ ਹੈ। ਇਨ੍ਹਾਂ ਵਿੱਚ ਵਾਰਡ ਨੰਬਰ 1, 2, 3, 4, 7, 9 ਅਤੇ 13 ਸ਼ਾਮਲ ਹਨ। ਇਨ੍ਹਾਂ ਵਾਰਡਾਂ ਲਈ ਸੱਤ ਪੋਲਿੰਗ ਬੂਥ ਬਣਾਏ ਗਏ ਹਨ ਅਤੇ ਕੁੱਲ 30 ਉਮੀਦਵਾਰ ਚੋਣ ਲੜ ਰਹੇ ਹਨ।

ਬਾਘਾਪੁਰਾਣਾ ਅਤੇ ਧਰਮਕੋਟ ਨਗਰ ਕੌਂਸਲਾਂ ਨੂੰ ਮਿਲਾ ਕੇ ਕੁੱਲ 92 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਦੋਵਾਂ ਥਾਵਾਂ ’ਤੇ ਪ੍ਰਸ਼ਾਸਨ ਵੱਲੋਂ ਸੁਰੱਖਿਆ ਅਤੇ ਵੋਟਿੰਗ ਦੇ ਪ੍ਰਬੰਧ ਕੀਤੇ ਗਏ ਹਨ।

NO COMMENTS

LEAVE A REPLY

Please enter your comment!
Please enter your name here

Exit mobile version