ਪੰਜਾਬ : ਪੰਜਾਬ ਸਮੇਤ ਉੱਤਰੀ-ਪੱਛਮੀ ਭਾਰਤ ਵਿੱਚ ਮੌਸਮ ਇੱਕ ਵਾਰ ਫਿਰ ਬਦਲਣ ਵਾਲਾ ਹੈ। ਮੌਸਮ ਵਿਭਾਗ ਨੇ ਪੰਜਾਬ ਦੇ ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਰੂਪਨਗਰ ਜ਼ਿਲ੍ਹਿਆਂ ਵਿੱਚ ਅੱਜ , ਸ਼ਨੀਵਾਰ ਨੂੰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਨ੍ਹਾਂ ਇਲਾਕਿਆਂ ਵਿੱਚ ਸਵੇਰ ਤੋਂ ਹੀ ਬੱਦਲ ਛਾਏ ਹੋਏ ਹਨ।
ਵਿਭਾਗ ਅਨੁਸਾਰ, 13, 14 ਅਤੇ 15 ਸਤੰਬਰ ਨੂੰ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਖਾਸ ਤੌਰ ‘ਤੇ ਪੰਜਾਬ ਦੇ ਪਠਾਨਕੋਟ ਅਤੇ ਗੁਰਦਾਸਪੁਰ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਤੋਂ ਇਲਾਵਾ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਉਮੀਦ ਹੈ।
ਮੌਸਮ ਵਿਭਾਗ ਨੇ ਇਹ ਵੀ ਸੰਕੇਤ ਦਿੱਤਾ ਹੈ ਕਿ ਉੱਤਰੀ-ਪੱਛਮੀ ਭਾਰਤ ਦੇ ਹੋਰ ਹਿੱਸਿਆਂ ਵਿੱਚ ਵੀ ਕਿਤੇ-ਕਿਤੇ ਮੀਂਹ ਪੈ ਸਕਦਾ ਹੈ। ਇਸ ਦੌਰਾਨ ਕੁਝ ਥਾਵਾਂ ‘ਤੇ ਬਿਜਲੀ ਡਿੱਗਣ ਦੀ ਸੰਭਾਵਨਾ ਵੀ ਹੈ। ਵਿਭਾਗ ਦੀ ਚੇਤਾਵਨੀ ਦੇ ਮੱਦੇਨਜ਼ਰ, ਲੋਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਮੀਂਹ ਅਤੇ ਖਰਾਬ ਮੌਸਮ ਦੌਰਾਨ ਸਾਵਧਾਨੀ ਵਰਤਣ।









